ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਨਿੱਜੀਕਰਨ ਦਾ ਵਿਰੋਧ
ਕੁਲਦੀਪ ਸਿੰਘ
ਚੰਡੀਗੜ੍ਹ 10 ਨਵੰਬਰ
ਯੂਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਨੇ ਪ੍ਰਸ਼ਾਸਨ ਵੱਲੋਂ ਵਿਭਾਗ ਦੇ ਨਿੱਜੀਕਰਨ ਦੀ ਪ੍ਰਕਿਰਿਆ ਨੂੰ ਗ਼ਲਤ ਠਹਿਰਾਉਂਦਿਆਂ ਪ੍ਰਸ਼ਾਸਨ ਖਿਲਾਫ਼ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਹੈ।
ਇਸ ਸਬੰਧੀ ਯੂਨੀਅਨ ਦੀ ਮੀਟਿੰਗ ਵਿੱਚ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਨੇ ਕਿਹਾ ਕਿ ਸੰਘਰਸ਼ ਦੇ ਪਹਿਲੇ ਪੜਾਅ ਤਹਿਤ 11 ਨਵੰਬਰ ਤੋਂ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਅਤੇ ਮੁਜ਼ਾਹਰੇ ਕੀਤੇ ਜਾਣਗੇ। ਉਸ ਤੋਂ ਬਾਅਦ ਜਲਦ ਹੀ ਮੀਟਿੰਗ ਕਰ ਕੇ ਧਰਨਾ ਦਿੱਤਾ ਜਾਵੇਗਾ ਜਿਸ ਦੀ ਤਰੀਕ ਦਾ ਐਲਾਨ ਇੱਕ-ਦੋ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਧਰਨੇ ਵਿੱਚ ਯੂਟੀ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ, ਬਿਜਲੀ ਮੁਲਾਜ਼ਮ ਅਤੇ ਗੁਆਂਢੀ ਰਾਜਾਂ ਦੇ ਇੰਜਨੀਅਰ ਅਤੇ ਚੰਡੀਗੜ੍ਹ ਦੇ ਵੱਖ-ਵੱਖ ਅਦਾਰਿਆਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ ਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਨੂੰ ਵੀ ਸੱਦਾ ਦਿੱਤਾ ਜਾਵੇਗਾ। ਇਸੇ ਦਿਨ ਦੇਸ਼ ਭਰ ਦੇ ਬਿਜਲੀ ਮੁਲਾਜ਼ਮ ਅਤੇ ਇੰਜਨੀਅਰ ਵੀ ਆਪੋ-ਆਪਣੇ ਰਾਜਾਂ ਵਿੱਚ ਰੋਸ ਪ੍ਰਦਰਸ਼ਨ ਕਰਨਗੇ, ਜਿਸ ਸਬੰਧੀ ਬਿਜਲੀ ਮੁਲਾਜ਼ਮਾਂ ਅਤੇ ਇੰਜਨੀਅਰਾਂ ਦੀ ਕੌਮੀ ਤਾਲਮੇਲ ਕਮੇਟੀ ਨੇ ਵੀ ਫ਼ੈਸਲਾ ਲੈ ਲਿਆ ਹੈ।
ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ, ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਸਵਰਨ ਸਿੰਘ ਆਦਿ ਨੇ ਦੋਸ਼ ਲਾਇਆ ਕਿ ਚੰਡੀਗੜ੍ਹ ਪ੍ਰਸ਼ਾਸਨ ਸਾਲ-2020 ਵਾਲੀ ਗ਼ਲਤੀ ਨੂੰ ਦੁਹਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਤਬਾਦਲਾ ਨੀਤੀ ਬਣਾਉਣ, ਇਸ ਸਬੰਧੀ ਮੁਲਾਜ਼ਮਾਂ ਦੇ ਇਤਰਾਜ਼ ਲੈਣ ਅਤੇ ਕੰਪਨੀ ਨਾਲ ਸਮਝੌਤੇ ਤੋਂ ਪਹਿਲਾਂ ਹੀ ਐੱਲਓਆਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਦੋਂਕਿ ਯੂਨੀਅਨ ਦੀ ਮੀਟਿੰਗ ’ਚ ਪ੍ਰਸ਼ਾਸਕ ਦੇ ਸਾਬਕਾ ਸਲਾਹਕਾਰ ਨੇ ਮੰਨਿਆ ਸੀ ਕਿ ਅਧਿਕਾਰੀਆਂ ਤੋਂ ਗ਼ਲਤੀ ਹੋਈ ਹੈ ਅਤੇ ਇਸ ਨੂੰ ਸੁਧਾਰਿਆ ਜਾਵੇਗਾ।