ਚੰਡੀਗੜ੍ਹ ਬਿਜਲੀ ਬੋਰਡ ਦੇ ਨਿੱਜੀਕਰਨ ਦਾ ਵਿਰੋਧ
ਖੇਤਰੀ ਪ੍ਰਤੀਨਿਧ
ਬਰਨਾਲਾ, 4 ਫਰਵਰੀ
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਿਹਾਤੀ ਅਤੇ ਸ਼ਹਿਰੀ ਮੰਡਲ ਦੇ ਸਰਗਰਮ ਆਗੂਆਂ ਦੀ ਮੀਟਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਥਾਨਕ ਧਨੌਲਾ ਰੋਡ ਮੁੱਖ ਦਫ਼ਤਰ ਵਿਖੇ ਸ਼ਿੰਦਰ ਧੌਲਾ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਚੰਡੀਗੜ੍ਹ ਬਿਜਲੀ ਬੋਰਡ ਨੂੰ ਭੰਗ ਕਰਕੇ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਕੇਂਦਰ ਸਰਕਾਰ ਦੇ ਇਸ ਲੋਕ-ਮੁਲਾਜ਼ਮ ਵਿਰੋਧੀ ਫੈਸਲੇ ਖ਼ਿਲਾਫ਼ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਵਿਰੋਧ ਦਰਜ ਕਰਵਾਇਆ। ਆਗੂ ਰੂਪ ਚੰਦ ਤਪਾ, ਗੁਰਚਰਨ ਸਿੰਘ, ਹਰਨੇਕ ਸਿੰਘ ਸੰਘੇੜਾ, ਨਰਾਇਣ ਦੱਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਸੰਸਾਰੀਕਰਨ, ਨਿੱਜੀਕਰਨ, ਉਦਾਰੀਕਰਨ ਦੀ ਨੀਤੀ ਤਹਿਤ ਬਿਜਲੀ ਬੋਰਡ ਸਮੇਤ ਹੋਰ ਜਨਤਕ ਖੇਤਰ ਦੇ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਜਿਸ ਦਾ ਸਿੱਧਾ ਅਸਰ ਲੋਕਾਂ ਉੱਪਰ ਮਹਿੰਗੀ ਬਿਜਲੀ, ਮੁਲਾਜ਼ਮਾਂ ਦੀ ਛਾਂਟੀ ਅਤੇ ਪੈਨਸ਼ਨਰਜ਼ ਦੇ ਜ਼ਿੰਦਗੀ ਗੁਜ਼ਾਰ ਪੈਨਸ਼ਨ ਬੰਦ ਹੋਣ ਵੱਲ ਵਧੇਗਾ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਸਮਾ ਰਾਹੀਂ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਦੀ ਵੀ ਨਿਖੇਧੀ ਕੀਤੀ। ਆਗੂਆਂ ਚੰਡੀਗੜ੍ਹ ਬਿਜਲੀ ਬੋਰਡ ਦੇ ਕਾਮਿਆਂ ਦੇ ਹੱਕੀ ਸੰਘਰਸ਼ ਦੀ ਹਮਾਇਤ ਕਰਨ ਦਾ ਵੀ ਐਲਾਨ ਕੀਤਾ। ਪੰਜਾਬ ਸਰਕਾਰ ਦੀ ਲੋਕ-ਮੁਲਾਜਮ- ਪੈਨਸ਼ਨਰਜ਼ ਵਿਰੋਧੀ ਨੀਤੀ ਖਿਲਾਫ਼ 7 ਫਰਵਰੀ ਡੀਸੀ ਬਰਨਾਲਾ ਦਫ਼ਤਰ ਅੱਗੇ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ। ਅਗਲੇਰੀ ਵਿਊਂਤਬੰਦੀ ਦਸਦਿਆਂ ਕਿਹਾ ਕਿ ਪੰਜਾਬ ਗੌਰਮਿੰਟ ਅਤੇ ਪਾਵਰਕੌਮ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੱਦੇ ਤਹਿਤ 11 ਫਰਵਰੀ ਨੂੰ 11 ਮੈਂਬਰ 11 ਵਜੇ ਤੋਂ 5 ਵਜੇ ਤੱਕ ਭੁੱਖ ਹੜਤਾਲ ਤੇ ਬੈਠਣਗੇ। 10 ਅਤੇ 12 ਫਰਵਰੀ ਨੂੰ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਹਲਕਾ ਵਿਧਾਇਕਾਂ ਨੂੰ ਵੱਡੇ ਵਫ਼ਦਾਂ ਰਾਹੀਂ ਮੰਗ ਪੱਤਰ ਦਿੱਤੇ ਜਾਣਗੇ।