ਚੰਡੀਗੜ੍ਹ ਕਾਂਗਰਸ ਵੱਲੋਂ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਵਿਰੋਧ
ਆਤਿਸ਼ ਗੁਪਤਾ
ਚੰਡੀਗੜ੍ਹ, 25 ਨਵੰਬਰ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਦੇ ਨਿੱਜੀਕਰਨ ਕੀਤੇ ਜਾਣ ਦਾ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਲੱਕੀ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਬਿਜਲੀ ਵਿਭਾਗ ਨੂੰ ਇਕ ਪ੍ਰਾਈਵੇਟ ਕੰਪਨੀ ਦੇ ਹਵਾਲੇ ਕਰਨ ਦੇ ਫ਼ੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸੇ ਮਾਮਲੇ ’ਤੇ ਅੱਜ ਯੂਟੀ ਪਾਵਰਮੈਨ ਯੂਨੀਅਨ ਦੇ ਵਫ਼ਦ ਨੇ ਵੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨਾਲ ਮੁਲਾਕਾਤ ਕੀਤੀ ਅਤੇ ਉਕਤ ਮਾਮਲੇ ਸਬੰਧੀ ਜਾਣੂੰ ਕਰਵਾਇਆ। ਸ੍ਰੀ ਲੱਕੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਚੰਡੀਗੜ੍ਹ ਦੇ ਲੋਕਾਂ ਤੇ ਮੁਲਾਜ਼ਮਾਂ ਦੇ ਹੱਕ ਲਈ ਖੜ੍ਹੀ ਹੈ, ਜੋ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੇਗੀ।
ਲੱਕੀ ਨੇ ਕਿਹਾ ਕਿ ਚੰਡੀਗੜ੍ਹ ਦਾ ਬਿਜਲੀ ਵਿਭਾਗ ਪਿਛਲੇ ਕਈ ਸਾਲਾਂ ਤੋਂ ਲਾਭ ਵਿੱਚ ਚੱਲ ਰਿਹਾ ਹੈ ਅਤੇ ਲੋਕਾਂ ਨੂੰ ਵਧੀਆਂ ਸੇਵਾਵਾਂ ਦੇ ਰਿਹਾ ਹੈ। ਇਸ ਦੇ ਬਾਵਜੂਦ ਬਿਜਲੀ ਵਿਭਾਗ ਦਾ ਨਿੱਜੀਕਰਨ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਵਿਭਾਗ ਦੇ ਨਿੱਜੀਕਰਨ ਲਈ ਵੀ ਗ਼ਲਤ ਰਾਹ ਅਖ਼ਤਿਆਰ ਕੀਤਾ ਹੈ, ਜਿਨ੍ਹਾਂ ਨੇ ਆਨਲਾਈਨ ਟੈਂਡਰ ਦੀ ਮੰਗ ਕਰਨ ਦੀ ਥਾਂ ਆਫ਼ ਲਾਈਨ ਟੈਂਡਲ ਮੰਗੇ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ 10 ਲੱਖ ਰੁਪਏ ਤੋਂ ਵੱਧ ਰਕਮ ਦੇ ਟੈਂਡਰ ਆਨਲਾਈਨ ਹੀ ਬੁਲਾਏ ਜਾਣੇ ਚਾਹੀਦੇ ਹਨ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਬਿਜਲੀ ਦੀਆਂ ਦਰਾਂ ਦੇਸ਼ ਵਿੱਚ ਸਭ ਤੋਂ ਘੱਟ ਹਨ। ਇਸ ਸਮੇਂ ਚੰਡੀਗੜ੍ਹ ਵਿੱਚ ਘਰੇਲੂ ਬਿਜਲੀ ਦੀਆਂ ਦਰਾਂ 300 ਯੂਨਿਟ ਤੱਕ 2.75 ਰੁਪਏ ਪ੍ਰਤੀ ਯੂਨਿਟ ਹੈ। ਜੇ ਚੰਡੀਗੜ੍ਹ ਦਾ ਬਿਜਲੀ ਵਿਭਾਗ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ ਜਾਂਦਾ ਹੈ ਤਾਂ ਉਸ ਵੱਲੋਂ ਮੁਨਾਫ਼ੇ ਦੇ ਚੱਕਰ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਚੰਡੀਗੜ੍ਹ ਦੇ ਲੋਕਾਂ ’ਤੇ ਵਾਧੂ ਦਾ ਨਵਾਂ ਬੋਝ ਪੈ ਸਕਦਾ ਹੈ। ਉਨ੍ਹਾਂ ਨੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਦੇ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਨਾ ਦਿੱਤਾ ਜਾਵੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਜੇ ਯੂਟੀ ਪ੍ਰਸ਼ਾਸਨ ਨੇ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਦਿੱਤਾ ਤਾਂ ਕਾਂਗਰਸ ਪਾਰਟੀ ਵੱਲੋਂ ਪ੍ਰਸ਼ਾਸਨ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।