ਮੋਰਚੇ ਚੁੱਕਣ ਦਾ ਵਿਰੋਧ: ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ
ਪੱਤਰ ਪ੍ਰੇਰਕ
ਗੋਨਿਆਣਾ ਮੰਡੀ, 23 ਮਾਰਚ
ਖਨੌਰੀ ਅਤੇ ਸ਼ੰਭੂ ਬਾਰਡਰਾਂ ਤੋਂ ਕਿਸਾਨਾਂ ਦੇ ਮੋਰਚੇ ਜਬਰੀ ਚੁੱਕਣ ਖ਼ਿਲਾਫ਼ ਕਿਸਾਨਾਂ ਵਿੱੱਚ ਰੋਹ ਭਖ਼ਦਾ ਜਾ ਰਿਹਾ ਹੈ। ਇਸੇ ਤਹਿਤ ਅੱਜ ਪਿੰਡ ਮਹਿਮਾ ਸਰਜਾ, ਕੋਠੇ ਨਾਥੀਆਣਾ, ਕੋਠੇ ਲੱਖੀ ਜੰਗਲ ਆਦਿ ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਜਨਰਲ ਸਕੱਤਰ ਗੁਰਦੀਪ ਸਿੰਘ ਮਹਿਮਾ ਸਰਜਾ ਨੇ ਕਿਹਾ ਕਿ ਭਾਰਤ ਵਿੱਚ ਹਰ ਵਿਅਕਤੀ ਨੂੰ ਆਪਣੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਹੈ ਪਰ ਪੰਜਾਬ ਸਰਕਾਰ ਹੱਕਾਂ ਦੀ ਘਾਣ ਕਰ ਰਹੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਚੁਣੀਆਂ ਹੋਈਆਂ ਸਰਕਾਰਾਂ ਨੂੰ ਲੋਕਾਂ ਉੱਤੇ ਜ਼ੁਲਮ ਕਰਨ ਦਾ ਕੋਈ ਹੱਕ ਨਹੀਂ ਹੈ, ਸਗੋਂ ਲੋਕਾਂ ਨੂੰ ਇਨਸਾਫ਼ ਦੇਣ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕੇ ਜੇ ਸਰਕਾਰਾਂ ਹੀ ਲੋਕਾਂ ਉੱਤੇ ਇਸ ਤਰ੍ਹਾਂ ਜ਼ੁਲਮ ਢਾਹੁਣਗੀਆਂ ਤਾਂ ਦੇਸ਼ ਵਿੱਚ ਕਾਨੂੰਨ ਅਤੇ ਨਿਆਂ ਪ੍ਰਣਾਲੀ ਦੀ ਕੀ ਇਜ਼ਤ ਰਹਿ ਜਾਵੇਗੀ।
ਫ਼ਤਹਿਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵੱਲੋਂ ਅੱਜ ਇੱਥੇ ਧਰਮਕੋਟ ਚੌਕ ਵਿਚ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਅਤੇ ਰੋਹ ਭਰਪੂਰ ਮੁਜ਼ਾਹਰਾ ਕੀਤਾ। ਜ਼ੋਨ ਪ੍ਰਧਾਨ ਹਰਬੰਸ ਸਿੰਘ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਨਾਲ ਮਿਲ ਕੇ ਬਾਡਰਾਂ ਉੱਤੇ 19 ਮਹੀਨਿਆਂ ਤੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲੀਸ ਡੰਡੇ ਨਾਲ ਉਠਾਉਣਾ ਕਿਸੇ ਵੀ ਤਰੀਕੇ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਸੂਬਾ ਸਰਕਾਰ ਨੇ ਅਜਿਹਾ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ।