For the best experience, open
https://m.punjabitribuneonline.com
on your mobile browser.
Advertisement

ਸ਼ਿਵਰਾਜ ਚੌਹਾਨ ਨੂੰ ਖੇਤੀਬਾੜੀ ਮੰਤਰੀ ਬਣਾਏ ਜਾਣ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਰੋਧ

08:53 AM Jun 13, 2024 IST
ਸ਼ਿਵਰਾਜ ਚੌਹਾਨ ਨੂੰ ਖੇਤੀਬਾੜੀ ਮੰਤਰੀ ਬਣਾਏ ਜਾਣ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਰੋਧ
Advertisement

ਨਵੀਂ ਦਿੱਲੀ, 12 ਜੂਨ
ਸੰਯੁਕਤ ਕਿਸਾਨ ਮੋਰਚਾ ਨੇ (ਐੱਸਕੇਐੱਮ) ਐੱਨਡੀਏ ਸਰਕਾਰ ਵੱਲੋਂ ਸ਼ਿਵਰਾਜ ਸਿੰਘ ਚੌਹਾਨ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਦਿੱਤੇ ਜਾਣ ਦੇ ਫ਼ੈਸਲੇ ਦਾ ਅੱਜ ਵਿਰੋਧ ਕੀਤਾ ਹੈ। ਇਸ ਦੌਰਾਨ ਐੱਸਕੇਐੱਮ ਨੇ ਜੂਨ 2017 ਵਿੱਚ ਮੱਧ ਪ੍ਰਦੇਸ਼ ਦੇ ਮੰਦਸੌਰ ’ਚ ਛੇ ਕਿਸਾਨਾਂ ਦੀ ਹੱਤਿਆ ਲਈ ਵੀ ਚੌਹਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਜਾਰੀ ਬਿਆਨ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਜਦੋਂ ਕਿਸਾਨ ਸਵਾਮੀਨਾਥਨ ਕਮਿਸ਼ਨ ਵੱਲੋਂ ਦਿੱਤੇ ਫਾਰਮੂਲੇ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਣ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਤੋਂ ਇਲਾਵਾ ਕਿਸਾਨ ਦੀਆਂ ਖ਼ੁਦਕੁਸ਼ੀਆਂ ਦੇ ਵਧਦੇ ਰੁਝਾਨ ਖ਼ਿਲਾਫ਼ ਵੱਡੇ ਪੱਧਰ ’ਤੇ ਅੰਦੋਲਨ ਕਰ ਰਹੇ ਸਨ ਤਾਂ ਪ੍ਰਦਰਸ਼ਨਕਾਰੀਆਂ ਦੀ ‘ਹੱਤਿਆ’ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ 13 ਜੂਨ ਨੂੰ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਅਤੇ ਭਾਜਪਾ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਕੇਸ ਵਿੱਚ ਗਲਤ ਤਰੀਕੇ ਨਾਲ ਫਸਾਏ ਗਏ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਜਾਰੀ ਰੱਖਣੀ ਯਕੀਨੀ ਬਣਾਏਗਾ।
ਸੰਯੁਕਤ ਕਿਸਾਨ ਮੋਰਚਾ ਨੇ ਦੱਸਿਆ ਕਿ ਨਵੀਂ ਦਿੱਲੀ ਵਿੱਚ 10 ਜੁਲਾਈ ਨੂੰ ਜਨਰਲ ਬਾਡੀ ਦੀ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਦੇਸ਼ ਭਰ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਲੈਣਗੇ। ਐੱਸਕੇਐੱਮ ਨੇ ਕਿਹਾ, ‘‘ਸ਼ਿਵਰਾਜ ਸਿੰਘ ਚੌਹਾਨ ਨੂੰ ਕਿਸਾਨ ਭਲਾਈ ਮੰਤਰੀ ਬਣਾਉਣ ਦਾ ਫ਼ੈਸਲਾ 2014 ਅਤੇ 2019 ਵਿੱਚ ਭਾਜਪਾ ਦੀ ਪੂਰਨ ਬਹੁਮਤ ਵਾਲੀਆਂ ਪਿਛਲੀਆਂ ਸਰਕਾਰਾਂ ਵੱਲੋਂ ਦਰਸਾਏ ਗਏ ਹੰਕਾਰ ਅਤੇ ਅਸੰਵੇਦਨਸ਼ੀਲਤਾ ਦਾ ਪ੍ਰਤੀਕ ਹੈ। ਇਸ ਫੈਸਲੇ ਨੇ ਪੂਰੇ ਦੇਸ਼ ਵਿੱਚ ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਵਿੱਚ ਰੋਸ ਪੈਦਾ ਕਰ ਦਿੱਤਾ ਹੈ।’’
ਜੂਨ 2017 ਵਿੱਚ ਮੱਧ ਪ੍ਰਦੇਸ਼ ਦੇ ਮੰਦਸੌਰ ’ਚ ਪੁਲੀਸ ਮੁਲਾਜ਼ਮਾਂ ਅਤੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਜਵਾਨਾਂ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਕਾਰਨ ਛੇ ਕਿਸਾਨਾਂ ਦੀ ਮੌਤ ਹੋ ਗਈ ਸੀ। ਹੁਣ ਰੱਦ ਕੀਤੇ ਜਾ ਚੁੱਕੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਐੱਨਡੀਏ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਗੰਭੀਰ ਖੇਤੀ ਸੰਕਟ ਅਤੇ ਕਿਸਾਨ ਖੁਦਕੁਸ਼ੀਆਂ ਜਾਂ ਐੱਮਐੱਸਪੀ ਬਾਰੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਬਾਰੇ ਕੋਈ ਫੈਸਲਾ ਨਹੀਂ ਲਿਆ।
ਐੱਸਕੇਐੱਮ ਨੇ ਕਿਹਾ, “ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਦਾ ਬਕਾਇਆ 20,000 ਕਰੋੜ ਰੁਪਏ ਜਾਰੀ ਕਰਨ ਦੇ ਨਾਂ ’ਤੇ ਪਾਇਆ ਜਾ ਰਿਹਾ ਰੌਲਾ ਕਿਸਾਨਾਂ ਨੂੰ ਸੰਤੁਸ਼ਟ ਨਹੀਂ ਕਰੇਗਾ। ਇਹ ਐੱਮਐੱਸਪੀ ਨਾ ਦੇਣ ਦੀ ਸਰਕਾਰ ਦੀ ਨੀਅਤ ਅਤੇ ਕਾਰਪੋਰੇਟਾਂ ਵੱਲੋਂ ਖੇਤਬਾੜੀ ਸੈਕਟਰ ਨੂੰ ਆਪਣੇ ਹੱਥਾਂ ’ਚ ਲੈਣ ’ਤੇ ਪਰਦਾ ਪਾਉਣ ਬਰਾਬਰ ਹੈ।’’ ਉਨ੍ਹਾਂ ਕਿਹਾ ਕਿ 10 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ। ਅਦਾਕਾਰਾ ਅਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀਆਈਐੱਸਐੱਫ ਦੀ ਮਹਿਲਾ ਮੁਲਾਜ਼ਮ ਵੱਲੋਂ ਥੱਪੜ ਮਾਰੇ ਜਾਣ ਦੀ ਘਟਨਾ ਬਾਰੇ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ, ‘‘ਐੱਸਕੇਐੱਮ ਇਸ ਨੂੰ ਜਾਇਜ਼ ਨਹੀਂ ਠਹਿਰਾਉਂਦਾ।’’ -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×