ਮਾਲੀ ਨੂੰ ਗ੍ਰਿਫ਼ਤਾਰ ਕਰਨ ਦਾ ਵਿਰੋਧ
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ/ਮਾਨਸਾ, 17 ਸਤੰਬਰ
ਲੋਕ ਸੰਗਰਾਮ ਮੋਰਚੇ ਨੇ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ। ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ ਅਤੇ ਪ੍ਰਚਾਰ/ਪ੍ਰੈੱਸ ਸਕੱਤਰ ਲੋਕ ਰਾਜ ਮਹਿਰਾਜ ਨੇ ਕਿਹਾ ਕਿ ਮਾਨ ਅਤੇ ਮੋਦੀ ਸਰਕਾਰਾਂ ’ਚ ਕੋਈ ਅੰਤਰ ਨਹੀਂ, ਦੋਵੇਂ ਹੀ ਵਿਰੋਧੀ ਆਵਾਜ਼ਾਂ ਨੂੰ ਜਬਰ ਰਾਹੀਂ ਬੰਦ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਲੋਕਾਂ ਨੂੰ ਭਗਵੰਤ ਮਾਨ ਦੀ ਆਪਣੇ ਵਿਰੋਧੀਆਂ ਆਲੋਚਕਾਂ ਅਤੇ ਸੰਘਰਸ਼ਸ਼ੀਲ ਲੋਕਾਂ ਦੀ ਇਸ ਜ਼ੁਬਾਨਬੰਦੀ ਵਿਰੁੱਧ ਤਿੱਖੇ ਸੰਘਰਸ਼ਾਂ ਦੇ ਰਾਹ ਪੈਣ ਦੀ ਲੋੜ ਹੈ। ਇਸੇ ਦੌਰਾਨ ਸੀਪੀਆਈ (ਐਮ.ਐਲ) ਲਿਬਰੇਸ਼ਨ ਨੇ ਮਾਲਵਿੰਦਰ ਸਿੰਘ ਮਾਲੀ ਨੂੰ ਮੁਹਾਲੀ ਪੁਲੀਸ ਵੱਲੋਂ ਆਈਟੀ ਐਕਟ ਤਹਿਤ ਗ੍ਰਿਫਤਾਰ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਤੇ ਕਾਰਗੁਜ਼ਾਰੀ ਅਕਸਰ ਮਾਲੀ ਦੀਆਂ ਤਿੱਖੀਆਂ ਟਿੱਪਣੀਆਂ ਦਾ ਖਾਸ ਨਿਸ਼ਾਨਾ ਬਣਦੀ ਹੈ, ਜਿਸ ਕਰਕੇ ਜ਼ਾਹਿਰ ਹੈ ਕਿ ਉਸ ਖਿਲਾਫ ਇਹ ਕੇਸ ਕਿਸੇ ਵਿਅਕਤੀ ਦੀ ਆੜ ਵਿੱਚ, ਸਿੱਧਾ ਭਗਵੰਤ ਮਾਨ ਸਰਕਾਰ ਦੀ ਹਦਾਇਤ ਉਤੇ ਹੀ ਦਰਜ ਹੋਇਆ ਹੈ।
ਬਰਨਾਲਾ (ਖੇਤਰੀ ਪ੍ਰਤੀਨਿਧ): ਇਨਕਲਾਬੀ ਕੇਂਦਰ ਪੰਜਾਬ ਨੇ ਸਿਆਸੀ ਚਿੰਤਕ ਮਾਲਵਿੰਦਰ ਸਿੰਘ ਮਾਲੀ ਦੀ ਪੰਜਾਬ ਪੁਲੀਸ ਵੱਲੋਂ ਕੀਤੀ ਗ੍ਰਿਫ਼ਤਾਰੀ ਦੀ ਤਿੱਖੀ ਨਿੰਦਾ ਕੀਤੀ ਹੈ। ਕੇਂਦਰ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਤੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਮਾਲਵਿੰਦਰ ਮਾਲੀ ਦੀ ਕਥਿਤ ਸਰਕਾਰੀ ਸ਼ਹਿ ’ਤੇ ਹੋਈ ਗ੍ਰਿਫ਼ਤਾਰੀ ਨੂੰ ਕਿਸੇ ਵੀ ਤਰੀਕੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।