ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਲਈ ਥਾਂਂ ਦੇਣ ਦੇ ਪ੍ਰਸਤਾਵ ਦਾ ਵਿਰੋਧ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਨਵੰਬਰ
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਥਾਂ ਦੇਣ ਦੇ ਪ੍ਰਸਤਾਵ ਦਾ ਖੱਬੇ ਪੱਖੀ ਪਾਰਟੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਅੱਜ ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ), ਭਾਰਤੀ ਕਮਿਊਨਿਸਟ ਪਾਰਟੀ (ਐਮਐਲ) ਲਿਬਰੇਸ਼ਨ ਅਤੇ ਮਾਰਕਸਵਾਦੀ ਅਤੇ ਭਾਰਤੀ ਕਮਿਊਨਿਸਟ ਪਾਰਟੀ ਯੂਨਾਈਟਿਡ (ਐਮਸੀਪੀਆਈ-ਯੂ) ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ ਕਿ ਚੰਡੀਗੜ੍ਹ ’ਚ ਹਰਿਆਣਾ ਪ੍ਰਾਂਤ ਦੀ ਵਿਧਾਨ ਸਭਾ ਬਣਾਉਣ ਲਈ ਥਾਂ ਤੇ ਪੈਸਾ ਨਾ ਦਿੱਤਾ ਜਾਵੇ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਬੈਨੀਪਾਲ ਅਤੇ ਸੂਬਾ ਆਗੂ ਜਗਦੀਸ਼ ਚੰਦ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬਦਨੀਤੀ ਤਹਿਤ ਹਰਿਆਣਾ ਲਈ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ ’ਚ ਹਰਿਆਣਾ ਦੀ ਵਿਧਾਨ ਸਭਾ ਲਈ ਜ਼ਮੀਨ ਤੇ ਪੈਸਾ ਮੁਹੱਈਆ ਕਰਵਾਉਣ ਦੇ ਪ੍ਰਸਤਾਵ ਨੂੰ ਪੂਰਾ ਨਹੀਂ ਹੋਣ ਦੇਣਗੇ। ਇਸ ਮੌਕੇ ਆਰਐਮਪੀਆਈ ਦੇ ਸੂਬਾਈ ਆਗੂ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਪੂਰਾ ਕਰਨ ਵਿੱਚ ਕੇਂਦਰ ਸਰਕਾਰ ਫੇਲ੍ਹ ਸਾਬਤ ਹੋਈ ਹੈ।