ਦਸ ਨਵਜੰਮੇ ਬੱਚਿਆਂ ਦੀ ਮੌਤ ਦੇ ਮਾਮਲੇ ਦੀ ਜਾਂਚ ਦੇ ਹੁਕਮ
ਲਖਨਊ/ਝਾਂਸੀ, 16 ਨਵੰਬਰ
ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਵਿਚਲੇ ਮੈਡੀਕਲ ਕਾਲਜ ਦੇ ਬੱਚਿਆਂ ਦੇ ਵਾਰਡ ’ਚ ਲੰਘੀ ਰਾਤ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋਣ ਮਗਰੋਂ ਅੱਜ ਸੂਬਾ ਸਰਕਾਰ ਨੇ ਘਟਨਾ ਦੀ ਤਿੰਨ ਪਰਤੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਮਾਪਿਆਂ ਲਈ ਪੰਜ-ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਲਈ 2-2 ਲੱਖ ਰੁਪਏ ਦਾ ਮੁਆਵਜ਼ਾ ਵੀ ਐਲਾਨਿਆ ਹੈ। ਇਸੇ ਦੌਰਾਨ ਸੂਬੇ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਉਹ ਮੀਡੀਆ ਰਿਪੋਰਟਾਂ ਖਾਰਜ ਕਰ ਦਿੱਤੀਆਂ, ਜਿਨ੍ਹਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਝਾਂਸੀ ਮੈਡੀਕਲ ਕਾਲਜ ’ਚ ਮਿਆਦ ਪੁਗਾ ਚੁੱਕੇ ਅੱਗ ਬੁਝਾਊ ਯੰਤਰ ਲੱਗੇ ਹੋਏ ਹਨ।
ਝਾਂਸੀ ਦੇ ਜ਼ਿਲ੍ਹਾ ਮੈਜਿਸਟਰੇਟ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਮਹਾਰਾਣੀ ਲਕਸ਼ਮੀ ਬਾਈ ਮੈਡੀਕਲ ਕਾਲਜ ’ਚ ਨਵਜੰਮੇ ਬੱਚਿਆਂ ਦੇ ਆਈਸੀਯੂ ’ਚ ਲੰਘੀ ਰਾਤ ਤਕਰੀਬਨ 11.45 ਵਜੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗਣ ਦਾ ਖਦਸ਼ਾ ਹੈ। ਇਸ ਘਟਨਾ ’ਚ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 16 ਬੱਚੇ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਜਦਕਿ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਝਾਂਸੀ ਦੇ ਡਿਵੀਜ਼ਨਲ ਕਮਿਸ਼ਨਰ ਤੇ ਪੁਲੀਸ ਦੇ ਡੀਆਈਜੀ ਨੂੰ 12 ਘੰਟਿਆਂ ਅੰਦਰ ਘਟਨਾ ਦੀ ਜਾਂਚ ਰਿਪੋਰਟ ਦੇਣ ਲਈ ਕਿਹਾ ਹੈ। -ਪੀਟੀਆਈ
ਕਾਂਗਰਸ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ
ਨਵੀਂ ਦਿੱਲੀ: ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਘਟਨਾ ’ਤੇ ਦੁੱਖ ਜ਼ਾਹਿਰ ਕਰਦਿਆਂ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਉੱਤਰ ਪ੍ਰਦੇਸ਼ ’ਚ ਇੱਕ ਤੋਂ ਬਾਅਦ ਇੱਕ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਸਰਕਾਰ ਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ’ਤੇ ਸਵਾਲ ਚੁਕਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਜ਼ਖ਼ਮੀ ਬੱਚਿਆਂ ਦਾ ਇਲਾਜ ਕਰਾਇਆ ਜਾਵੇ ਅਤੇ ਘਟਨਾ ਦੀ ਜਾਂਚ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਹੋਵੇ ਤੇ ਜੋ ਵੀ ਦੋਸ਼ੀ ਹੋਵੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਪੀਟੀਆਈ