For the best experience, open
https://m.punjabitribuneonline.com
on your mobile browser.
Advertisement

ਜਲੰਧਰ ਜ਼ਿਮਨੀ ਚੋਣ ਦੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ

07:07 AM Jul 06, 2024 IST
ਜਲੰਧਰ ਜ਼ਿਮਨੀ ਚੋਣ ਦੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਜੁਲਾਈ
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ 10 ਜੁਲਾਈ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਡਿਪਟੀ ਕਮਿਸ਼ਨਰ, ਪੁਲੀਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਮੀਟਿੰਗ ਕੀਤੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਾਕੇ ਲਾਉਣ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੀਆਂ ਹਦਾਇਤਾਂ ਕੀਤੀਆਂ। ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਸ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੋਟਿੰਗ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ ਦੇ ਹਲਕੇ ਵਿੱਚ ਦਾਖਲੇ ’ਤੇ ਪਾਬੰਦੀ ਲਾਈ ਜਾਵੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਦਾ ਸਮੇਂ ’ਤੇ ਨਿਬੇੜਾ ਕੀਤਾ ਜਾਵੇ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ ’ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ 11 ਮਾਡਲ ਬੂਥ ਬਣਾਏ ਜਾਣਗੇ। ਇਸ ਤੋਂ ਇਲਾਵਾ ਮਿੰਟਗੁਮਰੀ ਗੁਰੂ ਨਾਨਕ ਪਬਲਿਕ ਸਕੂਲ ਅਤੇ ਆਦਰਸ਼ ਨਗਰ ਵਿਚਲੇ ਪਿੰਕ ਪੋਲਿੰਗ ਬੂਥਾਂ ਦਾ ਪੂਰਾ ਪ੍ਰਬੰਧ ਮਹਿਲਾਵਾਂ ਵੱਲੋਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਜਾਣਕਾਰੀ ਅਨੁਸਾਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 72 ਹਜ਼ਾਰ ਹੈ। ਇਸ ਵਿੱਚ 82 ਹਜ਼ਾਰ 327 ਮਹਿਲਾ ਅਤੇ 89 ਹਜ਼ਾਰ 685 ਪੁਰਸ਼ ਵੋਟਰ ਹਨ। ਹਲਕੇ ਵਿੱਚ 18-19 ਸਾਲ ਦੇ ਨੌਜਵਾਨ ਵੋਟਰਾਂ ਦੀ ਗਿਣਤੀ 5,005 ਹੈ। ਇਨ੍ਹਾਂ ’ਚੋਂ 2,282 ਲੜਕੀਆਂ ਤੇ 2,723 ਲੜਕੇ ਹਨ। ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 746 ਹੈ। ਇਨ੍ਹਾਂ ਵਿੱਚ 382 ਮਹਿਲਾ ਵੋਟਰ ਅਤੇ 364 ਪੁਰਸ਼ ਵੋਟਰ ਹਨ।

Advertisement

Advertisement
Author Image

sanam grng

View all posts

Advertisement
Advertisement
×