ਮੁੱਖ ਚੋਣ ਅਧਿਕਾਰੀ ਵੱਲੋਂ ਬੈਨਰਾਂ ਅਤੇ ਪੋਸਟਰਾਂ ਨੂੰ ਹਟਾਉਣ ਦੇ ਹੁਕਮ
ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਸਤੰਬਰ
ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਡੀਯੂਐੱਸਯੂ) ਦੀਆਂ ਚੋਣਾਂ 2024-25 ਸਬੰਧੀ ਜਨਤਕ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਵੱਲੋਂ ਜਾਰੀ ਇਸ ਨੋਟੀਫਿਕੇਸ਼ਨ ਅਨੁਸਾਰ ਉਮੀਦਵਾਰਾਂ ਨੂੰ ਲਿੰਗਦੋਹ ਕਮੇਟੀ ਦੀਆਂ ਸਿਫ਼ਾਰਸ਼ਾਂ ਵਿੱਚ ਦਰਸਾਏ ਪ੍ਰਬੰਧਾਂ ਅਤੇ ਸੀਮਾਵਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਚੋਣ ਅਧਿਕਾਰੀ ਪ੍ਰੋ. ਸਤਿਆਪਾਲ ਸਿੰਘ ਨੇ ਦੱਸਿਆ ਕਿ ਡੀਯੂਐੱਸਯੂ ਦੇ ਚੋਣ ਦਫ਼ਤਰ ਵੱਲੋਂ ਵੱਖ-ਵੱਖ ਉਮੀਦਵਾਰਾਂ ਵੱਲੋਂ ਰੈਲੀਆਂ ਅਤੇ ਚੋਣ ਪ੍ਰਚਾਰ ਦੇ ਹੋਰ ਢੰਗਾਂ ਵਿੱਚ ਬੈਨਰਾਂ, ਪੋਸਟਰਾਂ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਵਰਤੇ ਜਾਣ ਵਾਲੇ ਵਾਹਨਾਂ ਦੀ ਡਿਸਪਲੇਅ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਹ ਲਿੰਗਦੋਹ ਕਮੇਟੀ ਦੀਆਂ ਸਿਫ਼ਾਰਸ਼ਾਂ ਵਿੱਚ ਦੱਸੀਆਂ ਗਈਆਂ ਸੀਮਾਵਾਂ ਦੇ ਅੰਦਰ ਹੋਣੇ ਚਾਹੀਦੇ ਹਨ। ਜਾਰੀ ਨੋਟੀਫਿਕੇਸ਼ਨ ਵਿੱਚ ਉਮੀਦਵਾਰਾਂ ਨੂੰ ਈ-ਮੇਲ ਰਾਹੀਂ ਹਦਾਇਤ ਕੀਤੀ ਗਈ ਹੈ ਕਿ ਉਹ ਪੱਤਰ ਪ੍ਰਾਪਤ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਆਪਣੇ ਨਾਮ ਅਤੇ ਬੈਲੇਟ ਨੰਬਰ ਵਾਲੇ ਬੈਨਰ ਅਤੇ ਪ੍ਰਿੰਟ ਕੀਤੇ ਪੋਸਟਰਾਂ ਨੂੰ ਹਟਾ ਦੇਣ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦਿੱਲੀ ਦੇ ਨੈਸ਼ਨਲ ਕੈਪੀਟਲ ਟੈਰੀਟਰੀ ਆਫ਼ ਦਿੱਲੀ ਐਕਟ ਵਿੱਚ ਜਾਇਦਾਦਾਂ ਦੇ ਵਿਗਾੜ ਦੀ ਰੋਕਥਾਮ ਅਤੇ ਇਸ ਨਾਲ ਜੁੜੇ ਜਾਂ ਇਸ ਨਾਲ ਸਬੰਧਤ ਮਾਮਲਿਆਂ ਲਈ ਡੀਯੂਐੱਸਯੂ ਚੋਣਾਂ ਵਿੱਚ ਸਖਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਸਬੰਧੀ ਦੀ ਕੋਈ ਵੀ ਉਲੰਘਣਾ ਅਜਿਹੇ ਦਿਸ਼ਾ-ਨਿਰਦੇਸ਼ਾਂ ਅਤੇ ਐਕਟਾਂ ਦੇ ਤਹਿਤ ਅਯੋਗਤਾ ਅਤੇ ਅਪਰਾਧਿਕ ਜੁਰਮਾਨੇ ਲਈ ਜ਼ਿੰਮੇਵਾਰ ਹੋਵੇਗੀ।