ਆਦਮਪੁਰ ਏਅਰਪੋਰਟ ‘ਅਪਰੋਚ ਰੋਡ’ ਚਹੁੰ-ਮਾਰਗੀ ਕਰਨ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਹੁਕਮ
ਹਤਿੰਦਰ ਮਹਿਤਾ
ਜਲੰਧਰ, 7 ਅਗਸਤ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਆਦਮਪੁਰ ਏਅਰਪੋਰਟ ‘ਅਪਰੋਚ ਰੋਡ’ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਯਾਤਰੀਆਂ ਨੂੰ ਆਦਮਪੁਰ ਹਵਾਈ ਅੱਡੇ ਤੱਕ ਨਿਰਵਿਘਨ ਪਹੁੰਚ ਪ੍ਰਦਾਨ ਕੀਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਪਰੋਚ ਰੋਡ ਲਈ ਜ਼ਮੀਨ ਐਕੁਆਇਰ ਕਰਨ ਦੇ ਕਾਰਜ ਨੂੰ ਹੋਰ ਤੇਜ਼ ਕੀਤਾ ਜਾਵੇ। ਡਾ. ਅਗਰਵਾਲ ਨੇ ਇਸ ਮੌਕੇ ਅਧਿਕਾਰੀਆਂ ਨੂੰ ਆਦਮਪੁਰ ਹਵਾਈ ਅੱਡੇ ਤੋਂ ਜਲੰਧਰ-ਹੁਸ਼ਿਆਰਪੁਰ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇਅ ’ਤੇ ਢੁੱਕਵੇਂ ਸਾਈਨ ਲਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਏਅਰਪੋਰਟ ਐਡਵਾਈਜ਼ਰੀ ਕਮੇਟੀ ਦੇ ਗਠਨ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਨੂੰ ਵੀ ਤੇਜ਼ ਕਰਨ ਲਈ ਕਿਹਾ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਆਦਮਪੁਰ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਮੁੱਦੇ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।