ਮੁੱਖ ਸੜਕਾਂ ’ਤੇ ‘ਬਲੈਕ ਸਪੌਟਸ’ ਠੀਕ ਕਰਨ ਦੇ ਆਦੇਸ਼
ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 27 ਮਾਰਚ
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ ਸੜਕਾਂ ਉੱਤੇ ਬਲੈਕ ਸਪੌਟਸ (ਦੁਰਘਟਨਾ ਸੰਭਾਵੀ ਥਾਵਾਂ) ਜਿਨ੍ਹਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਠੀਕ ਕਰਨ ਲਈ ਕਿਹਾ। ਏਡੀਸੀ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਸੜਕ ਹਾਦਸਿਆਂ ਨੂੰ ਰੋਕਣ ਲਈ ਸ਼ਹਿਰ ਵਿੱਚ ਸਿਟੀ ਸਰਵੇਲੈਂਸ ਤੇ ਟਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਲਾਗੂ ਕੀਤੀ ਗਈ ਹੈ। ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਪੁਲੀਸ ਨਾਲ ਮਿਲ ਕੇ ਸੜਕਾਂ ’ਤੇ ਆਵਾਜਾਈ ਚਿੰਨ੍ਹ ਜਿਵੇਂ ਕਿ ਜ਼ੈਬਰਾ ਕਰਾਸਿੰਗ, ਸਟਾਪ ਲਾਈਨਾਂ ਅਤੇ ਸਪੀਡ ਲਿਮਿਟ ਦੀ ਸਪੱਸ਼ਟਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸੜਕਾਂ ’ਤੇ ਬਲੈਕ ਸਪੋਟਾਂ ਨੂੰ ਫੌਰੀ ਸਹੀ ਕਰਨ ਲਈ ਵੱਖ-ਵੱਖ ਅਦਾਰਿਆਂ ਐੱਨਐੱਚਏਆਈ, ਗਮਾਡਾ, ਬੀ ਐਂਡ ਆਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਉੱਤੇ ਬਣੇ ਅਣਅਧਿਕਾਰਤ ਕੱਟ ਬੰਦ ਕਰਨ ਅਤੇ ਸੜਕਾਂ ਕਿਨਾਰੇ ਲਗਦੀਆਂ ਰੇੜ੍ਹੀਆਂ-ਫੜ੍ਹੀਆਂ ਅਤੇ ਵਾਹਨਾਂ ਦੀ ਗਲਤ ਪਾਰਕਿੰਗ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾਵੇ।
ਏਡੀਸੀ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।