ਝੋਨੇ ਦੀ ਗ਼ੈਰਕਾਨੂੰਨੀ ਆਮਦ ’ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਸਤੰਬਰ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲੀਸ ਨੂੰ ਸਖ਼ਤ ਚੌਕਸੀ ਰੱਖਣ ਅਤੇ ਝਰਮੜੀ ਬੈਰੀਅਰ, ਬੱਸ ਸਟੈਂਡ ਹੰਡੇਸਰਾ, ਸਿਸਵਾਂ ਟੀ-ਪੁਆਇੰਟ, ਸੇਖੋਂ ਬੈਂਕੁਇੰਟ ਢਕੋਲੀ, ਬੇਹੜਾ ਮੋੜ ਡੇਰਾਬੱਸੀ, ਰਾਮਗੜ੍ਹ-ਦਫ਼ਰਪੁਰ ਰੋਡ ਮੁਬਾਰਕਪੁਰ ਵਿੱਚ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਲਗਾਉਣ ਲਈ ਕਿਹਾ ਹੈ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਮੰਡੀ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਮੰਡੀਆਂ ਵਿੱਚ ਹੋਰਨਾਂ ਸੂਬਿਆਂ ਤੋਂ ਝੋਨੇ ਦੀ ਆਮਦ ’ਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਵੀ ਦਿੱਤੇ ਹਨ। ਡੀਸੀ ਆਸ਼ਿਕਾ ਜੈਨ ਦੀ ਜਾਣਕਾਰੀ ਅਨੁਸਾਰ ਹਰਿਆਣਾ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿੱਚ ਬਾਹਰੋਂ ਵੱਡੀ ਮਾਤਰਾ ਵਿੱਚ ਫ਼ਸਲ ਆਉਣ ਦੇ ਖ਼ਦਸ਼ੇ ਕਾਰਨ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੋੜੀਂਦੀ ਥਾਂ ਦੀ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸਥਾਨਕ ਕਮਿਸ਼ਨ ਏਜੰਟਾਂ ਜਾਂ ਹੋਰ ਪ੍ਰਬੰਧਾਂ ਰਾਹੀਂ ਦੂਜੇ ਰਾਜਾਂ ਤੋਂ ਫ਼ਸਲ ਦੀ ਆਮਦ ਕਾਰਨ ਖ਼ਰੀਦ ਪ੍ਰਕਿਰਿਆ ਵਿੱਚ ਰੁਕਾਵਟ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਪੁਲੀਸ ਅਫ਼ਸਰਾਂ ਨੂੰ ਗੁਆਂਢੀ ਸੂਬਿਆਂ ਨਾਲ ਲਗਦੀਆਂ ਹੱਦਾਂ ’ਤੇ ਵਿਸ਼ੇਸ਼ ਅੰਤਰਰਾਜੀ ਸਰਹੱਦੀ ਚੌਕੀਆਂ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲੀਸ ਨੂੰ ਸਾਉਣੀ ਦੇ ਮੰਡੀਕਰਨ ਸੀਜ਼ਨ ਦੇ ਮੱਦੇਨਜ਼ਰ ਮੰਡੀਆਂ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕਰਨ ਦੀ ਵੀ ਅਪੀਲ ਕੀਤੀ ਹੈ।