ਪਰਾਲੀ ਸਾੜਨ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਨੀਤੀ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
ਪੱਤਰ ਪ੍ਰੇਰਕ
ਜਲੰਧਰ, 8 ਨਵੰਬਰ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਅਪਣਾਇਆ ਜਾਵੇ ਅਤੇ ਪੁਲੀਸ ਕਰਮੀਆਂ ਨਾਲ ਨਾਜ਼ੁਕ ਥਾਵਾਂ ’ਤੇ ਸਾਂਝੇ ਤੌਰ ਉੱਤੇ ਗਸ਼ਤ ਕੀਤੀ ਜਾਵੇ ਜਦਕਿ ਐੱਸਐੱਸਪੀ ਜਲੰਧਰ (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਨੇ ਸਾਰੇ ਥਾਣਾ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਪੁਲੀਸ ਸਟੇਸ਼ਨਾਂ ਤੋਂ ਬਾਹਰ ਆ ਕੇ ਫੀਲਡ ਵਿੱਚ ਸਖ਼ਤ ਚੌਕਸੀ ਵਰਤੀ ਜਾਵੇ। ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਸਖ਼ਤੀ ਨਾਲ ਰੋਕਣ ਲਈ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਾਂਝੇ ਤੌਰ ’ਤੇ ਐੱਸਡੀਐਮਜ਼, ਡੀਐੱਸਪੀਜ਼ ਅਤੇ ਐੱਸਐੱਚਓਜ਼ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 85 ਫੀਸਦ ਝੋਨੇ ਦੀ ਕਟਾਈ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਹੁਣ ਬਾਕੀ 15 ਫੀਸਦ ਫ਼ਸਲ ਦੀ ਕਟਾਈ ਪਿੱਛੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਲੱਸਟਰ ਅਫ਼ਸਰਾਂ ਵਲੋਂ ਅਜਿਹੇ ਪਿੰਡਾਂ ਵਿੱਚ ਪੁਲੀਸ ਕਰਮੀਆਂ ਦੀ ਹਾਜ਼ਰੀ ਵਿੱਚ ਪਹਿਲਾਂ ਹੀ ਦੌਰੇ ਕੀਤੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਸੁਨੇਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਅਜੇ ਫ਼ਸਲ ਦੀ ਕਟਾਈ ਕੀਤੀ ਜਾਣੀ ਹੈ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਪੈਦਲ ਮਾਰਚ ਵੀ ਕੱਢੇ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰਦੁਆਰਿਆਂ, ਮੰਦਰਾਂ ਤੇ ਹੋਰ ਧਾਰਮਿਕ ਸਥਾਨਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਅਨਾਊਂਮੈਂਟ ਵੀ ਕਰਵਾਈ ਜਾਵੇ। ਐੱਸਐੱਸਪੀ ਮੁੱਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਅਦਾਲਤ ਦੇ ਆਦੇਸ਼ਾਂ ਅਨੁਸਾਰ ਸਬੰਧਤਿ ਥਾਣਾ ਮੁਖੀ ਆਪੋ-ਆਪਣੇ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਘਟਨਾ ਲਈ ਜ਼ਿੰਮੇਵਾਰ ਹੋਣਗੇ।
ਦੁਆਬੇ ਵਿੱਚ 153 ਥਾਵਾਂ ’ਤੇ ਪਰਾਲੀ ਫੂਕੀ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ ਲਗਾਤਾਰ ਜਾਰੀ ਰਿਹਾ।ਸੈਟੇਲਾਈਟ ਰਾਹੀ ਪ੍ਰਾਪਤ ਕੀਤੇ ਗਏ ਅੰਕੜਿਆ ਅਨੁਸਾਰ ਅੱਜ ਕੁਲ 2003 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਈ ਗਈ।ਜਦ ਕਿ ਪਿਛਲੇ ਸਾਲ 2022 ਵਿੱਚ ਅੱਜ ਦੇ ਹੀ ਦਿਨ ਸਿਰਫ਼ 604 ਥਾਵਾਂ ’ਤੇ ਅੱਗ ਲਾਈ ਗਈ ਸੀ ਜਦ ਕਿ ਸਾਲ 2021 ਵਿੱਚ ਅੱਜ ਦੇ ਹੀ ਦਿਨ 4397 ਥਾਵਾਂ ’ਤੇ ਅੱਗ ਲਾਈ ਗਈ ਸੀ। ਮਾਹਿਰਾਂ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਅੰਕੜਿਆਂ ਨਾਲ ਨਹੀਂ ਦੇਖਣਾ ਚਾਹੀਦਾ ਸਗੋਂ ਧੂੰਏ ਨਾਲ ਪੈਦਾ ਹੁੰਦੀਆਂ ਸਮਸਿਆਵਾਂ ਵੱਲ ਧਿਆਨ ਦੇਣ ਦੀ ਸਖ਼ਤ ਲੋੜ ਹੈ। ਦੋਆਬੇ ਦੇ ਚਾਰੇ ਜ਼ਿਲ੍ਹਿਆਂ ਵਿੱਚ 153 ਥਾਵਾਂ ’ਤੇ ਅੱਗ ਲਗਾਉਣ ਦੀਆਂ ਘਟਨਾਵਾਂ ਵਾਪਰੀਆਂ। ਜਲੰਧਰ ਜ਼ਿਲ੍ਹੇ ਵਿੱਚ 90,ਕਪੂਰਥਲਾ ਵਿੱਚ 44 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ 17 ਘਟਨਾਵਾਂ ਵਾਪਰੀਆ।