ਜੈਵਿਕ ਖੇਤੀ ਸਬੰਧੀ ਸਿਖਲਾਈ ਪ੍ਰੋਗਰਾਮ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਗਸਤ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਕੂਲ ਆਫ਼ ਆਰਗੈਨਿਕ ਫਾਰਮਿੰਗ ਪੀਏਯੂ ਲੁਧਿਆਣਾ ਦੇ ਸਹਿਯੋਗ ਨਾਲ ਜੈਵਿਕ ਖੇਤੀ ਸਬੰਧੀ ਸਿਖਲਾਈ ਪ੍ਰੋਗਰਾਮ ਖੇੜੀ ਸਥਿਤ ਕੇਂਦਰ ਵਿੱਚ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਪਿੰਡਾਂ ਦੇ 43 ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਟਰੇਨਿੰਗ) ਨੇ ਆਰਗੈਨਿਕ ਖੇਤੀ ਦੀ ਮਹੱਤਤਾ ਅਤੇ ਇਸ ਦੀ ਮੌਜੂਦਾ ਸਮੇਂ ਵਿੱਚ ਜ਼ਰੂਰਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਬੱਚਤ ਲਈ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀਆਂ ਨਵੀਨਤਮ ਤਕਨੀਕਾਂ ਨੂੰ ਅਪਣਾਉਣ ਅਤੇ ਖੇਤੀ ਸਾਹਿਤ ਪੜ੍ਹ ਕੇ ਆਪਣੇ ਆਪ ਨੂੰ ਅੱਪਡੇਟ ਰੱਖਣ ਦੀ ਅਪੀਲ ਕੀਤੀ। ਡਾ. ਸੋਹਨ ਸਿੰਘ ਵਾਲੀਆ, ਡਾਇਰੈਕਟਰ ਸਕੂਲ ਆਫ ਆਰਗੈਨਿਕ ਫਾਰਮਿੰਗ, ਪੀਏਯੂ, ਲੁਧਿਆਣਾ ਨੇ ਕਿਸਾਨਾਂ ਨਾਲ ਪਿਆਜ਼ ਅਤੇ ਆਲੂ ਦੀ ਜੈਵਿਕ ਖੇਤੀ ਸਬੰਧੀ ਨੁਕਤੇ ਸਾਂਝੇ ਕੀਤੇ। ਡਾ. ਨੀਰਜਾ ਰਾਣੀ, ਸਹਾਇਕ ਪ੍ਰੋਫੈਸਰ, ਸਕੂਲ ਆਫ ਆਰਗੈਨਿਕ ਫਾਰਮਿੰਗ ਨੇ ਗੰਡੋਆ ਖਾਦ ਬਣਾਉਣ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਦੇਵੀਰ ਸਿੰਘ ਏਵਰ ਇਨਵਾਇਰੋ ਸੰਗਰੂਰ ਅਤੇ ਕੁਲਦੀਪ ਸਿੰਘ ਪਿੰਡ ਚੁਨਾਗਰਾ ਨੇ ਜੈਵਿਕ ਖੇਤੀ ਨਾਲ ਜੁੜੇ ਨਿੱਜੀ ਤਜਰਬੇ ਸਾਝੇ ਕੀਤੇ। ਅਖ਼ੀਰ ਵਿੱਚ ਸਵਾਲ-ਜਵਾਬ ਸੈਸ਼ਨ ਹੋਇਆ ਅਤੇ ਕਿਸਾਨਾਂ ਦੇ ਸੁਝਾਵਾਂ ਨੂੰ ਵਿਚਾਰਿਆ ਗਿਆ। ਇਸ ਤੋਂ ਬਾਅਦ ਕਿਸਾਨ ਵੀਰਾਂ ਨੂੰ ਪੀਏਯੂ ਦਾ ਖੇਤੀ ਸਾਹਿਤ ਦੀ ਵੰਡ ਕੀਤੀ ਗਈ।