ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕੈਂਪ ਲਗਾਇਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 2 ਜੁਲਾਈ
ਚੰਡੀਗਡ਼੍ਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਚੰਡੀਗਡ਼੍ਹ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਕੈਂਪ ਲਗਾਏ ਗਏ।
ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 37-ਸੀ ਵਿਖੇ ਗਿਆਨ ਅੰਜਨੁ ਸਮਰ ਕੈਂਪ ਦੀ ਸਮਾਪਤੀ ਸਬੰਧੀ ਸਮਾਰੋਹ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਬੱਚਿਆਂ ਨੇ ਕਵਿਤਾਵਾਂ, ਗੀਤਾਂ ਤੇ ਸਾਖੀਆਂ ਪੇਸ਼ ਕੀਤੀਆਂ। ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਵੀ ਕਰਵਾਏ ਗਏ। ਕੈਂਪ ’ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਬੰਧਕ ਇੰਦਰਜੀਤ ਸਿੰਘ ਤੇ ਧਰਮਵੀਰ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਨੈਤਿਕ ਸਿੱਖਿਆ ਦੇਣ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਸਮੇਂ ਦੀ ਲੋਡ਼ ਹਨ। ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਗੁਰਦੁਆਰੇ ਦੇ ਪ੍ਰਧਾਨ ਬਲਵਿੰਦਰ ਸਿੰਘ ਮੁਲਤਾਨੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 37-ਸੀ ਦੇ ਹੈੱਡ ਗ੍ਰੰਥੀ ਗੁਰਜਿੰਦਰ ਸਿੰਘ ਮੌਜੂਦ ਸਨ।