ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਗੁਰਬਖਸ਼ਪੁਰੀ
ਤਰਨ ਤਾਰਨ, 8 ਜੂਨ
ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ 418ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਨੇੜਿਓਂ ਸ੍ਰੀ ਗੁਰੂ ਅਰਜਨ ਦੇਵ ਸਰਾਂ ਤੋਂ ਇਕ ਮਨੋਹਰ ਨਗਰ ਕੀਰਤਨ ਸਜਾਇਆ ਗਿਆ| ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ| ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ| ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸੜਕਾਂ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖੇ ਹੀ ਸਮਾਪਤ ਹੋਇਆ| ਨਗਰ ਕੀਰਤਨ ਦਾ ਸੰਗਤਾਂ ਨੇ ਵੱਖ ਵੱਖ ਥਾਵਾਂ ’ਤੇ ਸ਼ਰਧਾ-ਭਾਵਨਾ ਨਾਲ ਸਵਾਗਤ ਕੀਤਾ| ਸ਼ਰਧਾਲੂਆਂ ਨੇ ਇਸ ਮੌਕੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਹੋਈਆਂ ਸਨ| ਦਰਬਾਰ ਸਾਹਿਬ ਦੇ ਮੈਨੇਜਰ ਭਾਈ ਧਰਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਅੱਜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਨਾਲ ਸ਼ੁਰੂ ਹੋ ਗਏ ਹਨ ਅਤੇ ਇਨ੍ਹਾਂ ਪਾਠਾਂ ਦੇ ਭੋਗ ਪਰਸੋਂ ਦੇ ਰੋਜ਼ ਸੋਮਵਾਰ ਨੂੰ ਪਾਏ ਜਾਣਗੇ| ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ|