ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਗੁਰੂ ਘਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਨਗਰ ਕੀਰਤਨਾਂ ਦਾ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵੱਲੋਂ ਨਗਰ ਕੀਰਤਨ ਸਜਾਇਆ ਗਿਆ ਦੋ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਵੱਲੋਂ ਸਵਾਗਤੀ ਗੇਟ ਲਗਾਕੇ ਸੰਗਤ ਲਈ ਲੰਗਰ ਲਗਾਏ ਗਏ। ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਜੱਥਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੁਟੀਆ ਸਾਹਿਬ ਆਈ ਬਲਾਕ ਭਾਈ ਰਣਧੀਰ ਸਿੰਘ ਨਗਰ ਤੋਂ ਨਗਰ ਕੀਰਤਨ ਸਜਾਇਆ ਗਿਆ, ਜੋ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਵੱਲੋਂ ਸਜਾਏ ਨਗਰ ਕੀਰਤਨ ਵਿੱਚ ਇਲਾਕੇ ਦੀ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਦੇਰ ਸ਼ਾਮ ਸਮਾਪਤ ਹੋਇਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਗਿਲੋਹਤਰਾ, ਬੰਟੀ ਮੱਕੜ, ਕੰਵਲਜੀਤ ਸਿੰਘ ਬਿੱਟੂ, ਹਰਮੋਹਨ ਸਿੰਘ ਗੁੱਡੂ, ਅਵਤਾਰ ਸਿੰਘ ਸਮੇਤ ਕਈ ਆਗੂਆਂ ਨੇ ਸੰਗਤ ਦਾ ਧੰਨਵਾਦ ਕਰਦਿਆਂ ਜੱਥਿਆਂ ਨੂੰ ਸਨਮਾਨਿਤ ਕੀਤਾ।