ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਪੱਤਰ ਪ੍ਰੇਰਕ
ਫਗਵਾੜਾ, 13 ਨਵੰਬਰ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਨਗਰ ਕੀਰਤਨ ਗੁਰਦੁਆਰਾ ਨਿੰਮਾ ਵਾਲਾ ਚੌਕ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ ਜੋ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜਾ।
ਨਗਰ ਕੀਰਤਨ ਦਾ ਸੰਗਤ ਵਲੋਂ ਥਾਂ-ਥਾਂ ਭਰਵਾ ਸੁਆਗਤ ਕੀਤਾ ਗਿਆ। ਨਗਰ ਕੀਰਤਨ ’ਚ ਬੈਂਡ ਬਾਜੇ, ਗੱਤਕਾ ਪਾਰਟੀਆਂ, ਸਕੂਲ ਬੱਚੇ ਤੇ ਕੀਰਤਨੀ ਜਥੇ ਸ਼ਾਮਿਲ ਹੋਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਨਰੇਸ਼ ਭਾਰਦਵਾਜ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ, ਰਣਜੀਤ ਸਿੰਘ ਖੁਰਾਨਾ ਸਾਬਕਾ ਡਿਪਟੀ ਮੇਅਰ, ਸਾਈ ਮੋਹਨ ਸਿੰਘ, ਹਰਵਿੰਦਰ ਸਿੰਘ ਸੰਧੂ, ਸਰਬਜੀਤ ਕੌਰ ਸਾਬਕਾ ਕੌਂਸਲਰ, ਬਹਾਦਰ ਸਿੰਘ ਸੰਗਤਪੁਰ ਅਤੇ ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ ਸ਼ਾਮਲ ਹੋਏ।
ਅੰਮ੍ਰਿਤਸਰ (ਪੱਤਰ ਪ੍ਰੇਰਕ):
ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਚ ਸਜਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਤੋਂ ਇਲਾਵਾ ਟੀਚਿੰਗ ਅਤੇ ਨਾਨ-ਟੀਚਿੰਗ ਵਿਭਾਗਾਂ ਦੇ ਮੁਖੀ, ਅਧਿਆਪਕ, ਕਰਮਚਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਮਹਾਨ ਨਗਰ ਕੀਰਤਨ ਦੀ ਸਮਾਪਤੀ ਸ਼ਾਮ ਨੂੰ ਯੂਨੀਵਰਸਿਟੀ ਦੇ ਗੁਰੂਦੁਆਰਾ ਸਾਹਿਬ ਵਿਖੇ ਹੋਈ। ਇਸ ਤੋਂ ਪਹਿਲਾਂ ਨਗਰ ਕੀਰਤਨ ਕਾਨੂੰਨ ਵਿਭਾਗ, ਸਾਹਿਬਜਾਦਾ ਜੂਝਾਰ ਸਿੰਘ ਹੋਸਟਲ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹੋਸਟਲ ਤੋਂ ਹੁੰਦਿਆਂ ਭਾਈ ਮਰਦਾਨਾ ਪ੍ਰਬੰਧਕੀ ਬਲਾਕ ਅਤੇ ਭਾਈ ਗੁਰਦਾਸ ਲਾਇਬ੍ਰੇਰੀ ਤਕ ਪੁੱਜਾ, ਜਿੱਥੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।
ਸ਼ਾਹਕੋਟ (ਪੱਤਰ ਪ੍ਰੇਰਕ):
ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਕਸਬੇ ਦੀ ਪਰਿਕਰਮਾ ਕਰਦਾ ਹੋਇਆ ਮੁੜ ਇੱਥੇ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਜੌਹਰ ਦਿਖਾਏ। ਬੈਂਡ ਵਾਜੇ ਵਾਲਿਆਂ ਨੇ ਨਗਰ ਕੀਰਤਨ ਨੂੰ ਚਾਰ ਚੰਨ ਲਗਾਏ। ਸਕੂਲੀ ਵਿਦਿਆਰਥੀਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ।
ਕੀਰਤਨੀ ਤੇ ਢਾਡੀ ਜਥਿਆਂ ਨੇ ਹਾਜ਼ਰੀ ਲਵਾਈ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਭਰਵਾਂ ਸਵਾਗਤ ਕਰਦਿਆਂ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ।