ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪੱਤਰ ਪ੍ਰੇਰਕ
ਦੋਰਾਹਾ, 13 ਨਵੰਬਰ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੋਂ ਦੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰੂਘਰ ਤੋਂ ਆਰੰਭ ਹੋ ਕੇ ਡਾਕਘਰ ਰੋਡ, ਗੁਰੂ ਨਾਨਕ ਕਾਲਜ ਰੋਡ, ਅਨਾਜ ਮੰਡੀ, ਖੁਰਦਾ ਬਜ਼ਾਰ, ਰੇਲਵੇ ਰੋਡ, ਲੱਕੜ ਮੰਡੀ, ਗੁਰਦੁਆਰਾ ਕਲਗੀਧਰ ਸਾਹਿਬ, ਰਾਮਪੁਰ ਰੋਡ ਤੋਂ ਇਲਾਵਾ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ’ਚੋਂ ਹੁੰਦਾ ਹੋਇਆ ਮੁੜ ਗੁਰੂਘਰ ਆ ਕੇ ਸਮਾਪਤ ਹੋਇਆ। ਇਸੇ ਤਰ੍ਹਾਂ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਮਾਗਮ ਮੌਕੇ ਡਾ. ਹਰਪ੍ਰੀਤ ਸਿੰਘ ਪ੍ਰਿੰਸੀਪਲ ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ):
ਗੁਰੂ ਨਾਨਕ ਦੇਵ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਨਗਰ ਕੀਰਤਨ ਸਜਾਇਆ ਗਿਆ। ਇਸੇ ਤਰ੍ਹਾਂ ਸਿੱਧਵਾਂ ਵਿੱਦਿਅਕ ਸੰਸਥਾਵਾਂ ਵੱਲੋਂ ਧਾਰਮਿਕ ਸਮਾਗਮ ਕਰਵਾ ਕੇ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਸਵੇਰ ਸਮੇਂ ਜੈਕਾਰਿਆਂ ਦੀ ਗੂੰਜ ’ਚ ਆਰੰਭ ਹੋਇਆ। ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਨੂੰ ਫੁੱਲਾਂ ਨਾਲ ਸਜੀ ਪਾਲਕੀ ’ਚ ਸੁਸ਼ੋਭਿਤ ਕੀਤਾ ਗਿਆ। ਇਸੇ ਤਰ੍ਹਾਂ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਅਗਵਾਈ ਹੇਠ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਜੀਐੱਚਜੀ ਹਰਪ੍ਰਕਾਸ਼ ਕਾਲਜ ਆਫ ਐਜੂਕੇਸ਼ਨ, ਖਾਲਸਾ ਕਾਲਜ ਫਾਰ ਵੂਮੈਨ, ਜੀਐੱਚਜੀ ਇੰਸਟੀਚਿਊਟ ਆਫ ਲਾਅ, ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਰਿੰਦਰ ਸਿੰਘ ਸਿੱਧੂ ਅਤੇ ਪ੍ਰਿੰਸੀਪਲਾਂ ਦੀ ਰਹਿਨੁਮਾਈ ’ਚ ਗੁਰੂ ਨਾਨਕ ਦੇਵ ਦੀ 555ਵੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਰੀਆਂ ਵਿੱਦਿਅਕ ਸੰਸਥਾਵਾਂ ਨੇ ਸਾਂਝੇ ਤੌਰ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦਾਂ ਦੀ ਬਖਸ਼ਿਸ਼ ਵਾਲੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ। ਇਹ ਪਵਿੱਤਰ ਸਮਾਰੋਹ ਸਿੱਧਵਾਂ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਇਆ।
ਖੰਨਾ (ਨਿੱਜੀ ਪੱਤਰ ਪ੍ਰੇਰਕ):
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚਕਾਰ ਸ਼ੁੱਧ ਅਤੇ ਸੁੰਦਰ ਲਿਖਤ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਧਾਰਮਿਕ ਸਮਾਗਮ ਦੌਰਾਨ ਪ੍ਰੋ. ਮਨਜੀਤ ਕੌਰ ਭੱਟੀ ਨੇ ਗੁਰੂ ਨਾਨਕ ਦੇਵ ਦੇ ਜੀਵਨ, ਜਪੁਜੀ ਸਾਹਿਬ ਬਾਣੀ ਤੇ ਪੰਜ ਅਧਿਆਤਮਿਕ ਅਵਸਥਾਵਾਂ ਧਰਮ ਖੰਡ, ਗਿਆਨ, ਸ਼ਰਮ, ਕਰਮ ਤੇ ਸੱਚ ਖੰਡ ਸਬੰਧੀ ਵਿਚਾਰ ਪ੍ਰਗਟਾਉਂਦਿਆਂ ਗੁਰਮਤਿ ਸਿਧਾਤਾਂ ਦੇ ਧਾਰਨੀ ਬਣਨ ’ਤੇ ਜ਼ੋਰ ਦਿੱਤਾ। ਲੈਕਚਰਾਰ ਹਰਪਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਦੀ ਬਾਣੀ, ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਸਬੰਧੀ ਵਿਚਾਰ ਪ੍ਰਗਟ ਕੀਤੇ।
ਵੈਟਰਨਰੀ ਯੂਨੀਵਰਸਿਟੀ ਵੱਲੋਂ ਖੂਨਦਾਨ ਕੈਂਪ
ਲੁਧਿਆਣਾ (ਖੇਤਰੀ ਪ੍ਰਤੀਨਿਧ):
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਯੂਨਿਟ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕੀਤਾ। ਇਹ ਕੈਂਪ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਲਾਇਆ ਗਿਆ। ਕੈਂਪ ਵਿੱਚ ਵਿਦਿਆਰਥੀਆਂ, ਅਧਿਆਪਕਾਂ ਨੇ ਕਰੀਬ 100 ਯੂਨਿਟ ਖੂਨਦਾਨ ਕੀਤਾ। ਡਾ. ਗਿੱਲ ਨੇ ਖੂਨਦਾਨੀਆਂ ਦੀ ਸ਼ਲਾਘਾ ਕਰਦਿਆਂ ਖੂਨਦਾਨ ਦੀ ਮਹੱਤਤਾ ’ਤੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਇਹ ਦਾਨ ਧਰਮ, ਜਾਤ ਅਤੇ ਕੌਮ ਦੀਆਂ ਵਲਗਣਾਂ ਨੂੰ ਤੋੜ ਕੇ ਮਨੁੱਖਤਾ ਦਾ ਸੱਚਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਲੋੜੇ ਸਮੇਂ ਖੂਨ ਦਾ ਕੋਈ ਬਦਲ ਨਹੀਂ ਹੁੰਦਾ ਅਤੇ ਖੂਨਦਾਨ, ਸੇਵਾ ਦੀ ਉੱਤਮ ਸ਼੍ਰੇਣੀ ਵਿੱਚ ਆਉਂਦਾ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਵੱਲੋਂ ਕੀਤੀ ਮਨੁੱਖਤਾ ਦੀ ਨਿਰਸਵਾਰਥ ਸੇਵਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਾਨੂੰ ਸਦਾ ਸਮਾਜ ਲਈ ਉਨ੍ਹਾਂ ਤੋਂ ਸੇਧ ਲੈਣੀ ਬਣਦੀ ਹੈ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਪਰਕਾਸ਼ ਸਿੰਘ ਬਰਾੜ ਨੇ ਕਿਹਾ ਕਿ ਖੂਨਦਾਨੀ ਸਾਡੇ ਸਮਾਜ ਦੇ ਸੱਚੇ ਨਾਇਕ ਹਨ ਜੋ ਕਿ ਜੀਵਨ ਬਚਾਉਣ ਵਿੱਚ ਸਹਾਈ ਹੁੰਦੇ ਹਨ। ਸਟਡੀ ਸਰਕਲ ਦੇ ਪ੍ਰਧਾਨ ਡਾ. ਜਸਪਾਲ ਸਿੰਘ ਹੁੰਦਲ ਅਤੇ ਜਨਰਲ ਸਕੱਤਰ ਡਾ. ਦਵਿੰਦਰ ਪਾਠਕ ਨੇ ਨੌਜਵਾਨਾਂ ਨੂੰ ਇਸ ਭਲਾਈ ਕਾਰਜ ਲਈ ਪ੍ਰੇਰਿਤ ਕੀਤਾ।