ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਬਾਨੀ ਅਤੇ ਚੌਥੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਹੈਲੀਕਾਪਟਰ ਰਾਹੀਂ ਨਗਰ ਕੀਰਤਨ ਵਿੱਚ ਸ਼ਾਮਲ ਪਾਵਨ ਸਰੂਪ, ਪੰਜ ਪਿਆਰਿਆਂ ਤੇ ਸੰਗਤ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ।
ਅਕਾਲ ਤਖ਼ਤ ਤੋਂ ਸਜਾਏ ਗਏ ਨਗਰ ਕੀਰਤਨ ਦਾ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤ ਨੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀ ਸੰਗਤ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰ ਰਹੀ ਸੀ। ਇਸ ਮੌਕੇ ਘੰਟਾ ਘਰ ਪਲਾਜ਼ਾ ਵਿੱਚ ਪੰਜਾਬ ਪੁਲੀਸ ਨੇ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ। ਨਗਰ ਕੀਰਤਨ ਦੌਰਾਨ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਤੇ ਅਧਿਕਾਰੀਆਂ ਸਮੇਤ ਕਥਾਵਾਚਕ ਗਿਆਨੀ ਜਸਵੰਤ ਸਿੰਘ, ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ, ਅਮਰਬੀਰ ਸਿੰਘ ਢੋਟ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਓਐੱਸਡੀ ਸਤਬੀਰ ਸਿੰਘ ਧਾਮੀ ਸਮੇਤ ਹੋਰਾਂ ਨੇ ਸ਼ਿਰਕਤ ਕੀਤੀ।
ਜਥੇਦਾਰ ਰਘਬੀਰ ਸਿੰਘ ਨੇ ਦਿੱਤੀ ਵਧਾਈ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਸਿਧਾਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।