ਮੋਟਰਸਾਈਕਲ ਰੇਹੜੀਆਂ ਬੰਦ ਕਰਨ ਦੇ ਐਲਾਨ ਤੋਂ ਜਥੇਬੰਦੀਆਂ ’ਚ ਰੋਸ
ਪੱਤਰ ਪ੍ਰੇਰਕ
ਮਾਨਸਾ, 7 ਜੁਲਾਈ
ਪੰਜਾਬ ਸਰਕਾਰ ਵੱਲੋਂ 8 ਅਗਸਤ ਤੱਕ ਮੋਟਰਸਾਈਕਲ ਰੇਹੜੀ ਬੰਦ ਕਰਨ ਦੇ ਕੀਤੇ ਐਲਾਨ ਦਾ ਅੱਜ ਡਾ. ਅੰਬੇਡਕਰ ਰੇਹੜੀ ਯੂਨੀਅਨ ਪੰਜਾਬ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਵਿਰੋਧ ਕੀਤਾ ਹੈ। ਜਥੇਬੰਦੀਆਂ ਨੇ ਸਰਕਾਰ ਦੇ ਹੁਕਮਾਂ ਦਾ ਵਿਰੋਧ ਕਰਦਿਆਂ 24 ਜੁਲਾਈ ਨੂੰ ਰਾਜ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਸਥਿਤ ਦਫ਼ਤਰ ਸਾਹਮਣੇ ‘ਮੋਟਰਸਾਈਕਲ ਰੇਹੜੀ-ਰੁਜ਼ਗਾਰ ਬਚਾਓ’ ਤਹਿਤ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਲੋਕਾਂ ਦੀ ਗੱਲ ਕਰਨ ਵਾਲੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੁਣ ਸੱਤਾ ਉਪਰ ਬੈਠ ਕੰਪਨੀ ਦੇ ਮੁਨਾਫ਼ੇ ਲਈ ਗਰੀਬਾਂ ਦਾ ਉਜਾੜਾ ਕਰਨ ਲੱਗੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਮਜ਼ਦੂਰਾਂ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ, ਸੜਕ ਹਾਦਸਿਆਂ ਦਾ ਬਹਾਨਾ ਬਣਾ ਕੇ ਅੱਜ ਮੋਟਰਸਾਈਕਲ ਰੇਹੜੀਆਂ ਬੰਦ ਕਰਨ ਦਾ ਫ਼ੁਰਮਾਨ ਜਾਰੀ ਕਰ ਰਹੀ ਹੈ, ਜਿਸ ਕਾਰਨ ਪੰਜਾਬ ਦੇ ਹਜ਼ਾਰਾਂ ਮੋਟਰਸਾਈਕਲ ਰੇਹੜੀ ਮਜ਼ਦੂਰ ਬੇਰੁਜ਼ਗਾਰੀ ਦੀ ਭੱਠੀ ਡਿੱਗਣਗੇ।