ਡਿਉਰਾ ਕਲੱਬ ਦਾ ਮਾਲਕ ਫਿਰੌਤੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਆਤਿਸ਼ ਗੁਪਤਾ
ਚੰਡੀਗੜ੍ਹ, 28 ਨਵੰਬਰ
ਇੱਥੋਂ ਦੇ ਸੈਕਟਰ-26 ਵਿੱਚ ਸਥਿਤ ਦੋ ਕਲੱਬਾਂ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਪੁਲੀਸ ਨੇ ਡਿਉਰਾ ਕਲੱਬ ਦੇ ਮਾਲਕ ਨੂੰ ਫਿਰੌਤੀ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਰਜੁਨ ਠਾਕੁਰ ਵਾਸੀ ਸੈਕਟਰ-49 ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-26 ਦੀ ਪੁਲੀਸ ਨੇ ਕਲੱਬ ਦੇ ਆਪਣੇ ਹੀ ਪਾਰਟਨਰ ਤੋਂ ਨਿਖਿਲ ਚੌਧਰੀ ਵਾਸੀ ਨਾਭਾ ਦੀ ਸ਼ਿਕਾਇਤ ’ਤੇ ਕੀਤੀ ਹੈ। ਹਾਲਾਂਕਿ ਮੁਲਜ਼ਮ ਦਾ ਧਮਾਕੇ ਨਾਲ ਕੋਈ ਸਬੰਧ ਨਹੀਂ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਡਿਉਰਾ ਕਲੱਬ ਵਿੱਚ 25 ਫ਼ੀਸਦ ਹਿੱਸੇਦਾਰ ਹੈ। ਉਸ ਨੇ ਕਿਹਾ ਕਿ ਕਲੱਬ ਦੇ ਹਿੱਸੇਦਾਰ ਅਰਜੁਨ ਠਾਕੁਰ ਵੱਲੋਂ ਉਸ ਤੋਂ 50 ਹਜ਼ਾਰ ਰੁਪਏ ਮਹੀਨਾ ਦੇਣ ਦੀ ਮੰਗ ਕੀਤੀ ਅਤੇ ਰੁਪਏ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਥਾਣਾ ਸੈਕਟਰ-26 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਅਰਜੁਨ ਠਾਕੁਰ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਸੈਕਟਰ-26 ਵਿਖੇ ਸਥਿਤ ਕਲੱਬ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਨੌਜਵਾਨ ਕੋਈ ਵਸਤੂ ਸੁੱਟ ਕੇ ਫਰਾਰ ਹੋ ਗਏ ਸਨ। ਇਸ ਦੌਰਾਨ ਦੋ ਕਲੱਬਾਂ ਦੇ ਸ਼ੀਸ਼ੇ ਭੰਨੇ ਗਏ ਸਨ, ਪਰ ਕਿਸੇ ਕਿਸਮ ਦੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ ਸੀ। ਚੰਡੀਗੜ੍ਹ ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਵੱਖ-ਵੱਖ ਥਾਵਾਂ ਦੀ ਸੀਸੀਟੀਵੀ ਫੁਟੇਜ ਅਤੇ ਮੋਬਾਈਲ ਫੋਨ ਦੀ ਲੋਕੇਸ਼ਨ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ ਪਰ ਪੁਲੀਸ ਦੇ ਹੱਥ ਕੁਝ ਨਹੀਂ ਲੱਗ ਸਕਿਆ।