ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰੂਰ ਵਿੱਚ ਝੋਨੇ ਦੀ ਲੁਆਈ ਸ਼ੁਰੂ

11:10 AM Jun 16, 2024 IST
ਸੰਗਰੂਰ ਜ਼ਿਲ੍ਹੇ ਦੇ ਪਿੰਡ ਹਰੀਗੜ੍ਹ ਵਿੱਚ ਝੋਨਾ ਲਾਉਂਦੇ ਹੋਏ ਮਜ਼ਦੂਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਜੂਨ
ਖੇਤਰ ਵਿੱਚ ਹਾੜ ਮਹੀਨੇ ਦੇ ਦੂਜੇ ਦਿਨ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਵੱਖ-ਵੱਖ ਰਾਜਾਂ ਤੋਂ ਪੁੱਜੇ ਪਰਵਾਸੀ ਮਜ਼ਦੂਰ ਝੋਨਾ ਲਾਉਣ ’ਚ ਜੁਟ ਗਏ ਹਨ। ਇਸ ਵਾਰ ਜ਼ਿਲ੍ਹਾ ਸੰਗਰੂਰ ਦੇ 2 ਲੱਖ 39 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਹੋਵੇਗੀ, ਜਦੋਂ ਕਿ ਜ਼ਿਲ੍ਹੇ ਦੇ ਸਿਰਫ਼ 600 ਏਕੜ ਰਕਬੇ ’ਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ। ਭਾਵੇਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮਸ਼ੀਨਾਂ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਗਿਆ ਸੀ, ਪਰ ਕਿਸਾਨਾਂ ਨੇ ਸਿੱਧੀ ਬਿਜਾਈ ਵੱਲ ਜ਼ਿਆਦਾ ਉਤਸ਼ਾਹ ਨਹੀਂ ਦਿਖਾਇਆ, ਕਿਉਂਕਿ ਕਿਸਾਨ ਪ੍ਰਚੱਲਤ ਰਵਾਇਤ ਮੁਤਾਬਕ ਹੀ ਕੱਦੂ ਕਰਕੇ ਝੋਨੇ ਦੀ ਲੁਆਈ ’ਤੇ ਹੀ ਜ਼ਿਆਦਾ ਭਰੋਸਾ ਕਰਦੇ ਹਨ। ਜਾਣਕਾਰੀ ਅਨੁਸਾਰ ਪਰਵਾਸੀ ਮਜ਼ਦੂਰਾਂ ਤੋਂ ਇਲਾਵਾ ਸਥਾਨਕ ਮਜ਼ਦੂਰ ਵੀ ਝੋਨੇ ਦੀ ਲੁਆਈ ’ਚ ਜੁਟ ਗਏ ਹਨ। ਇਸ ਵਾਰ ਝੋਨੇ ਦੀ ਲੁਆਈ ਦਾ ਰੇਟ ਪ੍ਰਤੀ ਏਕੜ ਕਰੀਬ ਸਾਢੇ ਤਿੰਨ ਹਜ਼ਾਰ ਤੋਂ ਸਾਢੇ ਚਾਰ ਹਜ਼ਾਰ ਰੁਪਏ ਤੱਕ ਚੱਲ ਰਿਹਾ ਹੈ। ਪਰਵਾਸੀ ਮਜ਼ਦੂਰਾਂ ਦਾ ਭਾਅ ਬਗੈਰ ਰਾਸ਼ਨ ਤੋਂ ਚਾਰ ਹਜ਼ਾਰ ਤੋਂ ਸਾਢੇ ਚਾਰ ਹਜ਼ਾਰ ਜਦੋਂ ਕਿ ਰਾਸ਼ਨ ਸਮੇਤ ਸਾਢੇ ਤਿੰਨ ਹਜ਼ਾਰ ਦੱਸਿਆ ਜਾ ਰਿਹਾ ਹੈ। ਸਥਾਨਕ ਮਜ਼ਦੂਰ ਝੋਨੇ ਦੀ ਲੁਆਈ ਚਾਰ ਹਜ਼ਾਰ ਤੋਂ ਸਾਢੇ ਚਾਰ ਹਜ਼ਾਰ ਰੁਪਏ ਵਸੂਲ ਰਹੇ ਹਨ।
ਇਸ ਦੌਰਾਨ ਕਿਸਾਨ ਦਿਲਬਾਗ ਸਿੰਘ ਹਰੀਗੜ੍ਹ ਦਾ ਕਹਿਣਾ ਹੈ ਕਿ ਛੋਟੇ ਪਿੰਡਾਂ ਵਿਚ ਝੋਨੇ ਦੀ ਲੁਆਈ ਦਾ ਰੇਟ ਥੋੜ੍ਹਾ ਘੱਟ ਹੈ।
ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਤੋਂ ਇਲਾਵਾ ਨਹਿਰੀ ਪਾਣੀ ਦੀ ਸਪਲਾਈ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਜ਼ਿਲ੍ਹਾ ਸੰਗਰੂਰ ’ਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਤਿੰਨ ਸ਼ਿਫ਼ਟਾਂ ਵਿਚ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ ਜਦੋਂ ਕਿ ਨਹਿਰੀ ਵਿਭਾਗ ਅਨੁਸਾਰ ਸੰਗਰੂਰ ਡਵੀਜ਼ਨ ਵਿਚ ਕਰੀਬ 2 ਲੱਖ 26 ਹਜ਼ਾਰ ਏਕੜ ਰਕਬੇ ਵਿਚ ਨਹਿਰੀ ਪਾਣੀ ਦੀ ਸਪਲਾਈ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਪਾਵਰਕੌਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਪਿੰਡ ਬਡਰੁੱਖਾਂ ਦੇ ਕਿਸਾਨ ਇੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਲੇਬਰ ਦੀ ਕੋਈ ਘਾਟ ਨਹੀਂ ਹੈ ਅਤੇ ਬਿਜਲੀ ਸਪਲਾਈ ਅੱਠ ਘੰਟੇ ਮਿਲ ਰਹੀ ਹੈ। ਨਿਸ਼ਚਿਤ ਸਮੇਂ ’ਚ ਝੋਨੇ ਦੀ ਲੁਆਈ ਦਾ ਕੰਮ ਮੁਕੰਮਲ ਹੋ ਜਾਵੇਗਾ।
ਜੇਠ ਮਹੀਨੇ ’ਚ ਕਹਿਰ ਦੀ ਗਰਮੀ ਪਈ ਹੈ ਜਿਸ ਦੌਰਾਨ ਤੇਜ਼ ਧੁੱਪ ਅਤੇ ਲੂ ਵਗਦੀ ਰਹੀ। ਗਰਮੀ ਦੇ ਵਧ ਰਹੇ ਤਾਪਮਾਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਤਿਆਰ ਕਰਨ ਵਿਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ ਤੇ ਕਈ ਕਿਸਾਨਾਂ ਦੀ ਪਨੀਰੀ ਤੱਕ ਝੁਲਸ ਗਈ ਸੀ।
ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਦਾ ਕਹਿਣਾ ਹੈ ਕਿ ਜ਼ਿਲ੍ਹਾ ਸੰਗਰੂਰ ’ਚ ਕੁੱਲ ਰਕਬੇ 2 ਲੱਖ 55 ਹਜ਼ਾਰ ਹੈਕਟੇਅਰ ਰਕਬੇ ਵਿਚੋਂ ਇਸ ਵਾਰ 2 ਲੱਖ 39 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਵੇਗੀ ਜਦੋਂ ਕਿ ਜ਼ਿਲ੍ਹੇ ਦੇ 600 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ।

Advertisement

Advertisement
Advertisement