ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖਰੀਦ: ‘ਆਪ’ ਵਿਧਾਇਕਾਂ ਦੇ ਘਰਾਂ ਤੇ ਟੌਲ ਪਲਾਜ਼ਿਆਂ ’ਤੇ ਡਟੇ ਕਿਸਾਨ

10:33 AM Oct 27, 2024 IST
ਬਰਨਾਲਾ ਵਿੱਚ ਮੀਤ ਹੇਅਰ ਦੀ ਕੋਠੀ ਅੱਗੇ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਰਨੈਲ ਸਿੰਘ ਬਦਰਾ। -ਫੋਟੋ: ਬੱਲੀ

ਆਤਿਸ਼ ਗੁਪਤਾ
ਚੰਡੀਗੜ੍ਹ, 26 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਤੇ ਹੋਰਨਾਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬੇ ਵਿੱਚ ‘ਆਪ’ ਦੇ ਮੰਤਰੀਆਂ ਤੇ ਵਿਧਾਇਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਅੱਜ ਵੀ ਜਾਰੀ ਰਹੇ। ਅੱਜ ਕਿਸਾਨ ਜਥੇਬੰਦੀ ਨੇ ਧੂਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਮੂਹਰੇ ਵੀ ਪੱਕਾ ਮੋਰਚਾ ਲਾ ਦਿੱਤਾ ਹੈ। ਇਸੇ ਤਰ੍ਹਾਂ ਕਿਸਾਨਾਂ ਵੱਲੋਂ ਸੂਬੇ ਵਿੱਚ 25 ਟੌਲ ਪਲਾਜ਼ਿਆਂ ਸਮੇਤ 52 ਥਾਵਾਂ ’ਤੇ ਧਰਨੇ ਜਾਰੀ ਹਨ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੇਂਦਰੀ ਖੁਰਾਕ ਮੰਤਰਾਲੇ ਦੀ ਪੰਜਾਬ ਦੇ ਚੌਲਾਂ ਦੇ ਨਮੂਨੇ ਫੇਲ੍ਹ ਹੋਣ ਵਾਲੀ ਰਿਪੋਰਟ ਨੂੰ ਮੋਦੀ ਸਰਕਾਰ ਵੱਲੋਂ ਝੋਨੇ ਦੀ ਖਰੀਦ ਤੋਂ ਭੱਜਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਮੰਡੀਆਂ ਵਿੱਚ ਨਮੀ ਮਾਪਣ ਵਾਲੀਆਂ ਮਸ਼ੀਨਾਂ ਸ਼ੈੱਲਰ ਮਾਲਕਾਂ ਦੇ ਮੁਨੀਮ ਚਲਾ ਰਹੇ ਹਨ ਜਦਕਿ ਅਸੂਲ ਮੁਤਾਬਿਕ ਇਹ ਕੰਮ ਸਿਰਫ਼ ਮਾਰਕੀਟ ਕਮੇਟੀ ਮੁਲਾਜ਼ਮਾਂ ਵੱਲੋਂ ਕੀਤਾ ਜਾਣਾ ਚਾਹੀਦਾ ਹੈ। ਚੁਕਾਈ ਦਾ ਕੰਮ ਵੀ ਨਾਂਮਾਤਰ ਹੀ ਹੋ ਰਿਹਾ ਹੈ ਜਦਕਿ ਅੱਧੇ ਤੋਂ ਵੱਧ ਝੋਨਾ ਅਜੈ ਮੰਡੀਆਂ ਵਿੱਚ ਆਉਣਾ ਬਾਕੀ ਹੈ। ਕਿਸਾਨ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਝੋਨੇ ਦੀ ਖਰੀਦ ਕਰਨ ਵਿੱਚ ਅਸਫ਼ਲ ਰਹੀਆਂ ਹਨ ਤੇ ਦੋਵੇਂ ਸਰਕਾਰਾਂ ਇੱਕ-ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ਕਰ ਕੇ ਸਮਾਂ ਲੰਘਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦੇ ਅਵੇਸਲੇਪਣ ਕਰ ਕੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ਜਦਕਿ ਦੋਵੇਂ ਸਰਕਾਰਾਂ ਨੂੰ ਸਿਆਸਤ ਛੱਡ ਕੇ ਕਿਸਾਨਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਮੁਕੱਦਮੇ ਦਰਜ ਕਰਨਾ ਤੇ ਜੁਰਮਾਨੇ ਲਾਉਣਾ ਅਤੇ ਲਾਲ ਐਂਟਰੀਆਂ ਦਾ ਜਬਰ ਤੁਰੰਤ ਬੰਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉੱਦੋਂ ਤੱਕ ਪੰਜਾਬ ਵਿੱਚ ‘ਆਪ’ ਦੇ ਮੰਤਰੀਆਂ ਤੇ ਵਿਧਾਇਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਜਾਰੀ ਰਹਿਣਗੇ।

Advertisement

Advertisement