For the best experience, open
https://m.punjabitribuneonline.com
on your mobile browser.
Advertisement

ਝੋਨੇ ਦੀ ਖ਼ਰੀਦ: ਕੇਂਦਰੀ ਮੰਤਰੀ ਨਾਲ ਭਲਕੇ ਮੁਲਾਕਾਤ ਕਰਨਗੇ ਮਾਨ

08:55 AM Oct 13, 2024 IST
ਝੋਨੇ ਦੀ ਖ਼ਰੀਦ  ਕੇਂਦਰੀ ਮੰਤਰੀ ਨਾਲ ਭਲਕੇ ਮੁਲਾਕਾਤ ਕਰਨਗੇ ਮਾਨ
ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੀ ਖ਼ਰੀਦ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
Advertisement

ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 12 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਦਰਪੇਸ਼ ਮੁਸ਼ਕਲਾਂ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦਾ ਦਰ ਖੜਕਾਉਣਗੇ। ਮੁੱਖ ਮੰਤਰੀ 14 ਅਕਤੂਬਰ ਨੂੰ ਕੇਂਦਰੀ ਖ਼ੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ ਅਤੇ ਮੀਟਿੰਗ ’ਚ ਸੂਬੇ ਦੇ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਏ ਜਾਣਗੇ। ਮੁੱਖ ਮੰਤਰੀ ਨੇ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਟੈਲੀਫ਼ੋਨ ’ਤੇ ਗੱਲ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਤੇ ਇਸ ਮਾਮਲੇ ’ਤੇ ਵਿਚਾਰ-ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ। ਚੇਤੇ ਰਹੇ ਕਿ ਐਤਵਾਰ 13 ਅਕਤੂਬਰ ਨੂੰ ਕਿਸਾਨਾਂ ਵੱਲੋਂ ਸੜਕ ਤੇ ਰੇਲ ਮਾਰਗ ਜਾਮ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਕਰਕੇ ਸੂਬੇ ’ਚ ਝੋਨੇ ਦੀ ਚੱਲ ਰਹੀ ਖ਼ਰੀਦ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ’ਤੇ ਕੇਂਦਰ ਨੂੰ ਹਮਦਰਦੀ ਨਾਲ ਗੌਰ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਜਿਣਸ ਲਈ ਕੀਤੀ ਜਾ ਰਹੀ ਅਦਾਇਗੀ ਦੇ ਨਾਲ-ਨਾਲ ਮੰਡੀਆਂ ਵਿੱਚ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਵੀ ਜਾਇਜ਼ਾ ਲਿਆ। ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਮੰਡੀਆਂ ’ਚੋਂ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਲਿਫ਼ਟਿੰਗ ਲਈ ਵਚਨਬੱਧ ਹੈ। ਹੁਣ ਤੱਕ 4.30 ਲੱਖ ਟਨ ਝੋਨਾ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਕਿਸਾਨਾਂ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

Advertisement

ਮੰਡੀਆਂ ਵਿੱਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ: ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਮੰਡੀਆਂ ’ਚ ਪਹੁੰਚਣ ਦੇ 24 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਜਿਣਸ ਖਰੀਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਜਿਣਸ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਉਹ ਪੂਰੀ ਖ਼ਰੀਦ ਪ੍ਰਕਿਰਿਆ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ। ਮਾਨ ਮੁਤਾਬਕ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ’ਤੇ ਹੀ ਅਦਾਇਗੀ ਕਰਨ ਲਈ ਵਿਸ਼ੇਸ਼ ਵਿਧੀ ਵਿਕਸਿਤ ਕੀਤੀ ਗਈ ਹੈ।

Advertisement

Advertisement
Author Image

Advertisement