ਪੰਜਾਬ ਵਿੱਚ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਕੀਤੀ ਜਾਵੇਗੀ ਸ਼ੁਰੂ
ਆਤਿਸ਼ ਗੁਪਤਾ/ਗੁਰਦੀਪ ਸਿੰਘ ਲਾਲੀ
ਚੰਡੀਗੜ੍ਹ/ਸੰਗਰੂਰ, 29 ਮਾਰਚ
ਪੰਜਾਬ ਸਰਕਾਰ ਨੇ ਐਤਕੀਂ ਪਹਿਲੀ ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਹਰ ਸਾਲ ਜੂਨ ਦੇ ਅੱਧ ਵਿੱਚ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਂਦੀ ਸੀ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਪੰਜਾਬ ਦੇ 23 ਜ਼ਿਲ੍ਹਿਆਂ ਨੂੰ 4 ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ੋਨ ਵਾਰ ਝੋਨਾ ਲਾਇਆ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿੱਚ ‘ਸਕੂਲ ਆਫ ਐਮੀਨੈਂਸ’ ਵਿੱਚ ਮਾਪੇ-ਅਧਿਆਪਕ ਮਿਲਣੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੂਬਾ ਸਰਕਾਰ ਨੇ ਕਿਸਾਨਾਂ ਨੂੰ ਮੁਸ਼ਕਲਾਂ ਤੋਂ ਬਚਾਉਣ ਲਈ ਝੋਨੇ ਦੀ ਲਵਾਈ 10-15 ਦਿਨ ਪਹਿਲਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਤੇ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਸੂਬਾ ਸਰਕਾਰ ਵੱਲੋਂ ਮੁਕੰਮਲ ਰਣਨੀਤੀ ਤਿਆਰ ਕਰ ਲਈ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਹਿਲਾਂ ਜੂਨ ਦੇ ਪਹਿਲੇ ਹਫ਼ਤੇ ਤੋਂ ਝੋਨੇ ਦੀ ਲੁਆਈ ਸ਼ੁਰੂ ਕੀਤੀ ਜਾਂਦੀ ਸੀ, ਪਰ ਉਸ ਸਮੇਂ ਕਿਸਾਨਾਂ ਨੂੰ ਬਿਜਲੀ ਸਪਲਾਈ ਤੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੱਤਾ ਵਿੱਚ ਆਉਣ ਤੋਂ ਬਾਅਦ ਝੋਨੇ ਦੀ ਲੁਆਈ ਜੂਨ ਦੇ ਅੱਧ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਕਰਕੇ ਕਿਸਾਨਾਂ ਨੂੰ ਫ਼ਸਲਾਂ ਦੀ ਵਿਕਰੀ ਅਕਤੂਬਰ ਮਹੀਨੇ ਵਿੱਚ ਕਰਨੀ ਪੈ ਰਹੀ ਸੀ। ਇਸ ਦੌਰਾਨ ਮੌਸਮ ਵਿੱਚ ਨਮੀ ਦੀ ਮਾਤਰਾ ਵਧਣ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਪੰਜਾਬ ਵਿੱਚ ਮੁੜ ਤੋਂ ਪਹਿਲੀ ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।