Pahalgam terror attack: ਮੋਦੀ ਨੇ ਸ਼ਾਹ ਨੂੰ ਢੁਕਵੇਂ ਕਦਮ ਚੁੱਕਣ ਤੇ ਜੰਮੂ-ਕਸ਼ਮੀਰ ਦਾ ਦੌਰਾ ਕਰਨ ਲਈ ਕਿਹਾ
ਹਾਲੀਆ ਸਾਲਾਂ ਦੌਰਾਨ ਆਮ ਲੋਕਾਂ 'ਤੇ ਕੀਤਾ ਗਿਆ ਸਭ ਤੋਂ ਵੱਡਾ ਹਮਲਾ: ਉਮਰ ਅਬਦੁੱਲਾ
ਨਵੀਂ ਦਿੱਲੀ, 22 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi ) ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਾਲਾਤ ਨਾਲ ਨਜਿੱਠਣ ਲਈ ਸਾਰੇ ਢੁਕਵੇਂ ਕਦਮ ਚੁੱਕਣ ਲਈ ਕਿਹਾ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਸ਼ਾਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦੌਰਾ ਕਰਨ ਲਈ ਵੀ ਕਿਹਾ ਹੈ।
ਗ਼ੌਰਤਲਬ ਹੈ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪ੍ਰਮੁੱਖ ਸੈਲਾਨੀ ਕੇਂਦਰ ਪਹਿਲਗਾਮ ਦੇ ਵਿਚ ਦਹਿਸ਼ਤਗਰਦਾਂ ਨੇ ਮੰਗਲਵਾਰ ਨੂੰ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ, ਜਿਸ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ ਅਤੇ ਘੱਟੋ-ਘੱਟ ਵਿਅਕਤੀ 20 ਜ਼ਖਮੀ ਹੋ ਗਏ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਹੈ ਕਿ ਮੌਤਾਂ ਦੀ ਗਿਣਤੀ ਦਾ ਪਤਾ ਲਗਾਇਆ ਜਾ ਰਿਹਾ ਹੈ। ਅਬਦੁੱਲਾ ਨੇ ਐਕਸ 'ਤੇ ਕੀਤੀ ਇੱਕ ਪੋਸਟ ਵਿੱਚ ਕਿਹਾ, "ਇਹ ਹਮਲਾ ਹਾਲ ਹੀ ਦੇ ਸਾਲਾਂ ਦੌਰਾਨ ਆਮ ਲੋਕਾਂ 'ਤੇ ਕੀਤੇ ਗਏ ਕਿਸੇ ਵੀ ਹਮਲੇ ਨਾਲੋਂ ਕਿਤੇ ਵੱਡਾ ਹੈ।" ਪੀਟੀਆਈ