Pak violates ceasefire ਪਾਕਿਸਤਾਨ ਵੱਲੋਂ ਲਗਾਤਾਰ 7ਵੀਂ ਰਾਤ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ
ਆਦਿਲ ਅਖਜ਼ਰ
ਸ੍ਰੀਨਗਰ, 1 ਮਈ
Pak violates ceasefire ਪਾਕਿਸਤਾਨੀ ਸਲਾਮਤੀ ਦਸਤਿਆਂ ਨੇ ਅੱਜ ਲਗਾਤਾਰ ਸੱਤਵੀਂ ਰਾਤ ਜੰਮੂ ਕਸ਼ਮੀਰ ਦੇ ਤਿੰਨ ਸਰਹੱਦੀ ਜ਼ਿਲ੍ਹਿਆਂ ਦੇ ਕਈ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕੀਤੀ। ਥਲ ਸੈਨਾ ਦੇ ਅਧਿਕਾਰੀਆਂ ਨੇ ਕਿਹਾ ਕਿ 30 ਅਪਰੈਲ ਤੇ 1 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਫੌਜ ਦੀਆਂ ਚੌਕੀਆਂ ਤੋਂ ਜੰਮੂ ਕਸ਼ਮੀਰ ਵਿਚ ਐੱਲਓਸੀ ਦੇ ਨਾਲ ਕੁੱਪਵਾੜਾ, ਉੜੀ ਤੇ ਅਖਨੂਰ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਫਾਇਰੰਗ ਕੀਤੀ। ਭਾਰਤੀ ਫੌਜ ਨੇ ਇਸ ਗੋਲੀਬਾਰੀ ਦਾ ਢੁੱਕਵਾਂ ਜਵਾਬ ਦਿੱਤਾ।
ਸ਼ੁਰੂਆਤ ਵਿੱਚ ਉੱਤਰੀ ਕਸ਼ਮੀਰ ਦੇ ਕੁਪਵਾੜਾ ਅਤੇ ਬਾਰਾਮੂਲਾ ਜ਼ਿਲ੍ਹਿਆਂ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੀਆਂ ਕਈ ਚੌਕੀਆਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਹੋਈ, ਪਰ ਪਾਕਿਸਤਾਨ ਨੇ ਗੋਲੀਬੰਦੀ ਦੀ ਉਲੰਘਣਾ ਨੂੰ ਪੁਣਛ ਸੈਕਟਰ ਅਤੇ ਬਾਅਦ ਵਿੱਚ ਜੰਮੂ ਖੇਤਰ ਦੇ ਅਖਨੂਰ ਸੈਕਟਰ ਤੱਕ ਵਧਾ ਦਿੱਤਾ।
ਇਸ ਤੋਂ ਬਾਅਦ ਮੰਗਲਵਾਰ ਰਾਤ ਨੂੰ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਅਤੇ ਨੌਸ਼ਹਿਰਾ ਸੈਕਟਰਾਂ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੀਆਂ ਕਈ ਚੌਕੀਆਂ '’ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ। ਇਸ ਤੋਂ ਬਾਅਦ ਬੁੱਧਵਾਰ ਨੂੰ ਜੰਮੂ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਰਗਵਾਲ ਸੈਕਟਰ ਤੱਕ ਗੋਲੀਬਾਰੀ ਦਾ ਵਿਸਥਾਰ ਕੀਤਾ।