ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ 1481 ਸ਼ਰਧਾਲੂਆਂ ਨੂੰ ਵੀਜ਼ੇ ਦੇਣ ਤੋਂ ਨਾਂਹ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਨਵੰਬਰ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਜਥੇ ਵਿੱਚੋਂ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ 1481 ਸ਼ਰਧਾਲੂਆਂ ਨੂੰ ਵੀਜ਼ੇ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ ਤੇ ਸ਼੍ਰੋਮਣੀ ਕਮੇਟੀ ਦੇ ਸਿਰਫ 763 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ।
ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਦਾਇਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1481 ਨੂੰ ਵੀਜ਼ਾ ਨਾ ਦੇਣਾ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿੱਚ ਹਮੇਸ਼ਾ ਕੋਟੇ ਅਨੁਸਾਰ ਵੀਜ਼ੇ ਮਿਲਦੇ ਸਨ, ਪਰ ਇਸ ਵਾਰ ਐਨੀ ਵੱਡੀ ਗਿਣਤੀ ਸ਼ਰਧਾਲੂਆਂ ਦੇ ਵੀਜ਼ੇ ਕੱਟ ਦਿੱਤੇ ਜਾਣ ਕਾਰਨ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਗੌਰ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਇਹ ਮਾਮਲਾ ਸਰਕਾਰਾਂ ਕੋਲ ਉਠਾਇਆ ਹੈ। ਇਸ ਮਾਮਲੇ ਨੂੰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਕੋਲ ਉਠਾਇਆ ਜਾਵੇਗਾ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 14 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ। ਦੇਸ਼ ਵੰਡ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਹੋਏ ਸਮਝੌਤੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸਿੱਖ ਸ਼ਰਧਾਲੂਆਂ ਦੇ ਚਾਰ ਜਥੇ ਪਾਕਿਸਤਾਨ ਭੇਜੇ ਜਾਂਦੇ ਹਨ ਜਿਸ ਤਹਿਤ ਸਿੱਖ ਸ਼ਰਧਾਲੂਆਂ ਦਾ ਸਭ ਤੋਂ ਵੱਡਾ ਜਥਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਤੇ ਵਿਸਾਖੀ ਮੌਕੇ ਭੇਜਿਆ ਜਾਂਦਾ ਹੈ।
ਦੋਵਾਂ ਗੁਰਪੁਰਬ ਮੌਕੇ ਲਗਪਗ 3000 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਂਦਾ ਹੈ ਜਦੋਂਕਿ ਬਾਕੀ ਦੋ ਵਾਰ 500-500 ਸਿੱਖ ਸ਼ਰਧਾਲੂਆਂ ਦਾ ਜਥਾ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਂਦਾ ਹੈ। ਇਨ੍ਹਾਂ ਜਥਿਆਂ ਦੌਰਾਨ ਸ਼੍ਰੋਮਣੀ ਕਮੇਟੀ ਨੂੰ 60 ਫੀਸਦੀ ਸ਼ਰਧਾਲੂ ਭੇਜਣ ਦਾ ਹੱਕ ਪ੍ਰਾਪਤ ਹੈ, ਜਦੋਂ ਕਿ ਬਾਕੀ 40 ਫੀਸਦ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼ਰਧਾਲੂ ਭੇਜੇ ਜਾਂਦੇ ਹਨ।