ਪਾਕਿ: ਚੋਣ ਨਿਸ਼ਾਨ ‘ਬੱਲਾ’ ਬਹਾਲ ਕਰਨ ਸਬੰਧੀ ਪੀਟੀਆਈ ਦੀ ਪਟੀਸ਼ਨ ਖਾਰਜ
ਲਾਹੌਰ, 4 ਜਨਵਰੀ
ਪਾਕਿਸਤਾਨ ਦੇ ਲਾਹੌਰ ਹਾਈ ਕੋਰਟ ਨੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਝਟਕਾ ਦਿੰਦਿਆਂ ਚੋਣ ਕਮਿਸ਼ਨ ਦੇ ਹੁਕਮਾਂ ਖ਼ਿਲਾਫ਼ ਦਾਇਰ ਉਸ ਦੀ ਇਕ ਪਟੀਸ਼ਨ ਖਾਰਜ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਇਮਰਾਨ ਦੀ ਪਾਰਟੀ ਦੀਆਂ ਜਥੇਬੰਦਕ ਚੋਣਾਂ ਨੂੰ ਗ਼ੈਰਸੰਵਿਧਾਨਕ ਕਰਾਰ ਦਿੱਤਾ ਸੀ ਅਤੇ ਉਸ ਦਾ ਚੋਣ ਨਿਸ਼ਾਨ ‘ਕ੍ਰਿਕਟ ਦਾ ਬੱਲਾ’ ਰੱਦ ਕਰ ਦਿੱਤਾ ਸੀ। ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੀਟੀਆਈ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਸੁਪਰੀਮ ਕੋਰਟ ਭਲਕੇ 5 ਜਨਵਰੀ ਨੂੰ ਮਾਮਲੇ ’ਤੇ ਸੁਣਵਾਈ ਕਰੇਗਾ।
ਮੀਡੀਆ ਰਿਪੋਰਟਾਂ ਅਨੁਸਾਰ ਹਾਈ ਕੋਰਟ ਦੇ ਜਸਟਿਸ ਜਵਾਦ ਹਸਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਆਗੂ ਉਮਰ ਆਫਤਾਬ ਢਿੱਲੋਂ ਦੀ ਪਟੀਸ਼ਨ ਨੂੰ ਸਵੀਕਾਰ ਨਾ ਕਰਨਯੋਗ ਦੱਸਿਆ। ਜ਼ਿਕਰਯੋਗ ਹੈ ਕਿ 22 ਦਸੰਬਰ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਪੀਟੀਆਈ ਦੀਆਂ ਅੰਦਰੂਨੀ ਚੋਣਾਂ ਨੂੰ ਖਾਰਜ ਕਰਨ ਦੇ ਨਾਲ ਹੀ ਪਾਰਟੀ ਦਾ ਚੋਣ ਨਿਸ਼ਾਨ ‘ਬੱਲਾ’ ਵੀ ਰੱਦ ਕਰ ਦਿੱਤਾ ਸੀ। ਦਸੰਬਰ ’ਚ ਹੋਈਆਂ ਪਾਰਟੀਆਂ ਦੀਆਂ ਜਥੇਬੰਦਕ ਚੋਣਾਂ ’ਚ ਬੈਰਿਸਟਰ ਗੌਹਰ ਖਾਨ ਨੂੰ ਪਾਰਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਸੀ। ਬੀਤੇ ਦਿਨ ਸੁਣਵਾਈ ਦੌਰਾਨ ਪੀਟੀਆਈ ਦੇ ਵਕੀਲ ਨੇ ਲਾਹੌਰ ਹਾਈ ਕੋਰਟ ਨੂੰ ਚੋਣ ਕਮਿਸ਼ਨ ਦਾ ਹੁਕਮ ਰੱਦ ਕਰਨ ਅਤੇ ਉਸ ਨੂੰ ਪਾਰਟੀ ਦੀਆਂ ਅੰਦਰੂਨੀ ਚੋਣਾਂ ਲਈ ਸਰਟੀਫਿਕੇਟ ਆਪਣੀ ਵੈੱਬਸਾਈਟ ’ਤੇ ਪ੍ਰਕਾਸ਼ਿਤ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ। -ਪੀਟੀਆਈ
ਪੀਪੀਪੀ ਨੇ ਬਿਲਾਵਲ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ
ਲਾਹੌਰ: ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ ਅੱਠ ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਚੇਅਰਮੈਨ ਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਅਧਿਕਾਰਤ ਤੌਰ ’ਤੇ ਆਪਣੀ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੀਪੀਪੀ ਦੀ ਕੇਂਦਰੀ ਕਾਰਜਕਾਰੀ ਕਮੇਟੀ ਦੀ ਬੀਤੇ ਦਿਨ ਆਮ ਚੋਣਾਂ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਸਬੰਧੀ ਕੀਤੀ ਗਈ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ’ਚ ਪਾਰਟੀ ਦੇ ਚੋਣ ਮੈਨੀਫੈਸਟੋ ’ਤੇ ਚਰਚਾ ਕੀਤੀ ਗਈ ਜਿਸ ’ਚ ਨੌਜਵਾਨਾਂ, ਮਹਿਲਾ ਸ਼ਕਤੀਕਰਨ, ਰੁਜ਼ਗਾਰ, ਸਿਹਤ ਤੇ ਸਿੱਖਿਆ ਨੂੰ ਪਹਿਲ ਦੇਣ ਦਾ ਫ਼ੈਸਲਾ ਕੀਤਾ ਗਿਆ। -ਪੀਟੀਆਈ