ਪਾਕਿ: ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਦਾਗ਼ੇ
ਲਾਹੌਰ, 17 ਅਕਤੂਬਰ
ਪਾਕਿਸਤਾਨੀ ਪੁਲੀਸ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਭੀੜ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਦਾਗ਼ੇ। ਇਹ ਵਿਦਿਆਰਥੀ ਕੈਂਪਸ ਵਿੱਚ ਕਥਿਤ ਜਬਰ-ਜਨਾਹ ਮਾਮਲੇ ਖ਼ਿਲਾਫ਼ ਰੋਸ ਜ਼ਾਹਿਰ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਨੇ ਕੈਂਪਸ ਦੀ ਇਮਾਰਤ ਦੀ ਭੰਨ-ਤੋੜ ਵੀ ਕੀਤੀ। ਪੂਰਬੀ ਸ਼ਹਿਰ ਲਾਹੌਰ ਵਿੱਚ ਕਥਿਤ ਜਬਰ-ਜਨਾਹ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਰਾਹੀਂ ਵਾਇਰਲ ਹੋਣ ਮਗਰੋਂ ਕਾਲਜ ਕੈਂਪਸ ’ਚ ਤਣਾਅ ਵਧ ਗਿਆ ਅਤੇ ਹੁਣ ਤੱਕ ਚਾਰ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਹੋ ਚੁੱਕੇ ਹਨ। ਤਾਜ਼ਾ ਹਿੰਸਾ ਉਦੋਂ ਸ਼ੁਰੂ ਹੋਈ ਜਦੋਂ ਸੈਂਕੜੇ ਵਿਦਿਆਰਥੀਆਂ ਨੇ ਪੰਜਾਬ ਸੂਬੇ ਦੇ ਰਾਵਲਪਿੰਡੀ ਸ਼ਹਿਰ ਵਿੱਚ ਇੱਕ ਕੈਂਪਸ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਾਲਜ ਦੀ ਇਮਾਰਤ ਦੀ ਭੰਨ-ਤੋੜ ਕਰਨ ਤੋਂ ਪਹਿਲਾਂ ਫਰਨੀਚਰ ਸਾੜ ਦਿੱਤਾ ਅਤੇ ਆਵਾਜਾਈ ਵਿੱਚ ਵਿਘਨ ਪਾਇਆ। ਪੁਲੀਸ ਅਧਿਕਾਰੀ ਮੁਹੰਮਦ ਅਫ਼ਜ਼ਲ ਨੇ ਦੱਸਿਆ ਕਿ ਪੁਲੀਸ ਨੇ ਭੀੜ ਨੂੰ ਖਦੇੜਨ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ। ਇੱਕ ਬਿਆਨ ਵਿੱਚ ਪੁਲੀਸ ਨੇ ਕਿਹਾ ਕਿ ਉਨ੍ਹਾਂ ਸ਼ਾਂਤੀ ਭੰਗ ਕਰਨ ਦੇ ਦੋਸ਼ ਹੇਠ 250 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। -ਪੀਟੀਆਈ
ਮਰੀਅਮ ਨੇ ਪੀਟੀਆਈ ’ਤੇ ਫਰਜ਼ੀ ਵੀਡੀਓ ਵਾਇਰਲ ਕਰਨ ਦਾ ਦੋਸ਼ ਲਾਇਆ
ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ’ਤੇ ਸੋਸ਼ਲ ਮੀਡੀਆ ਰਾਹੀਂ ਫ਼ਰਜ਼ੀ ਵੀਡੀਓ ਵਾਇਰਲ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਹਾਦਸਾ ਵਾਪਰਿਆ ਹੀ ਨਹੀਂ।