ਪਾਕਿਸਤਾਨ: ਕਣਕ ਦੀ ਸਰਕਾਰੀ ਖਰੀਦ ਨਾ ਕਰਨ ਖ਼ਿਲਾਫ਼ ਸੂਬਾ ਪੰਜਾਬ ਦੇ ਕਿਸਾਨਾਂ ਨੇ ਲਾਹੌਰ ਹਾਈ ਕੋਰਟ ਦਾ ਦਰ ਖੜਕਾਇਆ
ਇਸਲਾਮਾਬਾਦ, 29 ਅਪਰੈਲ
ਪਾਕਿਸਤਾਨੀ ਪੰਜਾਬ ਦੇ ਕਿਸਾਨਾਂ ਨੇ ਸੂਬਾਈ ਸਰਕਾਰ ਵੱਲੋਂ ਕਣਕ ਖਰੀਦਣ ਤੋਂ ਇਨਕਾਰ ਕਰਨ ਖ਼ਿਲਾਫ਼ ਅੱਜ ਲਾਹੌਰ ਹਾਈ ਕੋਰਟ ਦਾ ਦਰ ਖੜਕਾਇਆ ਹੈ। ਵੇਰਵਿਆਂ ਅਨੁਸਾਰ ਫ਼ਰਹਤ ਮਨਜ਼ੂਰ ਨੇ ਲਾਹੌਰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੋਂ ਕਣਕ ਖਰੀਦਣ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਤੋਂ ਸਰਕਾਰੀ ਕੀਮਤ 'ਤੇ ਕਣਕ ਖਰੀਦਣ ਲਈ ਪਾਬੰਦ ਹੈ ਅਤੇ ਉਸ ਨੇ ਪਾਕਿਸਤਾਨੀ ਰੁਪਏ (ਪੀਕੇਆਰ) 3900 ਪ੍ਰਤੀ ਮਣ ਦੇ ਹਿਸਾਬ ਨਾਲ ਕਿਸਾਨਾਂ ਤੋਂ ਕਣਕ ਖਰੀਦਣ ਦੀ ਨੀਤੀ ਦਾ ਐਲਾਨ ਕੀਤਾ ਹੈ। ਹਾਲਾਂਕਿ ਸਰਕਾਰ ਨੇ ਇਸ ਨੀਤੀ ਨੂੰ ਲਾਗੂ ਨਹੀਂ ਕੀਤਾ ਹੈ। ਪੰਜਾਬ ਸਰਕਾਰ ਨੇ 22 ਅਪਰੈਲ ਤੋਂ ਕਿਸਾਨਾਂ ਤੋਂ ਕਣਕ ਦੀ ਖਰੀਦ ਕਰਨੀ ਸੀ ਪਰ ਹਾਲੇ ਤੱਕ ਕਣਕ ਦੀ ਖਰੀਦ ਬਾਰੇ ਕੋਈ ਕਦਮ ਨਹੀਂ ਚੁੱਕਿਆ ਗਿਆ। ਰਿਪੋਰਟ ਅਨੁਸਾਰ ਮੀਂਹ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਘੱਟ ਕੀਮਤ 'ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪਟੀਸ਼ਨਰ ਨੇ ਅਦਾਲਤ ਤੋਂ ਮੰਗ ਕੀਤੀ ਕਿ ਸਰਕਾਰ ਨੂੰ ਕਿਸਾਨਾਂ ਤੋਂ ਕਣਕ ਖਰੀਦਣ ਅਤੇ ਮਾਫੀਆ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾਣ। ਖੁਰਾਕ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ।