ਪਨਬੱਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਦੋ ਘੰਟੇ ਬੱਸਾਂ ਦਾ ਚੱਕਾ ਜਾਮ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 23 ਅਕਤੂਬਰ
ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਇੱਥੇ ਦੋ ਘੰਟੇ ਲਈ ਬੱਸਾਂ ਦਾ ਪਹੀਆ ਜਾਮ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਠੇਕਾ ਕਰਮਚਾਰੀਆਂ ਨੇ ਏਸੀ ਬੱਸ ਅੱਡਾ ਫੇਜ਼-6 ਦੇ ਬਾਹਰ ਬੱਸਾਂ ਖੜ੍ਹੀਆਂ ਕਰ ਕੇ ਪੰਜਾਬ ਦੀ ‘ਆਪ’ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਯਾਤਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਪਨਬੱਸ ਕੰਟਰੈਕਟਰ ਵਰਕਰਜ਼ ਯੂਨੀਅਨ ਚੰਡੀਗੜ੍ਹ ਡਿੱਪੂ ਦੇ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਹੋਣੀ ਸੀ, ਜਿਸ ਨੂੰ ਲੈ ਕੇ ਪਨਬੱਸ ਠੇਕਾ ਮੁਲਾਜ਼ਮ ਕਾਫ਼ੀ ਉਤਸ਼ਾਹਿਤ ਸਨ ਪ੍ਰੰਤੂ ਟਰਾਂਸਪੋਰਟ ਮੰਤਰੀ ਨੇ ਮੀਟਿੰਗ ਤੋਂ ਦੂਰੀ ਬਣਾ ਕੇ ਉਨ੍ਹਾਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਪਨਬੱਸ ਯੂਨੀਅਨ ਨੂੰ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੀ ਆ ਰਹੀ ਹੈ। ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ, ਜਿਸ ਕਾਰਨ ਠੇਕਾ ਕਾਮਿਆਂ ਨੂੰ ਅੱਜ ਦੋ ਘੰਟੇ ਬੱਸਾਂ ਦਾ ਪਹੀਆ ਜਾਮ ਕਰ ਕੇ ਸਰਕਾਰ ਵਿਰੁੱਧ ਥਾਂ-ਥਾਂ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਮੁਕੰਮਲ ਹੜਤਾਲ ’ਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਬੁਲਾਰਿਆਂ ਨੇ ਕਿਹਾ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਸੇਵਾ ਨੇਮਾਂ ਤਹਿਤ ਪੱਕੇ ਕਰਨਾ, ਠੇਕੇਦਾਰੀ ਸਿਸਟਮ ਤਹਿਤ ਹੋ ਰਹੀ ਲੁੱਟ ਖ਼ਤਮ ਕਰਨਾ, ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ‘ਬਰਾਬਰ-ਕੰਮ-ਬਰਾਬਰ ਤਨਖ਼ਾਹ’ ਲਾਗੂ ਕਰਨਾ, ਨਿਗੂਣੀਆਂ ਤਨਖ਼ਾਹ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹ ਵਿੱਚ ਇਕਸਾਰਤਾ ਕਰਨੀ, ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਬੱਸਾਂ ਬੰਦ ਕਰਨ, ਫਾਰਗ ਕੀਤੇ ਮੁਲਾਜ਼ਮਾਂ ਦੀ ਬਹਾਲੀ ਅਤੇ ਟਰਾਂਸਪੋਰਟ ਮਾਫ਼ੀਆ ਦਾ ਖ਼ਾਤਮਾ ਸਮੇਤ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ ਜਾਵੇ। ਆਗੂਆਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਦਫ਼ਤਰ ਨੇ 29 ਅਕਤੂਬਰ ਨੂੰ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਮੀਟਿੰਗ ਵਿੱਚ ਉਪਰੋਕਤ ਮਸਲਿਆਂ ਦਾ ਹੱਲ ਨਹੀਂ ਹੋਇਆ ਤਾਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 3 ਨਵੰਬਰ ਨੂੰ ਬਰਨਾਲਾ ਤੇ ਚੱਬੇਵਾਲ ਅਤੇ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਤੇ ਗਿੱਦੜਬਾਹਾ ਹਲਕਿਆਂ ਵਿੱਚ ਸਰਕਾਰ ਖ਼ਿਲਾਫ਼ ਝੰਡਾ ਮਾਰਚ ਕੀਤਾ ਜਾਵੇਗਾ। ਜੇਕਰ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਅੱਗੇ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ।