ਪੰਚਾਇਤੀ ਚੋਣਾਂ: ਨਾਮਜ਼ਦਗੀ ਪੱਤਰਾਂ ਤੋਂ ਲੈ ਕੇ ਪੋਲਿੰਗ ਤੱਕ ਸਾਰੇ ਪ੍ਰਬੰਧ ਮੁਕੰਮਲ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਸਤੰਬਰ
ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਬਿਨਾਂ ਕਿਸੇ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਵਿੱਚ ਕੋਈ ਵਿਘਨ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਦੇ ਮੱਦੇਨਜ਼ਰ, ਜ਼ਿਲ੍ਹਾ ਪੁਲੀਸ ਮੁਖੀ, ਆਰਓਜ਼ ਅਤੇ ਡੀਐੱਸਪੀਜ਼ ਨਾਲ ਮੀਟਿੰਗ ਕੀਤੀ। ਡੀਸੀ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ 27 ਸਤੰਬਰ ਤੋਂ 4 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾਣਗੇ ਪਰ ਸਰਕਾਰੀ ਛੁੱਟੀ ਵਾਲੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਨਹੀਂ ਭਰਿਆ ਜਾਵੇਗਾ। ਨਾਮਜ਼ਦਗੀ ਪੱਤਰਾਂ ਦੀ 5 ਅਕਤੂਬਰ ਨੂੰ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਵੋਟ ਪੈਣਗੀਆਂ ਅਤੇ ਉਸੇ ਦਿਨ ਹੀ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ। ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਪੰਚਾਇਤ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਹੈ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੋਏ ਹੁਕਮਾਂ ਦੀ ਤਮੀਲ ਕਰਦਿਆਂ ਸਾਰੇ ਅਸਲਾ ਲਾਇਸੈਂਸਧਾਰਕਾਂ ਕੋਲੋਂ ਅਸਲਾ ਜਮ੍ਹਾਂ ਕਰਵਾਉਣ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਲਾਇਸੈਂਸੀ ਅਸਲਾਧਾਰਕਾਂ ਨੂੰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪਣਾ ਅਸਲਾ ਥਾਣੇ ਜਾਂ ਅਸਲਾ ਡੀਲਰ ਕੋਲ 29 ਸਤੰਬਰ ਤੱਕ ਜਮ੍ਹਾਂ ਕਰਵਾਉਣ। ਇਹ ਹੁਕਮ ਅੱਜ ਤੋਂ ਲੈ ਕੇ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ।