ਪੰਚਾਇਤੀ ਚੋਣਾਂ: ਬੀਡੀਪੀਓ ਤੇ ਰਿਟਰਨਿੰਗ ਅਫ਼ਸਰ ਨੂੰ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ
ਮਿਹਰ ਸਿੰਘ
ਕੁਰਾਲੀ, 3 ਅਕਤੂਬਰ
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਬਲਾਕ ਮਾਜਰੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਮਜ਼ਦਗੀਆਂ ਭਰਨ ਲਈ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਲਈ ਬੀਡੀਪੀਓ ਦਫ਼ਤਰ ਆ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦਰਪੇਸ਼ ਮੁਸ਼ਕਿਲਾਂ ਸਬੰਧੀ ਬੀਡੀਪੀਓ ਅਤੇ ਰਿਟਰਨਿੰਗ ਅਫ਼ਸਰ ਨਾਲ ਮੁਲਾਕਾਤ ਕੀਤੀ। ਬਲਾਕ ਮਾਜਰੀ ਦੇ ਤਹਿਸੀਲ ਕੰਪਲੈਕਸ ਦਾ ਦੌਰਾ ਕਰਨ ਮੌਕੇ ਸ੍ਰੀ ਕੰਗ ਨੂੰ ਇਲਾਕਾ ਨਿਵਾਸੀਆਂ ਨੇ ਪੰਚਾਇਤ ਚੋਣਾਂ ਦੀਆਂ ਨਾਮਜ਼ਦਗੀਆਂ ਲਈ ਗੁੰਝਲਦਾਰ ਪ੍ਰਕਿਰਿਆ ਸਬੰਧੀ ਜਾਣੂ ਕਰਵਾਇਆ ਅਤੇ ਦੋ ਛੁੱਟੀਆਂ ਤੋਂ ਬਾਅਦ ਨਾਮਜ਼ਦਗੀਆਂ ਲਈ ਕੇਵਲ ਸ਼ੁੱਕਰਵਾਰ ਦਾ ਇੱਕ ਦਿਨ ਰਹਿ ਜਾਣ ’ਤੇ ਚਿੰਤਾ ਪ੍ਰਗਟਾਈ। ਇਸ ਸਬੰਧੀ ਸ੍ਰੀ ਕੰਗ ਨੇ ਤੁਰੰਤ ਰਾਜ ਚੋਣ ਕਮਿਸ਼ਨ ਤੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਅੰਤਿਮ ਮਿਤੀ ਵਿੱਚ ਵਾਧਾ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਸ੍ਰੀ ਕੰਗ ਨੇ ਕਿਹਾ ਕਿ ਜੇ ਆਖਰੀ ਮਿਤੀ 4 ਅਕਤੂਬਰ ਤੋਂ ਨਾ ਵਧਾਈ ਗਈ ਤਾਂ ਬਹੁਤ ਸਾਰੇ ਚੋਣਾਂ ਲੜਨ ਦੇ ਚਾਹਵਾਨ ਨਾਮਜ਼ਦਗੀਆਂ ਭਰਨ ਤੋਂ ਵਾਂਝੇ ਰਹਿ ਜਾਣਗੇ ਜੋ ਕਿ ਲੋਕਤੰਤਰ ਦਾ ਘਾਣ ਹੋਵੇਗਾ। ਉਨ੍ਹਾਂ ਕਿਹਾ ਕਿ ਗੁੰਝਲਦਾਰ ਪ੍ਰਕਿਰਿਆ ਅਤੇ ਨਾਮਜ਼ਦਗੀਆਂ ਦੇ ਦਿਨਾਂ ਵਿੱਚ ਲਗਾਤਾਰ ਚਾਰ ਛੁੱਟੀਆਂ ਆ ਜਾਣ ਕਾਰਨ ਚੋਣ ਕਮਿਸ਼ਨ ਨੂੰ ਇਸ ਸਬੰਧੀ ਤੁਰੰਤ ਫ਼ੈਸਲਾ ਲੈ ਕੇ ਅੰਤਿਮ ਮਿਤੀ ਵਿੱਚ ਵਾਧਾ ਕਰਨਾ ਚਾਹੀਦਾ ਹੈ।
ਇਸੇ ਦੌਰਾਨ ਸ੍ਰੀ ਕੰਗ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਜਰੀ ਤੇ ਬਲਾਕ ਮਾਜਰੀ ਦੇ ਰਿਟਰਨਿੰਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਾਮਜ਼ਦਗੀਆਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ। ਸ੍ਰੀ ਕੰਗ ਨੇ ਦੱਸਿਆ ਕਿ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਕਿਸੇ ਵੀ ਨਾਮਜ਼ਦਗੀਆਂ ਸਬੰਧੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।