ਪੰਚਾਇਤ ਚੋਣਾਂ: ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਦੇ ਹੁਕਮ
ਮਹਿੰਦਰ ਸਿੰਘ ਰੱਤੀਆਂ
ਮੋਗਾ, 3 ਅਕਤੂਬਰ
ਐੱਸਐੱਸਪੀ ਅਜੇ ਗਾਂਧੀ ਨੇ ਪੰਚਾਇਤ ਚੋਣਾਂ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਐੱਸਪੀਜ਼, ਡੀਐੱਸਪੀਜ਼, ਥਾਣਾ ਤੇ ਚੌਕੀ ਮੁਖੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਅੰਦਰ ਨਾ ਕੇ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਐੱਸਐੱਸਪੀ ਅਜੇ ਗਾਂਧੀ ਨੇ ਕਿਹਾ ਕਿ ਪੁਲੀਸ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਪੰਚਾਇਤ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਕਰ ਕੇ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਇਆ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਲੋਕਾਂ ਦਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਵਿਭਾਗੀ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ। ਉਨ੍ਹਾਂ ਨਸ਼ੇ ਦੀ ਸਪਲਾਈ ਲਾਈਨ ਤੋੜਨ, ਨਾਜਾਇਜ਼ ਸ਼ਰਾਬ ਅਤੇ ਰੇਤ ਮਾਫੀਏ ਨਾਲ ਕਰੜੇ ਹੱਥੀਂ ਨਿਪਟਣ ਲਈ ਇਕਜੁਟਤਾ ਨਾਲ ਕੰਮ ਕਰਨ ਲਈ ਆਖਿਆ।
ਅੰਤਰਰਾਜੀ ਨਾਕਿਆਂ ’ਤੇ ਸਖ਼ਤੀ ਵਰਤੀ ਜਾਵੇ: ਆਈਜੀ ਭੁੱਲਰ
ਬਠਿੰਡਾ (ਪੱਤਰ ਪ੍ਰੇਰਕ): ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐੱਸਐੱਸਪੀ ਅਮਨੀਤ ਕੌਂਡਲ ਨੇ ਸਮੂਹ ਜੀ.ਓਜ਼, ਐੱਸ.ਐੱਚ.ਓਜ਼. ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕੀਤੀ। ਡੀਆਈਜੀ ਬਠਿੰਡਾ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਗਾਮੀ ਪੰਚਾਇਤੀ ਚੋਣਾਂ ਅਤੇ ਹਰਿਆਣਾ ’ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅੰਤਰਰਾਜੀ ਨਾਕਿਆਂ ‘ਤੇ ਪੂਰੀ ਸਖ਼ਤੀ ਵਰਤੀ ਜਾਵੇ। ਐਸਐਸਪੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਥਾਣਿਆਂ/ਯੂਨਿਟਾਂ ਵਿੱਚ ਲੰਬਿਤ ਪਏ ਕੇਸਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਐਸਪੀਜ਼, ਡੀਐਸਪੀਜ਼, ਐਸਐਚਓ ਅਤੇ ਇੰਚਾਰਜ ਚੌਂਕੀਆਂ ਦੇ ਅਧਿਕਾਰੀ ਹਾਜਰ ਸਨ।