ਪੰਚਾਇਤ ਚੋਣਾਂ: ਚੋਣ ਸਮੱਗਰੀ ਸਣੇ ਬੂਥਾਂ ’ਤੇ ਪੁੱਜਾ ਅਮਲਾ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 14 ਅਕਤੂਬਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਚੋਣ ਅਮਲੇ ਨੂੰ ਬੈਲੇਟ ਪੇਪਰ ਅਤੇ ਹੋਰ ਲੋੜੀਂਦੀ ਚੋਣ ਸਮੱਗਰੀ ਦੇ ਕੇ ਵੱਖ-ਵੱਖ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਭਲਕੇ 266 ਗਰਾਮ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ ਜਦੋਂਕਿ 63 ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਪੰਚਾਇਤ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਸ਼ਾਂਤਮਈ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ 46 ਅਤਿ-ਸੰਵੇਦਨਸ਼ੀਲ ਅਤੇ 103 ਸੰਵੇਦਨਸ਼ੀਲ ਪੋਲਿੰਗ ਬੂਥ ਹਨ ਜਿੱਥੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਮਤਦਾਨ ਦੌਰਾਨ ਵੀਡੀਓਗਰਾਫ਼ੀ ਕਰਨ ਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਮਗਰੋਂ ਸਬੰਧਤ ਬੂਥਾਂ ਉੱਤੇ ਹੀ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ।
ਇਸ ਦੌਰਾਨ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਦੋ ਹਜ਼ਾਰ ਤੋਂ ਵੱਧ ਪੁਲੀਸ ਕਰਮਚਾਰੀ ਤਾਇਨਾਤ ਰਹਿਣਗੇ, ਜੋ ਚੋਣ ਪ੍ਰਕਿਰਿਆ ਅਤੇ ਹਰੇਕ ਆਉਣ ਜਾਣ ਵਾਲੇ ’ਤੇ ਤਿੱਖੀ ਨਜ਼ਰ ਰੱਖਣਗੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਥਿਤੀ ਨੂੰ ਸੰਭਾਲਣ ਅਤੇ ਲੋੜ ਪੈਣ ’ਤੇ ਤੁਰੰਤ ਮੌਕੇ ਉੱਤੇ ਪਹੁੰਚਣ ਲਈ ਚੋਣ ਡਿਊਟੀ ਸੁਰੱਖਿਆ ਕਰਮਚਾਰੀ, ਮੋਬਾਈਲ ਟੀਮਾਂ ਅਤੇ ਗਸ਼ਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਐਸਪੀ ਅਤੇ ਡੀਐਸਪੀਜ਼ ਨੂੰ ਵਿਸ਼ੇਸ਼ ਹਿੱਸਿਆਂ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੋਂ ਅਗਲੇ 24 ਘੰਟੇ ਪੁਲੀਸ ਗਸ਼ਤ ਤੇਜ਼ ਕੀਤੀ ਜਾਵੇਗੀ ਅਤੇ 30 ਤੋਂ ਵੱਧ ਪੁਲੀਸ ਨਾਕੇ ਲਗਾਏ ਜਾਣਗੇ।
ਇਸ ਦੌਰਾਨ ਜ਼ਿਲ੍ਹਾ ਚੋਣਕਾਰ ਅਫ਼ਸਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰਿਕ ਨੇ ਮੁਹਾਲੀ ਜ਼ਿਲ੍ਹੇ ਵਿੱਚ ਪੰਚਾਇਤੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਅੱਜ ਡਿਸਪੈਚ ਸੈਂਟਰਾਂ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਦਾ ਤੂਫ਼ਾਨੀ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਪੰਚਾਇਤੀ ਚੋਣਾਂ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਤੋਂ ਜ਼ਰੂਰੀ ਸਾਜ਼ੋ-ਸਾਮਾਨ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਅਤੇ ਕੰਟਰੋਲਿੰਗ ਅਫਸਰ ਕਮ ਉਪ ਮੰਡਲ ਜਸਪ੍ਰੀਤ ਸਿੰਘ ਨੇ ਸਕੂਲ ਵਿੱਚ ਪਹੁੰਚ ਕੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ। ਪੋਲਿੰਗ ਬੂਥਾਂ ਉਤੇ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਮਤਦਾਨ ਹੋਵੇਗਾ। ਪ੍ਰਭਾਵਸ਼ਾਲੀ ਢੰਗ ਨਾਲ ਸੈਂਟਰ ਵਿਚ ਪੋਲਿੰਗ ਪਾਰਟੀਆਂ ਦਾ ਸਵਾਗਤ ਕੀਤਾ ਗਿਆ ਅਤੇ ਪੋਲਿੰਗ ਲਈ ਵਰਤੇ ਜਾਣ ਵਾਲੇ ਸਮਾਨ ਦੇ ਨਾਲ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 159 ਪੰਚਾਇਤਾ ਵਿੱਚੋਂ ਸਰਬਸੰਮਤੀ ਨਾਲ 26 ਪੰਚਾਇਤਾ ਦੀ ਚੋਣ ਹੋ ਚੁੱਕੀ ਹੈ ਅਤੇ 133 ਪੰਚਾਇਤਾਂ ਲਈ ਵੋਟਾਂ ਪੈਣਗੀਆਂ।
ਰੂਪਨਗਰ (ਜਗਮੋਹਨ ਸਿੰਘ): ਗ੍ਰਾਮ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਚੋਣ ਅਮਲੇ ਦੀਆਂ ਟੀਮਾਂ ਜ਼ਿਲ੍ਹਾ ਰੂਪਨਗਰ ਦੇ ਚੋਣਾਂ ਵਾਲੇ ਪਿੰਡਾਂ ਵਿੱਚ ਪੋਲਿੰਗ ਬੂਥਾਂ ’ਤੇ ਪੁੱਜ ਗਈਆਂ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੰਚਾਇਤ ਚੋਣਾਂ ਲਈ ਸਾਰੇ ਐੱਸਡੀਐੱਮਜ਼ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਬੈਲੇਟ ਪੇਪਰਾਂ, ਮਤਦਾਨ ਪੇਟੀਆਂ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਹੇਠ ਰਵਾਨਾ ਕੀਤਾ ਗਿਆ ਹੈ। ਉਨ੍ਹਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
ਪਟੀਸ਼ਨਾਂ ਰੱਦ ਹੋਣ ਮਗਰੋਂ ਕਈ ਉਮੀਦਵਾਰ ਦੁਬਿਧਾ ’ਚ
ਫ਼ਤਹਿਗੜ੍ਹ ਸਾਹਿਬ /ਅਮਲੋਹ (ਡਾ. ਹਿਮਾਂਸ਼ੂ ਸੂਦ/ਰਾਮ ਸਰਨ ਸੂਦ): ਪੰਚਾਇਤੀ ਚੋਣਾਂ ਨੂੰ ਮੁੱਖ ਰੱਖ ਕੇ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਪੱਬਾਂ ਭਾਰ ਹੈ, ਉਥੇ ਪਿੰਡਾਂ ਵਿਚ ਚੋਣ ਲੜ ਰਹੇ ਉਮੀਦਵਾਰਾਂ ਨੇ ਆਪਣੇ ਅੰਤਿਮ ਦੌਰ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰਾਪਤ ਸੂਚਨਾ ਅਨੁਸਾਰ ਚੋਣ ਕਮਿਸ਼ਨ ਦੀਆਂ ਪਾਬੰਦੀਆਂ ਦੇ ਕਈ ਪਿੰਡਾਂ ਵਿਚ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਕਥਿਤ ਲਾਲਚ ਦੇਣ ਦੀ ਚਰਚਾ ਹੈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਚੋਣਾਂ ਸਬੰਧੀ ਪਟੀਸ਼ਨਾਂ ਰੱਦ ਕੀਤੇ ਜਾਣ ਮਗਰੋਂ ਕਈ ਉਮੀਦਵਾਰ ਤੇ ਸਿਆਸੀ ਨੇਤਾ ਦੁਬਿਧਾ ਵਿੱਚ ਹਨ। ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਨੂੰ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।