ਪੰਚਾਇਤੀ ਚੋਣਾਂ: ਨੂਰਪੁਰ ਬੇਦੀ ਦੇ 41 ਪਿੰਡਾਂ ’ਚ ਸਰਬਸੰਮਤੀ ਨਾਲ ਚੋਣ
ਬਲਵਿੰਦਰ ਰੈਤ
ਨੂਰਪੁਰ ਬੇਦੀ, 7 ਅਕਤੂਬਰ
ਬਲਾਕ ਨੂਰਪੁਰ ਬੇਦੀ ਦੀਆਂ ਕੁਲ 138 ਪਿੰਡਾਂ ਦੀਆਂ ਪੰਚਾਇਤਾਂ ਵਿੱਚੋ 41 ਪਿੰਡਾਂ ਦੀਆਂ ਪੰਚਾਇਤਾਂ ਨੂੰ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਬਾਕੀ ਪਿੰਡਾਂ ਵਿੱਚ ਸਰਪੰਚੀ ਅਤੇ ਪੰਚੀ ਦੀ ਮੁਕਾਬਲੇ ਦੇਖਣ ਨੂੰ ਮਿਲਣਗੇ। ਕਈ ਵੱਡੇ ਪਿੰਡਾਂ ਵਿੱਚ ਸਰਬਸੰਮਤੀ ਨਹੀਂ ਹੋ ਸਕੀ।
ਅੱਜ ਇਥੇ ਗੱਲਬਾਤ ਦੌਰਾਨ ਰੂਪਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ 41 ਪਿੰਡਾਂ ਦੀ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਵਿੱਚ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਹੈ। ਉਹ ਇਨ੍ਹਾਂ ਪਿੰਡਾਂ ਦੇ ਵਿਕਾਸ ਵੱਲ ਉਚੇਚੇ ਤੌਰ ’ਤੇ ਧਿਆਨ ਦੇਣਗੇ। ਜਿਨ੍ਹਾਂ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਹੋਣੀਆਂ ਹਨ, ਉਨ੍ਹਾਂ ਦਾ ਵੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਸਰਕਾਰ ਸਨਮਾਨ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਨੀ ਵੱਡੀ ਗਿਣਤੀ ਵਿੱਚ ਸਰਬਸੰਮਤੀ ਨਾਲ ਸਰਪੰਚ ਅਤੇ ਪੰਚ ਬਣੇ ਹਨ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਦੀਆਂ ਸਮੱਸਿਆਵਾਂ ਜਾ ਹੋਰ ਮਸਲੇ ਹੋਣਗੇ ਉਨ੍ਹਾਂ ਦਾ ਨਿਪਟਾਰਾ ਵੀ ਪਿੰਡਾਂ ਵਿੱਚ ਹੋਵੇਗਾ। ਸ੍ਰੀ ਚੱਢਾ ਨੇ ਕਿਹਾ ਕਿ ਵਿਕਾਸ ਪੱਖੋ ਕੋਈ ਕਮੀ ਨਹੀਂ ਛੱਡੀ ਜਾਵੇਗੀ।