ਦਿਆਲਪੁਰ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਵਿਧਾਇਕ ਬਲਕਾਰ ਸਿੰਘ ਨੂੰ ਮਿਲੀ
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 11 ਅਕਤੂਬਰ
ਇਲਾਕੇ ਦੇ ਕਈ ਪਿੰਡਾਂ ਵਿੱਚ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪਿੰਡ ਦਿਆਲਪੁਰ ਵਿੱਚ ਵੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ। ਇਸ ਨਵੀਂ ਪੰਚਾਇਤ ਨੇ ਵਿਧਾਇਕ ਬਲਕਾਰ ਸਿੰਘ ਨਾਲ ਮੁਲਾਕਾਤ ਕੀਤੀ।
ਦੂਜੇ ਪਾਸੇ, ਜਲੰਧਰ ਪੱਛਮੀ ਬਲਾਕ ਜੋ ਵਿਧਾਨ ਸਭਾ ਹਲਕਾ ਕਰਤਾਰਪੁਰ ਵਜੋਂ ਜਾਣਿਆ ਜਾਂਦਾ ਹੈ, ਅਧੀਨ ਆਉਂਦੇ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਮੌਕੇ ਮੌਜੂਦਾ ਵਿਧਾਇਕ ਸਣੇ ਸਾਬਕਾ ਵਿਧਾਇਕ ਤੇ ਸੰਸਦ ਮੈਂਬਰ ਨੇ ਪਿੰਡਾਂ ਦੇ ਵੋਟਰਾਂ ਤੋਂ ਦੂਰੀ ਬਣਾਈ ਹੋਈ ਹੈ। ਚੋਣਾਂ ਮੌਕੇ ਪਿੰਡਾਂ ਵਿੱਚ ਸਰਪੰਚੀ ਅਤੇ ਪੰਚੀ ਦੀਆਂ ਚੋਣਾਂ ਲੜ ਰਹੇ ਉਮੀਦਵਾਰ ਆਪਣੇ ਤੌਰ ’ਤੇ ਹੀ ਵੋਟਰਾਂ ਤੱਕ ਪਹੁੰਚ ਕਰ ਰਹੇ ਹਨ। ਵਿਧਾਨ ਸਭਾ ਹਲਕਾ ਕਰਤਾਰਪੁਰ ਦੀ ਤਰਾਸਦੀ ਰਹੀ ਹੈ ਕਿ ਵਿਧਾਨ ਸਭਾ ਚੋਣਾਂ ਮੌਕੇ ਹਮੇਸ਼ਾ ਹਲਕੇ ਤੋਂ ਬਾਹਰ ਰਹਿਣ ਵਾਲਾ ਉਮੀਦਵਾਰ ਹੀ ਮਿਲਿਆ ਹੈ। ਉਹ ਚੋਣਾਂ ਮੌਕੇ ਇੱਥੇ ਆਰਜ਼ੀ ਰਿਹਾਇਸ਼ ਹੀ ਬਣਾਉਂਦੇ ਹਨ।
ਇਨ੍ਹਾਂ ਤੋਂ ਇਲਾਵਾ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸਰਵਨ ਸਿੰਘ ਫਿਲੌਰ ਅਤੇ ਸਾਬਕਾ ਸੀਪੀਸੀ ਅਵਿਨਾਸ਼ ਚੰਦਰ ਦੀ ਰਿਹਾਇਸ਼ ਵੀ ਹਲਕੇ ਤੋਂ ਬਾਹਰ ਹੈ। ਇਸ ਦੇ ਨਾਲ ਹੀ ‘ਆਪ’ ਦੇ ਵਿਧਾਇਕ ਜਗਤਾਰ ਸਿੰਘ ਦੀ ਰਿਹਾਇਸ਼ ਵੀ ਹਲਕੇ ਤੋਂ ਬਾਹਰ ਹੀ ਹੈ।
ਪੰਚਾਇਤੀ ਚੋਣਾਂ ਸਬੰਧੀ ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜੇ ਹਾਕਮ ਧਿਰ ਹਲਕੇ ਦੇ ਪਿੰਡ ਵਿੱਚ ਕਿਸੇ ਸਿਆਸੀ ਦਬਾਅ ਦੀ ਵਰਤੋਂ ਕਰੇਗੀ ਤਾਂ ਉਹ ਪਾਰਟੀ ਦੇ ਵਰਕਰਾਂ ਨਾਲ ਡਟ ਕੇ ਖੜ੍ਹੇ ਹੋਣਗੇ। ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਜਨਰਲ ਅਤੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਨਿੱਝਰ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਪਿੰਡ ਪੱਧਰ ’ਤੇ ਵਰਕਰ ਲਾਮਬੰਦ ਹਨ।
ਕਾਂਗਰਸ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਪਿੰਡਾਂ ਵਿੱਚ ਡਰ ਮੁਕਤ ਹੋਣੀਆਂ ਚਾਹੀਦੀਆਂ ਹਨ।
ਨਿਰਪੱਖ ਚੋਣਾਂ ਕਰਵਾ ਰਹੀ ਹੈ ਸਰਕਾਰ: ਵਿਧਾਇਕ
ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨਿਰਪੱਖ ਹੋ ਕੇ ਪੰਚਾਇਤੀ ਚੋਣਾਂ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਵਿੱਚ ਕੀਤੇ ਵਿਕਾਸ ਨੂੰ ਮੁੱਖ ਰੱਖਦਿਆਂ ਪਾਰਟੀਬਾਜ਼ੀ ਨੂੰ ਲਾਂਭੇ ਕਰ ਕੇ ਪਿੰਡਾਂ ਦੀਆਂ ਪੰਚਾਇਤਾਂ ਚੁਣਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਲਈ ਸੂਬਾ ਸਰਕਾਰ ਵਚਨਬੱਧ ਹੈ।