ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਖ਼ਿਲਾਫ਼ ਨਿੱਤਰੀ ਮਾਨਾਂਵਾਲਾ ਕਲਾਂ ਦੀ ਪੰਚਾਇਤ

07:40 AM Jan 05, 2025 IST
ਮਤੇ ਦੀ ਕਾਪੀ ਦਿਖਾਉਂਦੇ ਹੋਏ ਪਿੰਡ ਮਾਨਾਂਵਾਲਾ ਕਲਾਂ ਦੇ ਵਾਸੀ। -ਫੋਟੋ: ਸੁਨੀਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜਨਵਰੀ
ਪਿੰਡ ਮਾਨਾਂਵਾਲਾ ਕਲਾਂ ਦੀ ਪੰਚਾਇਤ ਨੇ ਮਤਾ ਪਾਸ ਕਰਕੇ ਪਿੰਡ ਵਿੱਚ ਨਸ਼ਾ ਵੇਚਣ, ਖਰੀਦਣ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਹਲਕਾ ਅਟਾਰੀ ਦੇ ਵੇਰਕਾ ਬਲਾਕ ਹੇਠ ਆਉਂਦੇ ਪਿੰਡ ਮਾਨਾਂਵਾਲਾ ਕਲਾਂ ਦੀ ਪੰਚਾਇਤ ਵੱਲੋਂ ਸਰਬਸੰਮਤੀ ਨਾਲ ਨਵੇਂ ਸਾਲ ਦੇ ਮੌਕੇ ਮਤਾ ਪਾਸ ਕੀਤਾ ਗਿਆ ਹੈ। ਇਸ ’ਤੇ ਸਰਪੰਚ ਸਤਨਾਮ ਸਿੰਘ ਲਾਲਾ, ਪੰਚ ਨਵਰੂਪ ਸਿੰਘ, ਰਣਜੀਤ ਸਿੰਘ, ਹਰਜੀਤ ਕੌਰ, ਰਾਜਵਿੰਦਰ ਕੌਰ, ਅਤਿੰਦਰ ਪਾਲ ਸਿੰਘ ਦੇ ਦਸਤਖ਼ਤ ਹਨ।
ਅੰਮ੍ਰਿਤਸਰ-ਜਲੰਧਰ ਜੀਟੀ ਰੋਡ ’ਤੇ ਸ਼ਹਿਰ ਦੇ ਨਾਲ ਲਗਦੇ ਇਸ ਪਿੰਡ ਵਿੱਚ ਲਗਪਗ 4 ਹਜ਼ਾਰ ਤੋਂ ਵੱਧ ਦੀ ਆਬਾਦੀ ਹੈ। ਸਰਪੰਚ ਸਤਨਾਮ ਸਿੰਘ ਲਾਲਾ ਨੇ ਦੱਸਿਆ ਕਿ ਪੰਚਾਇਤ ਵੱਲੋਂ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਕਿ ਪਿੰਡ ਵਿੱਚ ਨਸ਼ਾ ਵੇਚਣ, ਖਰੀਦਣ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਚਾਇਤ ਵੱਲੋਂ ਪਿੰਡ ਦੇ ਸਟੇਡੀਅਮ ਦਾ ਨਾਂ ਡਾ. ਮਨਮੋਹਨ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ। ਇੱਕ ਹੋਰ ਮਤੇ ਰਾਹੀਂ ਗਰੀਬ ਪਰਿਵਾਰਾਂ ਦੇ ਮੁੰਡੇ-ਕੁੜੀਆਂ ਜੋ ਪੜ੍ਹਾਈ ਵਿੱਚ ਚੰਗੇ ਹਨ, ਉਨ੍ਹਾਂ ਨੂੰ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਲਈ ਪੰਚਾਇਤ ਵੱਲੋਂ ਅਤੇ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੜ੍ਹਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਗਰੀਬ ਪਰਿਵਾਰਾਂ ਦੀਆਂ ਕੁੜੀਆਂ ਨੂੰ 3100 ਰੁਪਏ ਐੱਫਡੀ ਵਜੋਂ ਦੇਣ ਅਤੇ ਉਸ ਪਰਿਵਾਰ ਵੱਲੋਂ ਇੱਕ ਪੌਦਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਪਿੰਡ ਵਿੱਚ ਪ੍ਰੋਗਰਾਮ ਦੌਰਾਨ ਡੀਜੇ ਵਜਾਉਣ ਦਾ ਸਮਾਂ ਰਾਤ 11 ਵਜੇ ਤੱਕ ਰੱਖਿਆ ਗਿਆ ਹੈ ਅਤੇ ਉਲੰਘਣਾ ਕਰਨ ਵਾਲੇ ਖ਼ਿਲਾਫ਼ ਜੁਰਮਾਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਪਿੰਡ ਦੇ ਆਗੂ ਸੁਖਰਾਜ ਸਿੰਘ ਰੰਧਾਵਾ ਨੇ ਕਿਹਾ ਕਿ ਪਿੰਡ ਵਿੱਚ ਨਸ਼ਾ ਵੇਚਣ, ਖਰੀਦਣ ਤੇ ਕਰਨ ਵਾਲਿਆਂ ਦੀ ਪਛਾਣ ਕਰਕੇ ਮੁੱਢਲੇ ਤੌਰ ’ਤੇ ਉਨ੍ਹਾਂ ਨੂੰ ਸਮਝਾਇਆ ਜਾਵੇਗਾ। ਸਹਿਯੋਗ ਨਾ ਦੇਣ ’ਤੇ ਉਨ੍ਹਾਂ ਦੇ ਨਾਂ ਜਨਤਕ ਕੀਤੇ ਜਾਣਗੇ। ਪਿੰਡ ਵਿੱਚ ਇਸ ਸਬੰਧੀ ਬੋਰਡ ਲਾਏ ਜਾਣਗੇ ਅਤੇ ਲੋੜ ਪਈ ਤਾਂ ਭੁੱਖ ਹੜਤਾਲ ਵੀ ਕੀਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।

Advertisement

Advertisement