ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਨਵੰਬਰ
ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਬਲਾਕ ਕੱਥੂਨੰਗਲ ਦੇ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ ਸਾਲ 2019-2024 ਤੱਕ ਪਿੰਡ ਮਾਹਣੀਆਂ ਕੋਹਾੜਾ ਦਾ ਸਰਪੰਚ ਸੀ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਤੋਂ ਵਿਕਾਸ ਗਰਾਂਟਾਂ ਪ੍ਰਾਪਤ ਹੋਈਆਂ ਸਨ। ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕੀਤੇ ਸਨ ਅਤੇ ਬਾਅਦ ਵਿੱਚ ਇਸ ਨੂੰ ਨਕਦੀ ਰੂਪ ਵਿੱਚ ਲੈ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਫ਼ਸਰ ਵੱਲੋਂ ਉਕਤ ਵਿਕਾਸ ਫੰਡਾਂ ਵਿੱਚੋਂ 1,25,000 ਰੁਪਏ ਦੇ ਯੂਜ਼ਰ ਸਰਟੀਫ਼ਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।