For the best experience, open
https://m.punjabitribuneonline.com
on your mobile browser.
Advertisement

ਪੰਚਾਇਤਾਂ ਬਿਨਾਂ ਕਿਸੇ ਦਬਾਅ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ: ਕਟਾਰੂਚੱਕ

06:01 AM Nov 20, 2024 IST
ਪੰਚਾਇਤਾਂ ਬਿਨਾਂ ਕਿਸੇ ਦਬਾਅ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ  ਕਟਾਰੂਚੱਕ
ਪਠਾਨਕੋਟ ਜ਼ਿਲ੍ਹੇ ਦੇ ਪੰਚਾਇਤ ਮੈਂਬਰ ਹਲਫ ਲੈਂਦੇ ਹੋਏ।
Advertisement

ਐੱਨ ਪੀ ਧਵਨ
ਪਠਾਨਕੋਟ, 19 ਨਵੰਬਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਪਠਾਨਕੋਟ ਦੇ ਨਵੇਂ ਚੁਣੇ ਗਏ 2435 ਪੰਚਾਇਤ ਮੈਂਬਰਾਂ ਨੂੰ ਉਨ੍ਹਾਂ ਦੇ ਅਹੁਦੇ ਦੀ ਸਹੁੰ ਚੁਕਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਹੱਥਾਂ ਵਿੱਚ ਕਿਤਾਬਾਂ ਦੇਣਾ ਚਾਹੁੰਦੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨਾ ਚਾਹੁੰਦੀ ਹੈ। ਇਸ ਲਈ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਪਿੰਡਾਂ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਮੂਹਰੇ ਆ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਮੂਹ ਪੰਚਾਇਤਾਂ ਬਿਨਾਂ ਕਿਸੇ ਦਬਾਅ ਤੋਂ ਮੈਰਿਟ ਦੇ ਆਧਾਰ ’ਤੇ ਪਿੰਡਾਂ ਵਿੱਚ ਸਾਂਝੀ ਥਾਂ ਬੈਠ ਕੇ ਮਤੇ ਪਾਸ ਕਰਨ ਅਤੇ ਵਿਕਾਸ ਕਾਰਜਾਂ ਲਈ ਤਜਵੀਜ਼ਾਂ ਬਣਾਉਣ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਫੰਡ ਦਿੱਤੇ ਜਾ ਸਕਣ ਜਦਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਵੀ ਦਿੱਤੇ ਜਾਣਗੇ। ਇਸ ਮੌਕੇ ਡੀਸੀ ਆਦਿੱਤਿਆ ਉਪਲ ਨੇ ਵੀ ਸਮੂਹ ਪੰਚਾਇਤ ਮੈਂਬਰਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਪਿੰਡਾਂ ਦੇ ਹਿੱਤ ਵਿੱਚ ਵਿਕਾਸ ਕਾਰਜ ਕਰਵਾਉਣ ਦਾ ਸੱਦਾ ਦਿੱਤਾ। ਇਹ ਸਾਰਾ ਸਮਾਗਮ ਏਡੀਸੀ (ਵਿਕਾਸ) ਪਰਮਜੀਤ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਕੀਤਾ ਗਿਆ ਜਦਕਿ ਐੱਸਐੱਸਪੀ ਦਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ, ਚੇਅਰਮੈਨ ਵਿਭੂਤੀ ਸ਼ਰਮਾ, ਕੈਪਟਨ ਸੁਨੀਲ ਗੁਪਤਾ ਤੇ ਵਿਕਾਸ ਸੈਣੀ, ਐੱਸਡੀਐੱਮ ਅਰਸ਼ਦੀਪ ਸਿੰਘ ਤੇ ਮੇਜਰ ਡਾ. ਸੁਮਿਤ ਮੁੱਧ ਹਾਜ਼ਰ ਸਨ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਜ਼ਿਲ੍ਹੇ ਦੇ ਨਵੇਂ ਚੁਣੇ ਗਏ 5526 ਪੰਚਾਂ ਨੂੰ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਦਲੇ ਦੀ ਰਾਜਨੀਤੀ ਤੋਂ ਉਪਰ ਉੱਠ ਕੇ ਨਵੀਂ ਸੋਚ ਨਾਲ ਹਰ ਪਿੰਡ ਵਾਸੀ ਨੂੰ ਨਾਲ ਲੈ ਕੇ ਵਿਕਾਸ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇੱਥੇ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ’ਚ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ੍ਰੀ ਧਾਲੀਵਾਲ ਨੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪਿੰਡ ਮਿਸ਼ਨ ਨਾਲ ਜੁੜਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ। ਕੈਬਨਿਟ ਮੰਤਰੀ ਨੇ ਵੱਧ ਤੋਂ ਵੱਧ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਪਿੰਡਾਂ ਦੀ ਆਬੋ ਹਵਾ ਨੂੰ ਸਾਫ਼ ਰੱਖਣ, ਤਰਲ ਕੂੜਾ ਪ੍ਰਬੰਧਨ ਤਹਿਤ ਪਿੰਡਾਂ ’ਚ ਛੱਪੜਾਂ ਦਾ ਪਾਣੀ ਖੇਤੀ ਲਈ ਵਰਤਣ ਲਈ ਛੱਪੜਾਂ ਦਾ ਨਵੀਨੀਕਰਨ ਕਰਨ ਅਤੇ ਪਲਾਸਟਿਕ ਮੁਕਤ ਤੇ ਕੂੜਾ ਕਰਕਟ ਰਹਿਤ ਆਲਾ-ਦੁਆਲਾ ਸਿਰਜਣ ਲਈ ਠੋਸ ਕੂੜਾ ਪ੍ਰਬੰਧਨ ਦੇ ਪ੍ਰਾਜੈਕਟ ਚਲਾਏ ਜਾਣ ਉੱਤੇ ਜ਼ੋਰ ਦਿੱਤਾ। ਸਮਾਗਮ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਸਾਈਂ ਗਰੁੱਪ ਵੱਲੋਂ ਇੱਕ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ ਅਤੇ ਢਾਡੀ ਜਥੇ ਨੇ ਸ਼ਹੀਦਾਂ ਦੀ ਗਾਥਾ ਗਾ ਕੇ ਰੰਗ ਬੰਨ੍ਹਿਆ। ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਜਸਬੀਰ ਸਿੰਘ ਸੰਧੂ, ਦਲਬੀਰ ਸਿੰਘ ਟੌਂਗ ਅਤੇ ਐਡਵੋਕੇਟ ਰਾਜੀਵ ਮਦਾਨ ਨੇ ਵੀ ਸੰਬੋਧਨ ਕੀਤਾ।
ਜਲੰਧਰ (ਹਤਿੰਦਰ ਮਹਿਤਾ): ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਪਿੰਡ ਜੰਡਿਆਲਾ ਦੇ ਖੇਡ ਸਟੇਡੀਅਮ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੀਆਂ ਚੁਣੀਆਂ ਗਈਆਂ 890 ਗ੍ਰਾਮ ਪੰਚਾਇਤਾਂ ਦੇ 5443 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਸੀਨੀਅਰ ‘ਆਪ’ ਆਗੂ ਸਟੀਫਨ ਕਲੇਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਗ੍ਰਾਮ ਪੰਚਾਇਤਾਂ ਦੀਆਂ ਮੀਟਿੰਗਾਂ ਕਰ ਕੇ ਪੰਚਾਇਤੀ ਫੈਸਲਿਆਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ। ਹਲਕਾ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਨੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਸਹੁੰ ਚੁੱਕ ਸਮਾਗਮ ਦੀ ਮੁਬਾਰਕਬਾਦ ਦਿੱਤੀ।

Advertisement

ਕਪੂਰਥਲਾ ਵਿੱਚ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਕਪੂਰਥਲਾ ਵਿੱਚ ਸਮਾਗਮ ਮੌਕੇ ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ ਡੀਸੀ ਅਮਿਤ ਕੁਮਾਰ ਪੰਚਾਲ ਤੇ ਹੋਰ। ਕਪੂਰਥਲਾ ਵਿੱਚ ਸਮਾਗਮ ਮੌਕੇ ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ ਡੀਸੀ ਅਮਿਤ ਕੁਮਾਰ ਪੰਚਾਲ ਤੇ ਹੋਰ।

ਕਪੂਰਥਲਾ (ਜਸਬੀਰ ਸਿੰਘ ਚਾਨਾ): ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ। ਇੱਥੇ ਨਵੇਂ ਚੁਣੇ ਗਏ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਨੂੰ ਬਿਨਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦੇ ਫੈਸਲੇ ਨੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਦਾ ਮੁੱਢ ਬੰਨ੍ਹਿਆ ਹੈ। ਉਨ੍ਹਾਂ ਵਿਸ਼ੇਸ਼ ਕਰਕੇ ਪੰਚ ਚੁਣੀਆਂ ਗਈਆਂ 50 ਫੀਸਦੀ ਮਹਿਲਾਵਾਂ ਨੂੰ ਸੱਦਾ ਦਿੱਤਾ ਕਿ ਉਹ ਲੜਕੀਆਂ ਦੀ ਉਚੇਰੀ ਸਿੱਖਿਆ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦੇਣ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਤੇ ਨਿਸ਼ਠਾ ਰੱਖਦਿਆਂ ਦੇਸ਼ ਦੀ ਪ੍ਰਭੂਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਪੂਰਤੀ ਇਮਾਨਦਾਰੀ ਨਾਲ ਕਰਨ ਦੀ ਸਹੁੰ ਚੁਕਾਈ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਆਗੂ ਜੋਗਿੰਦਰ ਸਿੰਘ ਮਾਨ, ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ, ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਲਲਿਤ ਸਕਲਾਨੀ ਵੱਲੋਂ ਵੀ ਵਿਚਾਰ ਸਾਂਝੇ ਕੀਤੇ ਗਏ।

Advertisement

ਡਿਪਟੀ ਸਪੀਕਰ ਰੋੜੀ ਨੇ ਪੰਚਾਂ ਨੂੰ ਚੁਕਾਈ ਸਹੁੰ

ਨਵਾਂ ਸ਼ਹਿਰ (ਸੁਰਜੀਤ ਮਜਾਰੀ): ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਇੱਥੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466 ਪੰਚਾਇਤਾਂ ਦੇ ਨਵੇਂ ਚੁਣੇ ਗਏ 2822 ਪੰਚਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਉਨ੍ਹਾਂ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪਿੰਡਾਂ ਦੀ ਖ਼ੁਸ਼ਹਾਲੀ, ਸਰਵਪੱਖੀ ਵਿਕਾਸ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਦਿੱਤਾ ਸੱਦਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੀਤੀਆਂ ਜਾ ਰਹੀਆਂ ਨਿਵੇਕਲੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ‘ਨਵੀਂ ਉਡਾਣ- ਸੂਚਨਾ ਦੀ ਸਵਾਰੀ’ ਤਹਿਤ ਜ਼ਿਲ੍ਹੇ ਦੇ ਅਖ਼ਬਾਰਾਂ ਵੰਡਣ ਵਾਲਿਆਂ ਨੂੰ ਨਵੇਂ ਸਾਈਕਲ ਦੇ ਕੇ ਸਨਮਾਨਿਤ ਕਰਨਾ ਬੇਹੱਦ ਸ਼ਲਾਘਯੋਗ ਉਪਰਾਲਾ ਹੈ। ਇਸ ਮੌਕੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Advertisement
Author Image

sukhwinder singh

View all posts

Advertisement