ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿਆਂਗੇ: ਭਗਵੰਤ ਮਾਨ

06:56 AM Nov 20, 2024 IST
ਧੂਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ ਤੇ ਡੀਸੀ ਸੰਦੀਪ ਰਿਸ਼ੀ।

ਬੀਰਬਲ ਰਿਸ਼ੀ
ਧੂਰੀ, 19 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਜਮਹੂਰੀ ਢਾਂਚੇ ਦੀ ਨੀਂਹ ਕਰਾਰ ਦਿੰਦਿਆਂ ਪੰਜਾਬ ਦੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪਿੰਡਾਂ ਨੂੰ ਆਧੁਨਿਕ ਵਿਕਾਸ ਦੇ ਧੁਰੇ ’ਚ ਤਬਦੀਲ ਕਰਨ ਲਈ ਆਖਿਆ। ਮੁੱਖ ਮੰਤਰੀ ਅੱਜ ਪੁਲੀਸ ਸਿਖਲਾਈ ਕੇਂਦਰ ਲੱਡਾ ਕੋਠੀ ’ਚ ਜ਼ਿਲ੍ਹਾ ਸੰਗਰੂਰ ਦੀਆਂ 422 ਪੰਚਾਇਤਾਂ ’ਚੋਂ ਚੁਣ ਕੇ ਆਏ 3198 ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਭਗਵੰਤ ਮਾਨ ਨੇ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਕਰਨ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪਾਰਦਰਸ਼ਤਾ ਲਈ ਹਰ ਪਿੰਡ ’ਚ ਗ੍ਰਾਮ ਸਭਾਵਾਂ ਦੇ ਇਜਲਾਸ ਸੱਦਣ ਦੀ ਕਾਨੂੰਨੀ ਪ੍ਰਕਿਰਿਆ ਲਾਗੂ ਕਰਨ ਲਈ ਪ੍ਰੇਰਿਆ।
ਉਨ੍ਹਾਂ ਦੱਸਿਆ ਕਿ ਸਰਪੰਚਾਂ ਨੂੰ ਪਹਿਲਾਂ ਹੀ ਸਹੁੰ ਚੁਕਾਈ ਜਾ ਚੁੱਕੀ ਹੈ, ਜਦੋਂ ਕਿ ਅੱਜ ਸੂਬੇ ਦੇ 19 ਜ਼ਿਲ੍ਹਿਆਂ ’ਚ ਪੰਚਾਂ ਦੇ ਸਹੁੰ ਚੁੱਕ ਸਮਾਗਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਕੂਲਾਂ ਲਈ, ਸਟਰੀਟ ਲਾਈਟਾਂ, ਸੀਵਰੇਜ, ਪਾਣੀ ਦੀ ਨਿਕਾਸੀ ਅਤੇ ਹੋਰ ਪ੍ਰਾਜੈਕਟਾਂ ਦੇ ਮਤੇ ਪਾ ਕੇ ਦਿੱਤੇ ਜਾਣ ਤੇ ਸਰਕਾਰ ਵੱਲੋਂ ਨਵੀਆਂ ਪੰਚਾਇਤਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਸੱਤਾ ’ਚ ਆਉਣ ਤੋਂ ਪਹਿਲਾਂ ਨਹਿਰੀ ਪਾਣੀ ਸਿਰਫ਼ 21 ਫ਼ੀਸਦ ਵਰਤਿਆ ਜਾਂਦਾ ਸੀ ਅਤੇ ਹੁਣ ਖੇਤਾਂ ’ਚ ਪਾਈਪਾਂ ਪਾਉਣ ਮਗਰੋਂ ਨਹਿਰੀ ਪਾਣੀ ਵਰਤੋਂ 84 ਫ਼ੀਸਦ ਹੋ ਗਈ ਹੈ। ਉਨ੍ਹਾਂ ਮਗਨਰੇਗਾ ਤਹਿਤ 1.62 ਕਰੋੜ ਦੀ ਲਾਗਤ ਨਾਲ ਬੂਟੇ ਲਾਉਣ ਦੀ ਗੱਲ ਕਰਦਿਆਂ ਲੱਡਾ ਕੋਠੀ ਨੂੰ ਸੈਰ-ਸਪਾਟਾ ਵਜੋਂ ਵਿਕਸਿਤ ਕਰਨ ਅਤੇ ਸਰਬਸੰਮਤੀ ਨਾਲ ਜਿੱਤੀਆਂ ਪੰਚਾਇਤਾਂ ਨੂੰ ਪੰਜ ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕੀਤਾ। ਸਮਾਗਮ ਦੌਰਾਨ ਡੀਆਈਜੀ ਮਨਦੀਪ ਸਿੰਘ ਸਿੱਧੂ, ਸਮਾਲ ਸਕੇਲ ਇੰਡਸਟਰੀ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਅਸੋਕ ਕੁਮਾਰ ਲੱਖਾ, ਮੁੱਖ ਮੰਤਰੀ ਦਫ਼ਤਰ ਇੰਚਾਰਜ ਰਾਜਵੰਤ ਸਿੰਘ ਘੁੱਲੀ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਆਦਿ ­ਹਾਜ਼ਰ ਸਨ।

Advertisement

ਮੁੱਖ ਮੰਤਰੀ ਦੀ ਆਮਦ ’ਤੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੁਜ਼ਾਹਰਾ

ਲੱਡਾ ਕੋਠੀ ਨੇੜੇ ਮੁਜ਼ਾਹਰਾ ਕਰਦੇ ਹੋਏ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲੀਸ ਸਿਖਲਾਈ ਕੇਂਦਰ ਲੱਡਾ ਕੋਠੀ ’ਚ ਜ਼ਿਲ੍ਹਾ ਸੰਗਰੂਰ ਦੇ ਨਵੇਂ ਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਸ਼ਿਰਕਤ ਕਰਨ ਮੌਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁਨਾਂ ਨੇ ਆਪਣੀਆਂ ਮੰਗਾਂ ਦੇ ਹੱਕ ’ਚ ਧੂਰੀ-ਸੰਗਰੂਰ ਮੁੱਖ ਮਾਰਗ ’ਤੇ ਲੱਡਾ ਕੋਠੀ ਨੇੜੇ ਮੁਜ਼ਾਹਰਾ ਕੀਤਾ। ਸਹੁੰ ਚੁੱਕ ਸਮਾਗਮ ਖ਼ਤਮ ਹੋਣ ਮਗਰੋਂ ਮੁੱਖ ਮੰਤਰੀ ਦਾ ਕਾਫ਼ਲਾ ਜਿਉਂ ਹੀ ਲੰਘਿਆ ਤਾਂ ਪੁਲੀਸ ਨੂੰ ਝਕਾਨੀ ਦੇ ਕੇ ਜਥੇਬੰਦੀ ਦੇ ਕੁਝ ਕਾਰਕੁਨਾਂ ਨੇ ਮੁੱਖ ਮਾਰਗ ’ਤੇ ਪੁੱਜੇ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਆਗੂ ਸੁਖਵਿੰਦਰ ਢਿੱਲਵਾਂ ਨੇ ਦੱਸਿਆ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖਿਆ ਤੇ ਸਿਹਤ ਵਿਭਾਗਾਂ ’ਚ ਸੁਧਾਰ ਕਰਨ ਦਾ ਵਾਅਦਾ ਵਫ਼ਾ ਨਹੀਂ ਹੋਇਆ। ਉਨ੍ਹਾਂ ਭਰਤੀ ਕੈਲੰਡਰ ਲਾਗੂ ਕਰ ਕੇ ਹਰ ਸਾਲ ਭਰਤੀਆਂ ਕਰਨ, ਆਰਟ ਐਂਡ ਕਰਾਫ਼ਟ ਦੀਆਂ 250 ਆਸਾਮੀਆਂ ਦਾ ਲਿਖਤੀ ਪੇਪਰ ਲੈਣ, ਮਲਟੀਪਰਪਰਜ਼ ਹੈਲਥ ਵਰਕਰ (ਪੁਰਸ਼) ਦੀਆਂ ਆਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਸਮੇਤ ਕਈ ਹੋਰ ਮੰਗਾਂ ਦਾ ਜ਼ਿਕਰ ਕੀਤਾ। ਇਸ ਮੌਕੇ ਜਥੇਬੰਦੀ ਦੀਆਂ ਕਾਰਕੁਨ ਬੀਬੀਆਂ ’ਚ ਮਨਜੀਤ ਕੌਰ ਬਡਰੁੱਖਾਂ, ਮਨਜੀਤ ਕੌਰ ਦਿੜ੍ਹਬਾ, ਰਾਜਵੀਰ ਕੌਰ ਸੰਗਰੂਰ ਤੇ ਪਰਮਜੀਤ ਕੌਰ ਵੀ ਹਾਜ਼ਰ ਸਨ। ਇਸੇ ਦੌਰਾਨ ਕੋਵਿਡ-19 ਮੈਡੀਕਲ ਅਤੇ ਪੈਰਾਮੈਡੀਕਲ ਯੂਨੀਅਨ ਦੇ ਸੂਬਾਈ ਆਗੂ ਗੁਰਪਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਰਕਾਰ ਦੇ ਨੁਮਾਇੰਦੇ ਵਜੋਂ ਆਈਏਐੱਸ ਅਧਿਕਾਰੀ ਕੁਮਾਰ ਅਮਿਤ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਗੈਸਟ ਫੈਕਲਿਟੀ ਯੂਨੀਅਨ ਨੇ ਵੀ ਉਕਤ ਅਧਿਕਾਰੀ ਨਾਲ ਆਪਣੀਆਂ ਮੰਗਾਂ ਬਾਰੇ ਗੱਲਬਾਤ ਕੀਤੀ ਜਿਨ੍ਹਾਂ ਮਾਮਲਾ ਮੁੱਖ ਮੰਤਰੀ ਦੇ ਧਿਆਨ ’ਚ ਲਿਆ ਕੇ ਮਸਲਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

Advertisement
Advertisement