ਜ਼ਿਲ੍ਹਾ ਪੱਧਰੀ ਸਮਾਗਮ ’ਚ ਪੰਚਾਂ ਨੂੰ ਸਹੁੰ ਚੁਕਾਈ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 19 ਨਵੰਬਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ‘ਆਪ’ ਵਿਧਾਇਕ ਕੁਲਵੰਤ ਸਿੰਘ ਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁਹਾਲੀ ਵਿੱਚ ਨਵੇਂ ਚੁਣੇ 1924 ਪੰਚਾਂ ਨੂੰ ਅੱਜ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਚੋਣਾਂ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਲਈ ਪ੍ਰੇਰਿਆ।
ਇਸ ਮੌਕੇ ਭਾਂਖਰਪੁਰ ਦੀ ਪੰਚ ਬੰਦਨਾ ਅਤੇ ਧੜਾਕ ਕਲਾਂ ਦੀ ਪੰਚ ਮਨਪ੍ਰੀਤ ਕੌਰ ਨੂੰ ਮੰਚ ’ਤੇ ਸੱਦ ਕੇ ਹੋਰਨਾਂ ਪੰਚਾਂ ਨਾਲ ਸਹੁੰ ਚੁਕਵਾ ਕੇ ਪੰਚਾਇਤੀ ਚੋਣਾਂ ਦੌਰਾਨ ਚੁਣ ਕੇ ਆਈ 50 ਫ਼ੀਸਦੀ ਨਾਰੀ ਸ਼ਕਤੀ ਨੂੰ ਡਟ ਕੇ ਕੰਮ ਕਰਨ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਸਵਾਗਤੀ ਭਾਸ਼ਣ ਦੌਰਾਨ ਸ਼ਾਂਤੀਪੂਰਨ ਪੰਚਾਇਤੀ ਚੋਣਾਂ ਲਈ ਸਾਰਿਆਂ ਨੂੰ ਵਧਾਈ ਦਿੱਤੀ।
ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਲੀਮੈਂਟ ਨੂੰ ਦੇਸ਼ ਦੇ ਲੋਕਤੰਤਰ ਦੀ ਸਭ ਤੋਂ ਵੱਡੀ ਅਤੇ ਗਰਾਮ ਪੰਚਾਇਤ ਨੂੰ ਸਭ ਤੋਂ ਛੋਟੀ ਇਕਾਈ ਦਾ ਦਰਜਾ ਦਿੰਦਿਆਂ ਕਿਹਾ ਕਿ ਫ਼ਰਕ ਕੇਵਲ ਇੰਨਾ ਹੈ ਕਿ ਸੰਸਦ ਨੇ ਸਮੁੱਚੇ ਦੇਸ਼ ਅਤੇ ਪੰਚਾਇਤ ਨੇ ਆਪਣੇ ਪਿੰਡ ਦੀ ਭਲਾਈ ਦੇ ਫ਼ੈਸਲੇ ਲੈਣੇ ਹੁੰਦੇ ਹਨ। ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਵਾਂਗ, ਗਰਾਮ ਪੰਚਾਇਤ ਪੱਧਰ ’ਤੇ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਿਆ ਜਾਵੇ।
ਇਸ ਮੌਕੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਆਪ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੀ ਮੌਜੂਦ ਸਨ।
ਮੰਤਰੀ ਸੌਂਦ ਨੇ ਸਰਹਿੰਦ ਵਿੱਚ 2456 ਪੰਚਾਂ ਨੂੰ ਚੁਕਾਈ ਸਹੁੰ
ਫਤਹਿਗੜ੍ਹ ਸਾਹਿਬ (ਡਾ. ਹਿਮਾਂਸੂ ਸੂਦ): ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਖੇਡ ਸਟੇਡੀਅਮ ਸਰਹਿੰਦ ਵਿੱਚ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਆਂ ਚੁਣੀਆਂ ਪੰਚਾਇਤਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕ ਹਿੱਤ ਵਿੱਚ ਫ਼ੈਸਲੇ ਲੈਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਗ੍ਰਾਂਟਾਂ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਦਿਆਂ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਸੁਵਿਧਾਵਾਂ ਮੁਹੱਈਆ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦਾ ਪਿੰਡ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਹਿਮ ਰੋਲ ਹੁੰਦਾ ਹੈ ਇਸ ਲਈ ਪੰਚਾਇਤ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਹਰ ਕਾਰਜ ਨੂੰ ਲੋਕਾਂ ਦੀ ਸਲਾਹ ਨਾਲ ਕੀਤਾ ਜਾਵੇ। ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਅਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਪੰਚਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜ ਬਿਨਾਂ ਕਿਸੇ ਭੇਦ-ਭਾਵ ਤੋਂ ਕਰਨ ਦੀ ਅਪੀਲ ਕੀਤੀ।
ਪੰਚਾਇਤਾਂ ਕੋਲ ਹੁੰਦੀ ਹੈ ਅਥਾਹ ਸ਼ਕਤੀ: ਬੈਂਸ
ਰੂਪਨਗਰ (ਜਗਮੋਹਨ ਸਿੰਘ): ਇੱਥੇ ਪੁਲੀਸ ਲਾਈਨ ਰੂਪਨਗਰ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਰੂਪਨਗਰ ਦੇ 3410 ਪੰਚਾਂ ਨੂੰ ਸਹੁੰ ਚੁਕਾਈ ਗਈ। ਸ੍ਰੀ ਬੈਂਸ ਨੇ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੇ ਥੰਮ੍ਹ ਵਜੋਂ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ। ਪੰਚਾਇਤੀ ਫ਼ੈਸਲੇ ਨੂੰ ਸਾਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ਤੇ ਪੰਚਾਂ ਦਾ ਫਰਜ਼ ਬਣਦਾ ਹੈ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਤੇ ਲੋਕਾਂ ਦੀਆਂ ਇੱਛਾਵਾਂ ਦੀ ਕਦਰ ਕਰਨ। ਉਨ੍ਹਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ 131 ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਉਚੇਚੇ ਤੌਰ ’ਤੇ ਵਧਾਈ ਦਿੱਤੀ।