ਕੰਪਿਊਟਰ ਅਧਿਆਪਕਾਂ ਦੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਅੱਜ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਕੰਪਿਊਟਰ ਅਧਿਆਪਕਾਂ ਵਲੋਂ ਇਥੇ ਡੀ.ਸੀ. ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ 11ਵੇਂ ਦਿਨ ਵੀ ਜਾਰੀ ਰਹੀ। ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੈਨਲ ਮੀਟਿੰਗ ਹੋਣੀ ਸੀ ਜੋ ਕਿ ਕਿਸੇ ਕਾਰਨ ਨਹੀਂ ਹੋ ਸਕੀ। ਹੁਣ ਇਹ ਮੀਟਿੰਗ ਭਲਕੇ 12 ਸਤੰਬਰ ਨੂੰ ਹੋਵੇਗੀ। ਅੱਜ 11ਵੇਂ ਦਿਨ ਪੱਕੇ ਮੋਰਚੇ ਦੌਰਾਨ ਭੁੱਖ ਹੜਤਾਲ ਕੈਂਪ ਵਿਚ ਵੱਖ-ਵੱਖ ਜ਼ਿਲ੍ਹਿਆਂ ਤੋਂ ਕੰਪਿਊਟਰ ਅਧਿਆਪਕਾਂ ਨੇ ਸ਼ਾਮਲ ਹੋ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਪਰਮਵੀਰ ਸਿੰਘ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਪ੍ਰਦੀਪ ਮਲੂਕਾ ਆਦਿ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀ 11 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੈਨਲ ਮੀਟਿੰਗ ਤੈਅ ਹੋਈ ਸੀ ਪਰ ਇਹ ਮੀਟਿੰਗ ਅੱਜ 11 ਸਤੰਬਰ ਨੂੰ ਨਹੀਂ ਹੋ ਸਕੀ। ਇਹ ਮੀਟਿੰਗ ਇੱਕ ਦਿਨ ਅੱਗੇ ਪਾ ਦਿੱਤੀ ਗਈ ਹੈ। ਹੁਣ ਇਹ ਮੀਟਿੰਗ ਭਲਕੇ 12 ਸਤੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨਾਲ ਹੋਣ ਵਾਲੀ ਪੈਨਲ ਮੀਟਿੰਗ ਵਿਚ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿਚ ਸ਼ਾਮਲ ਕਰਕੇ ਸਾਰੇ ਬਣਦੇ ਹੱਕ ਅਤੇ ਲਾਭ ਦੇਣ ਅਤੇ ਤੁਰੰਤ ਲਾਗੂ ਕਰਨ ਦੀ ਮੰਗ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਭਲਕੇ 12 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ ਜਾਂ ਮੁਲਤਵੀ ਹੋਈ ਜਾਂ ਫ਼ਿਰ ਮੀਟਿੰਗ ਬੇਸਿੱਟਾ ਰਹੀ ਤਾਂ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਿਚ 14 ਸਤੰਬਰ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਵਿਸ਼ਾਲ ਮਹਾਂ ਰੈਲੀ ਹੋਣੀ ਤੈਅ ਹੈ। ਰੈਲੀ ਮਗਰੋਂ ਰੋਸ ਮਾਰਚ ਕਰਕੇ ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਨਰਦੀਪ ਸ਼ਰਮਾ, ਗੁਰਤੇਜ ਸਿੰਘ, ਪਰਮਿੰਦਰ ਸਿੰਘ, ਪ੍ਰਿਤਪਾਲ ਸਿੰਘ, ਕਰਮਜੀਤ ਸਿੰਘ, ਸਰਦੂਲ ਸਿੰਘ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ ਆਦਿ ਮੌਜੂਦ ਸਨ।