ਪੰਜਵੜ ਤੇ ਨਿੱਝਰ ਦੇ ਕਤਲ ਸਾਜ਼ਿਸ਼ ਕਰਾਰ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਜੂਨ
ਦਲ ਖਾਲਸਾ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕੇਂਦਰ ਅਤੇ ਸੂਬਾ ਸਰਕਾਰਾਂ ‘ਤੇ ਦੋਸ਼ ਲਾਇਆ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਬੇਲੋੜਾ ਦਖ਼ਲ ਦੇ ਰਹੀਆਂ ਹਨ ਅਤੇ ਸਰਕਾਰਾਂ ਆਪਣੇ ਲੁਕਵੇਂ ਏਜੰਡੇ ਤਹਿਤ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਦਲ ਖਾਲਸਾ ਨੇ ਲਾਹੌਰ ਵਿਚ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਅਤੇ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ‘ਸਾਜ਼ਿਸ਼’ ਕਰਾਰ ਦਿੰਦਿਆਂ ਭਾਰਤ ਦੀਆਂ ਖੁਫੀਆਂ ਏਜੰਸੀਆਂ ‘ਤੇ ਸ਼ੱਕ ਦੀ ਉਂਗਲ ਰੱਖੀ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ‘ਟਾਰਗੈਟਿਡ ਕੀਲਿੰਗ’ ਹੋਣ ਦਾ ਖਦਸ਼ਾ ਹੈ। ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਆਗੂ ਪਰਮਜੀਤ ਸਿੰਘ ਮੰਡ ਦੀ ਅਗਵਾਈ ਹੇਠ 100 ਨੌਜਵਾਨਾਂ ਦਾ ਜਥਾ ਪਹਿਲੀ ਜੁਲਾਈ ਨੂੰ ਹਰਦੀਪ ਸਿੰਘ ਨਿੱਝਰ ਦੇ ਭੋਗ ਵਿੱਚ ਸ਼ਾਮਲ ਹੋਵੇਗਾ ਅਤੇ ਉਸੇ ਦਿਨ ਕੇਂਦਰੀ ਖੁਫ਼ੀਆ ਏਜੰਸੀ ਦੇ ਅੰਮ੍ਰਿਤਸਰ ਵਿੱਚ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਦਲ ਖਾਲਸਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਖਤ ਲਿਖ ਕੇ ਨਿਰਪੱਖ ਜਾਂਚ ਤੇ ਨਿਆਂ ਦੀ ਅਪੀਲ ਕੀਤੀ ਹੈ। ਇਸ ਮੌਕੇ ਯੂਕੇ ਵਿੱਚ ਅਵਤਾਰ ਸਿੰਘ ਖੰਡਾ ਦੀ ਮੌਤ ‘ਤੇ ਵੀ ਦੁੱਖ ਪ੍ਰਗਟ ਕੀਤਾ ਗਿਆ। ਪਾਰਟੀ ਦੇ ਬੁਲਾਰੇ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀ ਦਖ਼ਲਅੰਦਾਜੀ ਨੂੰ ਰੋਕਣ ਲਈ ਠੋਸ ਤੇ ਪੁਖ਼ਤਾ ਪ੍ਰੋਗਰਾਮ ਲੈਣ ਦੀ ਲੋੜ ਹੈ। ਜਥੇਬੰਦੀ ਨੇ ਕਿਹਾ ਕਿ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਵਿਰੁੱਧ ਸਰਕਾਰ ਨਾਲ ਆਰ-ਪਾਰ ਦੀ ਲੜਾਈ ਵਿੱਢਣ ਲਈ ਸ਼੍ਰੋਮਣੀ ਕਮੇਟੀ ਨੂੰ ਪੰਥ ਦਾ ਇਕੱਠ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸੱਦਣਾ ਚਾਹੀਦਾ ਹੈ।