ਪੰਨੂ ਮਾਮਲਾ: ਅਮਰੀਕਾ ਨੇ ਭਾਰਤ ਤੋਂ ਕਾਰਵਾਈ ਬਾਰੇ ਜਾਣਕਾਰੀ ਮੰਗੀ
ਨਵੀਂ ਦਿੱਲੀ, 26 ਜੂਨ
ਬਾਇਡਨ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਅੱਜ ਕਿਹਾ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਥਿਤ ਕਤਲ ਦੀ ਨਾਕਾਮ ਸਾਜ਼ਿਸ਼ ਦੀ ਭਾਰਤੀ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਜਾਂਚ ਬਾਰੇ ਕਿਸੇ ਤਰ੍ਹਾਂ ਦੇ ਅਪਡੇਟ ਨੂੰ ਲੈ ਕੇ ਅਮਰੀਕਾ ਵੱਲੋਂ ਭਾਰਤ ’ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ।
ਅਮਰੀਕੀ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਭਾਰਤ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਇਸ ਕੇਸ ਵਿਚ ਜਵਾਬਦੇਹੀ ਚਾਹੁੰਦੇ ਹਨ। ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈੱਲ ਨੇ ਕਿਹਾ ਕਿ ਅਮਰੀਕਾ ਨੇ ਇਸ ਮਾਮਲੇ ਵਿਚ ਭਾਰਤ ਸਰਕਾਰ ਦੇ ਸਿਖਰਲੇ ਅਧਿਕਾਰੀਆਂ ਨਾਲ ਸਿੱਧਾ ਰਾਬਤਾ ਕੀਤਾ ਹੈ। ਕੈਂਪਬੈੱਲ ਨੇ ਵਰਚੁਅਲ ਮੀਡੀਆ ਬ੍ਰੀਫਿੰਗ ਦੌਰਾਨ
ਉਪਰੋਕਤ ਟਿੱਪਣੀਆਂ ਕੀਤੀਆਂ। ਕੈਂਪਬੈੱਲ ਤੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਪਿਛਲੇ ਹਫ਼ਤੇ ਭਾਰਤ ਦੌਰੇ ’ਤੇ ਆਏ ਸਨ। ਉਨ੍ਹਾਂ ਕਿਹਾ, ‘‘ਸਾਡੀ ਇਸ ਮੁੱਦੇ ’ਤੇ ਭਾਰਤ ਨਾਲ ਉਸਾਰੂ ਗੱਲਬਾਤ ਹੋਈ ਸੀ ਤੇ ਮੈਂ ਕਹਾਂਗਾ ਕਿ ਉਹ ਸਾਡੇ ਫ਼ਿਕਰਾਂ ਨੂੰ ਲੈ ਕੇ ਸੰਵੇਦਨਸ਼ੀਲ ਸਨ।’’ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਅਸੀਂ ਸਾਫ਼ ਕਰ ਦਿੱਤਾ ਹੈ ਕਿ ਅਸੀਂ ਭਾਰਤ ਸਰਕਾਰ ਕੋਲੋਂ ਜਵਾਬਦੇਹੀ ਚਾਹੁੰਦੇ ਹਾਂ ਤੇ ਅਸੀਂ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਸਬੰਧੀ ਅਪਡੇਟ ਮੰਗੀ ਹੈ।
ਅਸੀਂ ਇਸ ਮੁੱਦੇ ਨੂੰ ਲੈ ਕੇ ਭਾਰਤ ਸਰਕਾਰ ਨਾਲ ਸਿਖਰਲੇ ਪੱਧਰ ’ਤੇ ਸਿੱਧਾ ਰਾਬਤਾ ਕੀਤਾ ਹੈ।’’ ਅਮਰੀਕੀ ਸੰਘੀ ਵਕੀਲਾਂ ਨੇ ਪਿਛਲੇ ਸਾਲ ਨਵੰਬਰ ਵਿਚ ਦੋਸ਼ ਲਾਇਆ ਸੀ ਕਿ ਭਾਰਤੀ ਨਾਗਰਿਕ ਨਿਖਿਲ ਗੁਪਤਾ ਭਾਰਤ ਸਰਕਾਰ ਦੇ ਇਕ ਮੁਲਾਜ਼ਮ ਨਾਲ ਮਿਲ ਕੇ ਪੰਨੂ ਨੂੰ ਨਿਊ ਯਾਰਕ ਵਿਚ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿਚ ਸ਼ਾਮਲ ਸੀ। ਪੰਨੂ, ਜੋ ਅਤਿਵਾਦ ਦੇ ਦੋਸ਼ਾਂ ਨੂੰ ਲੈ ਕੇ ਭਾਰਤ ਵਿਚ ਲੋੜੀਂਦਾ ਹੈ, ਕੋਲ ਅਮਰੀਕਾ ਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਗੁਪਤਾ, ਜਿਸ ਨੂੰ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ 14 ਜੂਨ ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ ਗਿਆ ਸੀ। ਅਮਰੀਕਾ ਵੱਲੋਂ ਲਾਏ ਉਪਰੋਕਤ ਦੋਸ਼ਾਂ ਮਗਰੋਂ ਭਾਰਤ ਨੇ ਇਸ ਪੂਰੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਸੀ। -ਪੀਟੀਆਈ