ਪਰਾਲੀ ਮਾਮਲਾ: ਮਾਲ ਵਿਭਾਗ ਦੇ ਰਿਕਾਰਡ ਵਿੱਚ ਰੈੱਡ ਐਂਟਰੀਆਂ ਪਾਉਣ ਵਿਰੁੱਧ ਰੋਸ ਪ੍ਰਗਟਾਇਆ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 7 ਫ਼ਰਵਰੀ
ਸੰਯੁਕਤ ਕਿਸਾਨ ਮੋਰਚੇ ਦਾ ਇਕ ਵਫ਼ਦ ਅੱਜ ਇੱਥੇ ਡਿਪਟੀ ਕਮਿਸ਼ਨਰ ਦੀ ਗ਼ੈਰ ਮੌਜੂਦਗੀ ਵਿਚ ਏਡੀਸੀ ਪੂਨਮ ਸਿੰਘ ਨੂੰ ਮਿਲਿਆ। ਵਫ਼ਦ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਮਾਲ ਵਿਭਾਗ ਦੇ ਰਿਕਾਰਡ ਵਿੱਚ ‘ਰੈੱਡ ਐਂਟਰੀ’ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਇਸ ਕਵਾਇਦ ਨੂੰ ਖਤਮ ਕਰਨ ਲਈ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ। ਬੀਕੇਯੂ (ਡਕੌਂਦਾ) ਦੇ ਆਗੂ ਬਲਦੇਵ ਸਿੰਘ ਭਾਈ ਰੂਪਾ ਨੇ ਦੱਸਿਆ ਕਿ ਉਹ ਏਡੀਸੀ ਨੂੰ ਮਿਲੇ ਅਤੇ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਭਾਈ ਰੂਪਾ ਨੇ ਕਿਹਾ ਕਿ ਇਸ ਸਬੰਧ ’ਚ 19 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਦੁਆਇਆ ਸੀ ਪਰ ਇਸ ਦੇ ਉਲਟ ਬਠਿੰਡਾ ਜ਼ਿਲ੍ਹੇ ਵਿੱਚ ਤਹਿਸੀਲਦਾਰਾਂ ਵੱਲੋਂ ਮਾਲ ਮਹਿਕਮੇ ਦੇ ਪਟਵਾਰੀਆਂ ਨੂੰ ਅਜਿਹਾ ਕਰਨ ਲਈ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਏਡੀਸੀ ਰਾਹੀਂ ਡੀਸੀ ਦੇ ਨਾਂਅ ਮੰਗ ਪੱਤਰ ਦੇ ਕੇ ਇਸ ਕਾਰਵਾਈ ’ਤੇ ਫੌਰੀ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਵਾਇਦ ਜਾਰੀ ਰਹੀ ਤਾਂ ਕਿਸਾਨ ਮੋਰਚੇ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਵਫ਼ਦ ’ਚ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਕਿਰਤੀ ਕਿਸਾਨ ਯੂਨੀਅਨ (ਆਜ਼ਾਦ) ਦੇ ਕਨਵੀਨਰ ਅਮਰਜੀਤ ਹਨੀ, ਬੀਕੇਯੂ (ਮਾਨਸਾ) ਦੇ ਸੂਬਾਈ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ, ਕਿਰਤੀ ਕਿਸਾਨ ਯੂਨੀਅਨ ਬਠਿੰਡਾ ਦੇ ਕਨਵੀਨਰ ਸਵਰਨ ਸਿੰਘ ਪੂਹਲੀ ਮੌਜੂਦ ਸਨ।