ਪਰਮਪਾਲ ਸਿੱਧੂ ਤੇ ਗੁਰਪ੍ਰੀਤ ਮਲੂਕਾ ਵੱਲੋਂ ਰਾਜਪਾਲ ਨਾਲ ਮੁਲਾਕਾਤ
ਪੱਤਰ ਪ੍ਰੇਰਕ
ਬਠਿੰਡਾ, 29 ਅਗਸਤ
ਭਾਜਪਾ ਦੇ ਸੀਨੀਅਰ ਆਗੂ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਬੀਬਾ ਪਰਮਪਾਲ ਕੌਰ ਸਿੱਧੂ ਅਤੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਅੱਜ ਪੰਜਾਬ ਅਤੇ ਵਿਸ਼ੇਸ਼ ਤੌਰ ’ਤੇ ਬਠਿੰਡਾ ਖਿੱਤੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਪਰਮਪਾਲ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜ ਰਹੀ ਹੈ। ਨਿੱਤ ਦਿਨ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਲੋਕਾਂ ਨੂੰ ਲਗਾਤਾਰ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਹਨ। ਸਰਕਾਰ ਲੋਕਾਂ ਨੂੰ ਸੁਰੱਖਿਆ ਤੇ ਸੁਖਾਵਾਂ ਮਾਹੌਲ ਦੇਣ ਵਿੱਚ ਨਾਕਾਮ ਸਾਬਤ ਹੋਈ ਹੈ। ਮਲੂਕਾ ਜੋੜੀ ਨੇ ਰਾਜਪਾਲ ਨੂੰ ਇਨ੍ਹਾਂ ਮਸਲਿਆਂ ਦੇ ਹੱਲ ਲਈ ਵਿਚਾਰ ਕਰਨ ਅਤੇ ਦਖ਼ਲ ਦੇਣ ਦੀ ਮੰਗ ਕੀਤੀ। ਉਨ੍ਹਾਂ ਬਠਿੰਡਾ ਦੇ ਮਤੀ ਦਾਸ ਨਗਰ ਵਿੱਚ ਭਾਰਤੀ ਫੌਜ ਵੱਲੋਂ ਅਸਲਾ ਭੰਡਾਰ ਦੇ ਨਾਲ 1000 ਮੀਟਰ ਤੱਕ ਆਮ ਲੋਕਾਂ ਲਈ ਉਸਾਰੀ ’ਤੇ ਲਾਈ ਰੋਕ ਨੂੰ ਖ਼ਤਮ ਕਰਨ ਲਈ ਅਤੇ ਬਠਿੰਡਾ ਵਿੱਚ ਬਾਹਰੀ ਰਿੰਗ ਰੋਡ ਦੀ ਉਸਾਰੀ ਮੁਕੰਮਲ ਕਰਨ ਦੀ ਮੰਗ ਕੀਤੀ। ਮਲੂਕਾ ਜੋੜੀ ਨੇ ਦਾਆਵਾ ਕੀਤਾ ਕਿ ਸੂਬੇ ਦੇ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਇਨ੍ਹਾਂ ਮਸਲਿਆਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨਗੇ।